ਸਿਹਤ ਵਿਭਾਗ ਵੱਲੋਂ ਰੁਟੀਨ ਟੀਕਾਕਰਨ ਵਿੱਚ 12 ਮਾਰੂ ਬਿਮਾਰੀਆਂ ਤੋਂ ਬਚਾਅ ਲਈ ਕੀਤਾ ਜਾ ਰਿਹਾ ਹੈ ਮੁਫਤ ਟੀਕਾਕਰਨ- DMC ਸ਼੍ਰੀ ਮੁਕਤਸਰ ਸਾਹਿਬ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਿਹਤ ਵਿਭਾਗ ਵੱਲੋਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਟੀਕਾਕਰਨ ਪ੍ਰੋਗਰਾਮ ਅਧੀਨ ਜਿਲ੍ਹੇ ਵਿੱਚ ਹਰ ਬੁੱਧਵਾਰ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ। ਇਸ ਸੰਬੰਧ ਵਿੱਚ ਅੱਜ ਡਾ. ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ ਕਮ ਜਿਲ੍ਹਾ ਟੀਕਾਕਰਨ ਅਫਸਰ ਵੱਲੋਂ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਏ ਜਾ ਰਹੇ ਟੀਕਾਕਰਨ ਕੈਂਪਾਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਵਿੱਚ ਮਾਂ ਦੀ ਗਰਭ ਦੌਰਾਨ ਦੇਖ-ਭਾਲ ਦੇ ਨਾਲ-ਨਾਲ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਜਣੇਪੇ ਕੀਤੇ ਜਾ ਰਹੇ ਹਨ ਅਤੇ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਜਨਮ ਤੋਂ ਹੀ ਮੁਫਤ ਟੀਕਾਕਰਨ ਸ਼ੁਰੂ ਕੀਤਾ ਜਾਂਦਾ ਹੈ ਅਤੇ ਹਰ ਬੁੱਧਵਾਰ ਸਾਰੇ ਜਿਲ੍ਹੇ ਵਿੱਚ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾ ਕੇ ਬੱਚਿਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ।  

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਹੁਣ ਵਧਾ ਕੇ 12 ਮਾਰੂ ਬਿਮਾਰੀਆਂ ਦਾ ਮੁਫਤ ਟੀਕਾਕਰਨ ਕੀਤਾ ਜਾ ਰਿਹਾ ਹੈ ਜੋ ਕਿ ਵਧੀਆ ਕੁਆਲਿਟੀ ਦੀ ਵੈਕਸੀਨ ਨਾਲ ਕੀਤਾ ਜਾਂਦਾ ਹੈ ਅਤੇ ਵੈਕਸੀਨ ਦਾ ਰੱਖ ਰਖਾਵ ਦੀ ਆਨਲਾਇਨ ਨਿਗਰਾਨੀ ਕੀਤੀ ਜਾਂਦੀ ਹੈ ਤਾਂ ਜੋ ਵੈਕਸੀਨ ਦੀ ਗੁਣਵੱਤਾ ਬਰਕਰਾਰ ਰੱਖੀ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਜਾਂ ਆਪਣੇ ਨੇੜੇ ਦੇ ਘਰ੍ਹਾਂ ਦੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਵਾਉਣ ਲਈ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਕਿਉਕਿ ਜੇਕਰ ਕੁੱਝ ਬੱਚੇ ਮੁਕੰਮਲ ਟੀਕਾਕਰਨ ਤੋਂ ਵਾਂਝੇ ਰਹਿ ਜਾਂਦੇ ਹਨ ਤਾਂ ਉਸ ਬਿਮਾਰੀ ਦਾ ਖਤਰਾ ਸਮਾਜ ਤੇ ਬਣਿਆ ਰਹਿੰਦਾ ਹੈ। ਇਸ ਲਈ ਕਿਸੇ ਵੀ ਬਿਮਾਰੀ ਨੂੰ ਜੜੋਂ ਖਤਮ ਕਰਨ ਲਈ ਸਮਾਜ ਦੇ ਸਾਰੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਜਰੂਰੀ ਹੈ। ਇਸ ਲਈ ਪੋਲੀਓ ਅਤੇ ਹੋਰ ਬਿਮਾਰੀਆਂ ਨੂੰ ਸਮਾਜ ਵਿੱਚੋਂ ਜੜ੍ਹ ਤੋਂ ਖਤਮ ਕਰਨ ਲਈ ਆਪਣੇ ਅਤੇ ਸਮਾਜ ਦੇ ਸਾਰੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਨਾ ਯਕੀਨੀ ਬਣਾਇਆ ਜਾਵੇ। ਇਸ ਸਮੇਂ ਉਨ੍ਹਾ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ, ਪਿੰਡ ਅਟਾਰੀ, ਫੱਤਣਵਾਲਾ, ਵਧਾਈ, ਬਲਮਗੜ੍ਹ ਆਦਿ ਪਿੰਡਾਂ ਵਿੱਚ ਲਗਾਏ ਜਾ ਰਹੇ ਟੀਕਾਕਰਨ ਕੈਂਪਾਂ ਦਾ ਜਾਇਜ਼ਾ ਲਿਆ ਅਤੇ ਸਟਾਫ ਨੂੰ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਨ ਲਈ ਕਿਹਾ। Author: Malout Live