ਆਕਾਸ਼ ਵਿਜੇਵਰਗੀਯ ਦੀ ਹਰਕਤ ‘ਤੇ ਬੋਲੇ ਮੋਦੀ, ਕਿਹਾ- ਕਿਸੇ ਦਾ ਵੀ ਬੇਟਾ ਹੋਵੇ ਪਾਰਟੀ ‘ਚੋਂ ਕੱਢ ਦੇਣਾ ਚਾਹੀਦਾ ਹੈ

ਨਵੀਂ ਦਿੱਲੀ, 2 ਜੁਲਾਈ- ਮੱਧ ਪ੍ਰਦੇਸ਼ ‘ਚ ਭਾਜਪਾ ਨੇਤਾ ਕੈਲਾਸ਼ ਵਿਜੇਵਰਗੀਯ ਦੇ ਬੇਟੇ ਅਤੇ ਵਿਧਾਇਕ ਆਕਾਸ਼ ਵਿਜੇਵਰਗੀਯ ਵਲੋਂ ਬੱਲੇ (ਬੈਟ) ਨਾਲ ਨਗਰ ਨਿਗਮ ਅਧਿਕਾਰੀ ਦੀ ਕੁੱਟਮਾਰ ਦੇ ਮਾਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਖ਼ਤੀ ਦਿਖਾਈ ਹੈ। ਉਨ੍ਹਾਂ ਨੇ ਆਕਾਸ਼ ਦਾ ਨਾਂ ਲਏ ਬਿਨਾਂ ਕਿਹਾ ਕਿ ਉਹ ਚਾਹੇ ਕਿਸੇ ਦਾ ਵੀ ਬੇਟਾ ਕਿਉਂ ਨਾ ਹੋਵੇ, ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਇਆ ਜਾਣਾ ਚਾਹੀਦਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਦਿੱਲੀ ‘ਚ ਭਾਜਪਾ ਦੇ ਸੰਸਦੀ ਦਲ ਦੀ ਬੈਠਕ ‘ਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਕਿਸੇ ਦਾ ਵੀ ਬੇਟਾ ਹੋਵੇ, ਉਸ ਦੀ ਇਹ ਹਰਕਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਉਸ ਦਾ ਸਵਾਗਤ ਕੀਤਾ ਹੈ, ਉਨ੍ਹਾਂ ਨੂੰ ਪਾਰਟੀ ‘ਚ ਰਹਿਣ ਦਾ ਕੋਈ ਹੱਕ ਨਹੀਂ ਹੈ। ਸਾਰਿਆਂ ਨੂੰ ਪਾਰਟੀ ‘ਚੋਂ ਕੱਢ ਦੇਣਾ ਚਾਹੀਦਾ ਹੈ। ਇਸ ਸੰਬੰਧੀ ਭਾਜਪਾ ਦੇ ਸੰਸਦ ਮੈਂਬਰ ਆਰ. ਪੀ. ਰੂਡੀ ਨੇ ਦੱਸਿਆ ਕਿ ਭਾਜਪਾ ਦੇ ਸੰਸਦੀ ਦਲ ਦੀ ਬੈਠਕ ‘ਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਬੁਰਾ ਵਤੀਰਾ ਜਿਹੜਾ ਪਾਰਟੀ ਦੇ ਅਕਸ ਨੂੰ ਖ਼ਰਾਬ ਕਰਦਾ ਹੈ, ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੋਦੀ ਨੇ ਕਿਹਾ ਕਿ ਜੇਕਰ ਕੋਈ ਕੁਝ ਗ਼ਲਤ ਕਰਦਾ ਹੈ ਤਾਂ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਹ ਸਾਰਿਆਂ ‘ਤੇ ਲਾਗੂ ਹੁੰਦਾ ਹੈ।