25 ਲੱਖ ਜਾਨਵਰਾਂ ਦਾ ਕੀਤਾ ਜਾਵੇਗਾ ਟੀਕਾਕਰਨ: ਗੁਰਮੀਤ ਸਿੰਘ ਖੁੱਡੀਆਂ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲੰਪੀ ਸਕਿਨ ਬਿਮਾਰੀ ਤੋਂ ਬਚਾਓ ਦੀ ਵੱਡੀ ਟੀਕਾਕਰਨ ਮੁਹਿੰਮ ਦਾ ਆਗਾਜ਼ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇੱਥੋਂ ਰਾਜ ਪੱਧਰੀ ਸਮਾਗਮ ਦੌਰਾਨ ਕੀਤਾ। ਮਹਾਂਵੀਰ ਗਊਸ਼ਾਲਾ ਮਲੋਟ ਵਿਖੇ ਇਸ ਰਾਜ ਪੱਧਰੀ ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਸੰਬੋਧਨ ਕਰਦਿਆਂ ਸਰਦਾਰ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬੇ ਵੱਲੋਂ ਤੇਲੰਗਾਨਾ ਸਟੇਟ ਵੈਟਰਨਰੀ ਬਾਇਓਲਾਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ ਤੋਂ 78.75 ਲੱਖ ਰੁਪਏ ਦੀ ਲਾਗਤ ਨਾਲ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖੁਰਾਕਾਂ ਖਰੀਦੀਆਂ ਗਈਆਂ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਟੇਟ ਵੈਟਰਨਰੀ ਵੈਕਸੀਨ ਇੰਸਟੀਚਿਊਟ, ਲੁਧਿਆਣਾ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਵੈਕਸੀਨ ਭੇਜ ਦਿੱਤੀ ਗਈ ਹੈ। ਇਸ ਮੁਹਿੰਮ ਤਹਿਤ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਕੈਟਲ ਪੌਂਡਸ ਅਤੇ ਪ੍ਰਾਈਵੇਟ ਗਊਸ਼ਾਲਾਵਾਂ ਸਮੇਤ ਸੂਬੇ ਦੇ ਸਾਰੇ ਗਊਧਨ ਨੂੰ ਇਹ ਵੈਕਸੀਨ ਮੁਫ਼ਤ ਲਗਾਈ ਜਾਵੇਗੀ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ
ਜੁਆਇੰਟ ਡਾਇਰੈਕਟਰ ਆਰ.ਡੀ.ਡੀ.ਐੱਲ, ਜਲੰਧਰ ਨੂੰ ਨੋਡਲ ਅਫ਼ਸਰ ਵਜੋਂ ਤਾਇਨਾਤ ਕੀਤਾ ਗਿਆ ਹੈ। ਪੰਜਾਬ ਪਸ਼ੂ ਪਾਲਣ ਵਿਭਾਗ ਵੱਲੋਂ ਸੂਬਾ ਪੱਧਰ 'ਤੇ ਇਕ ਕੰਟਰੋਲ ਰੂਮ ਸਥਾਪਤ ਕਰਨ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰਾਂ ਦੇ ਦਫ਼ਤਰਾਂ ਵਿਖੇ ਜ਼ਿਲ੍ਹਾ ਪੱਧਰੀ ਕੰਟਰੋਲ (ਹੈੱਲਪਲਾਈਨ ਨੰਬਰ 0172-2217084) ਰੂਮ ਵੀ ਸਥਾਪਿਤ ਕੀਤੇ ਗਏ ਹਨ। ਗੋਟ ਪੌਕਸ ਵੈਕਸੀਨ ਦੀ ਇਹ ਬੂਸਟਰ ਡੋਜ਼ ਤੀਜੀ ਵਾਰ ਲਗਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਸ਼ੂ ਪਾਲਣ ਪੰਜਾਬੀਆਂ ਦਾ ਵਿਰਾਸਤੀ ਕਿੱਤਾ ਰਿਹਾ ਹੈ ਅਤੇ ਸਾਡੀ ਨਵੀਂ ਪੀੜੀ ਨੂੰ ਵੀ ਇਸ ਨੂੰ ਭੁਲਾਉਣਾ ਨਹੀਂ ਚਾਹੀਦਾ ਸਗੋਂ ਰਵਾਇਤੀ ਖੇਤੀ ਦੇ ਨਾਲ-ਨਾਲ ਜੇਕਰ ਪਸ਼ੂ ਪਾਲਣ ਕੀਤਾ ਜਾਵੇ ਤਾਂ ਇਹ ਕਿਸਾਨ ਪਰਿਵਾਰਾਂ ਦੀ ਆਮਦਨ ਵਧੇਤ ਦਾ ਕਾਰਨ ਬਣ ਸਕਦਾ ਹੈ। ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਾ. ਗੁਰਸ਼ਰਨਜੀਤ ਸਿੰਘ ਬੇਦੀ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ, ਜਿਲ੍ਹੇ ਦੇ ਡਿਪਟੀ ਡਾਇਰੈਕਟਰ ਡਾ. ਗੁਰਦਿੱਤ ਸਿੰਘ ਤੋਂ ਇਲਾਵਾ ਤਜਿੰਦਰ ਸਿੰਘ ਤੋਜ਼ੀ, ਗੁਰਬਾਜ ਸਿੰਘ, ਹਰਦੀਪ ਸਿੰਘ, ਡਾ. ਗੁਰਦਾਸ ਸਿੰਘ, ਡਾ ਵਿਪਨ, ਡਾ. ਵਿਨੀਤ ਜੋਸ਼ੀ, ਡਾ. ਕੇਵਲ ਸਿੰਘ, ਡਾ. ਪੁਰਸ਼ੋਤਮ ਮਾਂਝੀ, ਡਾ. ਅਮਿਤ ਨੈਨ, ਮਨਵਿੰਦਰ ਸਿੰਘ ਐੱਸ.ਵੀ.ਆਈ ਤੋਂ ਇਲਾਵਾ ਮਨਪ੍ਰੀਤ ਸਿੰਘ ਹਾਜ਼ਿਰ ਸਨ। Author: Malout Live