12 ਮਾਰਚ, 2022 ਨੂੰ ਲੱਗੇਗੀ ਅਗਲੀ ਕੌਮੀ ਲੋਕ ਅਦਾਲਤ
ਮਲੋਟ:- ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਦੇ ਸਕੱਤਰ ਮਿਸ. ਅਮਨ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ 12 ਮਾਰਚ 2022 ਨੂੰ ਕੋਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਕੋਮੀ ਲੋਕ ਅਦਾਲਤ ਵਿੱਚ ਸਾਰੇ ਦਿਵਾਨੀ, ਸਮਝੌਤਾ-ਯੋਗ ਫੋਜ਼ਦਾਰੀ, ਬੈਂਕ ਰਿਕਵਰੀ, ਚੈੱਕ ਬਾਊਂਸ, ਮਜਦੂਰਾਂ ਨਾਲ ਸੰਬੰਧਤ, ਬਿਜਲੀ ਅਤੇ ਪਾਣੀ ਦੇ ਬਿੱਲਾਂ ਸੰਬੰਧੀ, ਘਰੇਲੂ ਝਗੜਿਆਂ ਸੰਬੰਧੀ ਅਤੇ ਭੌਂ-ਪ੍ਰਾਪਤੀ ਮਾਮਲੇ ਨਾਲ ਸੰਬੰਧਿਤ ਪੈਂਡਿੰਗ ਅਤੇ ਪ੍ਰੀਲਿਟੀਗੇਟਿਵ ਕੇਸ ਵਿਚਾਰੇ ਜਾਣਗੇ। ਉਨ੍ਹਾਂ ਦੱਸਿਆ ਕਿ ਜਿਹੜੇ ਲੋਕ ਆਪਣੇ ਇਨਾਂ ਵਿਸ਼ਿਆਂ ਨਾਲ ਸੰਬੰਧਿਤ ਕੇਸਾਂ ਦਾ ਲੋਕ ਅਦਾਲਤ ਰਾਹੀਂ ਨਿਪਟਾਰਾ ਚਾਹੁੰਦੇ ਹਨ ਉਹ ਸੰਬੰਧਿਤ ਕੋਰਟ ਵਿੱਚ ਜਿੱਥੇ ਉਨ੍ਹਾਂ ਦਾ ਕੇਸ ਚੱਲਦਾ ਹੈ, ਆਪਣੀ ਅਰਜੀ ਦੇ ਸਕਦੇ ਹਨ ਜਾਂ ਨਵੇਂ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣ ਲਈ ਸੰਬੰਧਿਤ ਕਾਨੂੰਨੀ ਸੇਵਾਵਾਂ ਅਥਾਰਟੀ/ਕਮੇਟੀ ਦੇ ਦਫ਼ਤਰ ਵਿੱਚ ਆਪਣੀ ਅਰਜੀ ਦੇ ਸਕਦੇ ਹਨ। ਇਸ ਮੌਕੇ ਲੋਕ ਅਦਾਲਤਾਂ ਵਿੱਚ ਕੇਸ ਲਾਉਣ ਦੇ ਲਾਭ ਬਾਰੇ ਜਾਣਕਾਰੀ ਦਿੰਦਿਆ ਮਿਸ. ਅਮਨ ਸ਼ਰਮਾ ਨੇ ਇਹ ਵੀ ਦੱਸਿਆ ਕਿ ਲੋਕ ਅਦਾਲਤ ਵਿੱਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ। ਇਸ ਵਿੱਚ ਕੋਰਟ ਫੀਸ ਵੀ ਵਾਪਸ ਹੋ ਜਾਂਦੀ ਹੈ। ਇਸ ਵਿੱਚ ਦੋਨੋਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਹੋਣ ਨਾਲ ਦੋਨੋਂ ਧਿਰਾਂ ਹੀ ਜੇਤੂ ਰਹਿੰਦੀਆਂ ਹਨ। ਲੋਕ ਅਦਾਲਤਾਂ ਰਾਹੀਂ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੇ ਫ਼ੈਸਲੇ ਨੂੰ ਸਿਵਲ ਕੋਰਟ ਦੀ ਡਿਗਰੀ ਦੇ ਬਰਾਬਰ ਹੀ ਮਾਨਤਾ ਹੈ ਅਤੇ ਇਸ ਦੇ ਫ਼ੈਸਲੇ ਅੰਤਿਮ ਹੁੰਦੇ ਹਨ ਜਿਸ ਵਿੱਚ ਕਿਤੇ ਅਪੀਲ ਵੀ ਨਹੀਂ ਹੁੰਦੀ ਹੈ ਅਤੇ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ। ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 1968 ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕਰਨ ਬਾਰੇ ਵੀ ਦੱਸਿਆ ਗਿਆ।