ਨਸ਼ਾ ਸਰੀਰਕ, ਮਾਨਸਿਕ ਅਤੇ ਸਮਾਜਿਕ ਤੌਰ ਤੇ ਵਿਅਕਤੀ ਨੂੰ ਕਰਦਾ ਹੈ ਕਮਜੋਰ – ਡਾ. ਰੰਜੂ ਸਿੰਗਲਾ
ਮਲੋਟ: ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਨਸ਼ੇ ਛੁਡਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰੰਜੂ ਸਿੰਗਲਾ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਅਤੇ ਸਿਵਲ ਹਸਪਤਾਲ ਮਲੋਟ ਵਿਖੇ ਨਸ਼ਾ ਛੁਡਾਓ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿੱਥੇ ਬਿਨ੍ਹਾਂ ਤਕਲੀਫ਼ ਦਾਖਲ ਕਰਕੇ ਮੁਫਤ ਨਸ਼ੇ ਛੁਡਾਏ ਜਾਂਦੇ ਹਨ। ਇਸ ਤੋਂ ਇਲਾਵਾ ਜੋ ਮਰੀਜ਼ ਕਿਸੇ ਕਾਰਨ ਕਰਕੇ ਦਾਖਲ ਨਹੀਂ ਹੋ ਸਕਦੇ, ਉਹਨਾਂ ਦਾ ਓ.ਪੀ.ਡੀ. ਬੇਸ ‘ਤੇ ਨਸ਼ਾ ਛੁਡਾਉਣ ਲਈ ਜ਼ਿਲ੍ਹੇ ਵਿੱਚ 19 ਓਟ ਕਲੀਨਿਕ ਖੋਲ੍ਹੇ ਗਏ ਹਨ। ਜਿੱਥੇ ਕਿ ਨਸ਼ਾ ਛੱਡਣ ਵਾਲਿਆਂ ਨੂੰ ਮੁਫਤ ਦਵਾਈਆਂ ਦਿੱਤੀਆਂ ਜਾਂਦੀਆ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਛੁਡਾਉਣ ਲਈ ਨਸ਼ੇ ਦੇ ਪੀੜ੍ਹਿਤ ਵਿਅਕਤੀਆਂ ਨੂੰ ਪੰਜਾਬ ਸਰਕਾਰ ਵੱਲੋਂ ਨਸ਼ਾ ਛੱਡਣ ਲਈ ਦਿੱਤੀਆਂ ਜਾ ਰਹੀਆਂ ਮੁਫਤ ਸਿਹਤ ਸਹੂਲਤਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਉਨ੍ਹਾਂ ਦੇ ਨਸ਼ਾ ਛੱਡਣ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇ। ਇਸ ਮੌਕੇ ਡਾ. ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਨਸ਼ਾ ਛੁਡਾਉ ਕੇਂਦਰਾਂ ਅਤੇ ਓਟ ਸੈਂਟਰਾਂ ਵਿੱਚ ਆਉਣ ਵਾਲੇ ਨਸ਼ਾ ਪੀੜ੍ਹਿਤ ਵਿਅਕਤੀਆਂ ਦੀ ਮਦਦ ਕਰਕੇ ਨਸ਼ਾ ਛੁਡਾਇਆ ਜਾਂਦਾ ਹੈ। ਜਿਸ ਦੌਰਾਨ ਉਹਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾ ਰਹੀ।
Author: Malout Live