ਸੂਬੇ ’ਚ 12ਵੀਂ ਦੇ ਵਿਦਿਆਰਥੀਆਂ ਨੂੰ ਕੱਲ ਮਿਲਣਗੇ ਸਮਾਰਟ ਫ਼ੋਨ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ’ਚ ਪੜਦੇ 12ਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਨੂੰ 12 ਅਗਸਤ ਨੂੰ ਕੌਮਾਂਤਰੀ ਨੌਜਵਾਨ ਦਿਵਸ ਮੌਕੇ ਸਮਾਰਟ ਫ਼ੋਨ ਵੰਡਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਸਕੱਤਰ ਸਕੂਲ ਸਿੱਖਿਆ ਕਿ੍ਰਸ਼ਨ ਕੁਮਾਰ ਵਲੋਂ ਪੰਜਾਬ ਰਾਜ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਪੱਤਰ ’ਚ ਕਿਹਾ ਗਿਆ ਹੈ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ  ਵਲੋਂ ਕੌਮਾਂਤਰੀ ਨੌਜਵਾਨ ਦਿਵਸ ਮੌਕੇ 12ਵੀਂ ਜਮਾਤ ’ਚ ਪੜਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।

ਇਸ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਕੋਵਿਡ-19 ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਆਪੋ-ਆਪਣੇ ਦਫ਼ਤਰ ’ਚ ਜਾਂ ਕਿਸੇ ਹੋਰ ਥਾਂ ’ਤੇ ਇਕ ਛੋਟਾ ਜਿਹਾ ਸਮਾਗਮ ਕਰਵਾਉਣ ਲਈ ਕਿਹਾ ਗਿਆ ਹੈ, ਜਦਕਿ ਜ਼ਿਲਾ ਸਿੱਖਿਆ ਅਧਿਕਾਰੀ (ਸੈਕੰਡਰੀ) ਨੂੰ ਇਸ ਸਬੰਧੀ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਵਿਚਾਰ-ਵਟਾਂਦਰਾ ਕਰਕੇ ਸਮਾਗਮ ਦੀ ਵਿਉਂਤਬੰਦੀ ਤਿਆਰ ਕਰਨ ਤੇ ਸਮਾਰਟ ਫ਼ੋਨ ਲੈਣ ਵਾਲੇ ਵਿਦਿਆਰਥੀਆਂ ਦੀ ਸੂਚੀ ਤਿਆਰ ਕਰਨ ਅਤੇ ਵਿਦਿਆਰਥੀਆਂ ਨੂੰ ਕੋਵਿਡ-19 ਦੇ ਸੁਰੱਖਿਆ ਉਪਾਵਾਂ ਦੀ ਪਾਲਣਾ ਕਰਦੇ ਹੋਏ ਛੋਟੇ ਸਮਾਗਮ ’ਚ ਲਿਆਉਣ ਲਈ ਪ੍ਰਬੰਧ ਪੂਰੇ ਕਰਨ ਲਈ ਕਿਹਾ ਗਿਆ ਹੈ। ਇਸ ਸਬੰਧੀ  ਜਾਣਕਾਰੀ ਦਿੰਦਿਆਂ ਜਿਲਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਬਲਜੀਤ ਕੁਮਾਰ ਅਤੇ ਉਪ ਜਿਲਾ ਸਿੱਖਿਆ ਅਫ਼ਸਰ ਕਪਿਲ ਸ਼ਰਮਾ/ਸੁਖਦਰਸ਼ਨ ਸਿੰਘ ਬੇਦੀ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਵਿੱਚ ਫੋਨ ਵੰਡੇ ਜਾ ਰਹੇ ਹਨ।ਜਿਨਾਂ ਵਿੱਚੋਂ ਕੱਲ ਪਹਿਲੇ ਦਿਨ ਡੀ.ਸੀ. ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਦਿਆਰਥਣਾਂ ਨੂੰ ਉੱਤਮ ਕੁਆਲਿਟੀ ਦੇ ਫੋਨ ਵੰਡੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਅੱਠਵੀਂ ਦਸਵੀਂ ਅਤੇ ਬਾਰਵੀਂ ਦੇ ਨਤੀਜੇ ਬੇਹਤਰੀਨ ਆਏ ਸਨ ਅਤੇ ਅੱਜ ਦੇ ਕੋਰੋਨਾ ਜਿਹੇ ਚੁਣੌਤੀਪੂਰਨ ਸਮੇਂ ਦੌਰਾਨ ਵੀ ਆਨਲਾਈਨ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ ਜਿਸ ਲਈ ਇਹ ਮੋਬਾਈਲ ਫੋਨ ਬਹੁਤ ਸਹਾਇਕ ਸਿੱਧ ਹੋਣਗੇ ।