ਗੁਰਦੁਆਰਾ ਚਰਨ ਕਮਲ ਸਾਹਿਬ ਵਿਖੇ ਪੰਜਵੇਂ ਅਤੇ ਨੌਵੇਂ ਗੁਰੂ ਦਾ ਮਨਾਇਆ ਪ੍ਰਕਾਸ਼ ਦਿਹਾੜਾ
ਮਲੋਟ:- ਮਲੋਟ ਦੇ ਲਾਗਲੇ ਪਿੰਡ ਦਾਨੇਵਾਲਾ ਦੇ ਘੁਮਿਆਰਾ ਰੋਡ ਤੇ ਸਥਿਤ ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਵਿਖੇ ਬੀਤੇ ਦਿਨ ਸ਼ਹੀਦਾਂ ਦੇ ਸਿਰਤਾਜ ਖਿਤਾਬ ਵਜੋਂ ਜਾਣੇ ਜਾਂਦੇ ਸਿੱਖ ਧਰਮ ਦੇ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ 23 ਅਪ੍ਰੈਲ ਨੂੰ ਪ੍ਰਕਾਸ਼ ਦਿਹਾੜਾ ਅਤੇ ਨੌਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਈ ਗੁਰਬੀਰ ਸਿੰਘ ਮਲੇਸ਼ੀਆ ਵਾਲਿਆਂ ਦੇ ਰਾਗੀ ਜੱਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ।
ਇਸ ਦੌਰਾਨ ਗੁਰੂਘਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਜੀਤ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਪੀੜੀ ਨੂੰ ਬਾਣੀ ਤੇ ਬਾਣੇ ਨਾਲ ਜੋੜਣ ਲਈ ਅਤੇ ਸਿੱਖੀ ਅਸੂਲਾਂ ਤੇ ਪਹਿਰਾ ਦੇਣ ਲਾਇਕ ਬਣਾਉਣ ਲਈ ਸਿੱਖ ਇਤਿਹਾਸਿਕ ਦਿਹਾੜਿਆਂ ਮੌਕੇ ਆਧੁਨਿਕ ਸਾਧਨਾਂ ਮੋਬਾਇਲ ਅਤੇ ਸ਼ੋਸ਼ਲ ਮੀਡੀਆ ਜ਼ਰੀਏ ਪ੍ਰਚਾਰ ਕਰਨਾ ਬਹੁਤ ਜ਼ਰੂਰੀ ਹੈ, ਤਾਂ ਜੋ ਨੌਜਵਾਨ ਆਪਣੇ ਮਹਾਨ ਸਿੱਖ ਵਿਰਸੇ ਨੂੰ ਸਮਝ ਕੇ ਇਸ ਤੇ ਪਹਿਰਾ ਦੇ ਸਕਣ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਹਰਪ੍ਰੀਤ ਸਿੰਘ ਹੈਪੀ, ਕਾਕਾ ਜਗਮੀਤ ਸਿੰਘ ਅਤੇ ਸੁਰਿੰਦਰ ਸਿੰਘ ਬੱਗਾ ਆਦਿ ਕਮੇਟੀ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਿਰ ਸੀ।
Author : Malout Live