Punjab

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸਬੰਧੀ ਪਾਰਟੀ ਆਗੂਆਂ ਦੀ ਇੱਕ ਉਚ ਪੱਧਰੀ ਕਮੇਟੀ ਦਾ ਗਠਨ

ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਸੰਬਰ 2020 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋ ਜਾਣ ਤੇ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਪਾਰਟੀ ਦੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। 12 ਮੈਂਬਰੀ ਇਸ ਕਮੇਟੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਨੂੰ ਵੀ ਉਚੇਚੇ ਤੌਰ ਤੇ ਸ਼ਾਮਲ ਕੀਤਾ ਗਿਆ ਹੈ। ਕਮੇਟੀ ਦੇ ਬਾਕੀ ਮੈਂਬਰਾਂ ਵਿੱਚ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਚਰਨਜੀਤ ਸਿੰਘ ਅਟਵਾਲ, ਮਹੇਸਇੰਦਰ ਸਿੰਘ ਗਰੇਵਾਲ,ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ, ਡਾ. ਉਪਿੰਦਰਜੀਤ ਕੌਰ, ਬੀਬੀ ਜਗੀਰ ਕੌਰ, ਗੁਲਜਾਰ ਸਿੰਘ ਰਾਣੀਕੇ ਅਤੇ ਬਲਦੇਵ ਸਿੰਘ ਮਾਨ ਦੇ ਨਾਮ ਸ਼ਾਮਲ ਹਨ। ਇਹ ਕਮੇਟੀ ਵਿਚਾਰ ਵਟਾਂਦਰਾ ਕਰਨ ਮਗਰੋਂ ਪਾਰਟੀ ਦੇ ਸ਼ਾਨਾਮੱਤੇ ਇਤਿਹਾਸ ਅਨੁਸਾਰ ਰਿਪੋਰਟ ਤਿਆਰ ਕਰਕੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਸੌਂਪੇਗੀ।ਇਸੇ ਦੌਰਾਨ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਸਾਲ ਵੀ ਪਿਛਲੇ ਸਾਲ ਦੀ ਤਰਾਂ ਪਾਰਟੀ ਦਾ ਸਥਾਪਨਾ ਦਿਵਸ ਜੋ ਕਿ 14 ਦਸੰਬਰ, 2019 ਨੂੰ ਆ ਰਿਹਾ ਹੈ ਉਸ ਸਬੰਧ ਵਿੱਚ 12 ਦਸੰਬਰ, 2019 ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਜਿਹਨਾਂ ਦਾ ਭੋਗ 14 ਦਸੰਬਰ 2019 ਨੂੰ ਸਵੇਰੇ 9:00 ਪਾਇਆ ਜਾਵੇਗਾ। ਇਸ ਉਪਰੰਤ ਗੁਰਬਾਣੀ ਦਾ ਮਨੋਹਰ ਕੀਰਤਨ ਹੋਵੇਗਾ ਅਤੇ ਅਰਦਾਸ ਹੋਵੇਗੀ। ਉਹਨਾਂ ਕਿਹਾ ਕਿ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਸਰਗਰਮ ਵਰਕਰ ਇਸ ਸਮਾਗਮ ਵਿੱਚ ਹਿੱਸਾ ਲੈਣਗੇ।

Leave a Reply

Your email address will not be published. Required fields are marked *

Back to top button