ਕਾਲੇ ਖੇਤੀ ਕਾਨੂੰਨ ਖਿਲਾਫ਼ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 597 ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦਿੱਤੀਆਂ- ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 597 ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 597 ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਇਹ ਕਦਮ ਪੰਜਾਬ ਸਰਕਾਰ ਦੀ ਕਿਸਾਨ ਭਾਈਚਾਰੇ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦਾ ਹੈ। ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਤਿੰਨ ਪਰਿਵਾਰਕ ਮੈਂਬਰਾਂ ਨੂੰ ਇੱਥੇ ਨਿਯੁਕਤੀ ਪੱਤਰ ਸੌਂਪੇ।
ਇਨ੍ਹਾਂ ਨੂੰ ਖੇਤੀਬਾੜੀ ਵਿਭਾਗ ਦੇ ਅੰਕੜਾਂ ਵਿੰਗ ਵਿੱਚ ਅੰਕੜਾ ਗਿਣਤੀਕਾਰ ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਵ-ਨਿਯੁਕਤ ਕਰਮਚਾਰੀਆਂ ਵਿੱਚ ਫਾਜ਼ਿਲਕਾ ਜ਼ਿਲ੍ਹੇ ਤੋਂ ਜਸਵਿਪਨ ਕੰਬੋਜ, ਤਰਨਤਾਰਨ ਜ਼ਿਲ੍ਹੇ ਤੋਂ ਰਮਨਦੀਪ ਕੌਰ ਅਤੇ ਜਲੰਧਰ ਜ਼ਿਲ੍ਹੇ ਤੋਂ ਪਰਵਿੰਦਰ ਕੌਰ ਸ਼ਾਮਿਲ ਹਨ। ਇਨ੍ਹਾਂ ਨੂੰ ਭਵਿੱਖ ਲਈ ਸ਼ੁੱਭ-ਇੱਛਾਵਾਂ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੰਜਾਬ ਦੇ ਵਿਕਾਸ ਲਈ ਪੂਰੀ ਇਮਾਨਦਾਰੀ ਤੇ ਲਗਨ ਨਾਲ ਕੰਮ ਕਰਨ ਅਤੇ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਕੁਸ਼ਲ ਸੇਵਾਵਾਂ ਪ੍ਰਦਾਨ ਕਰਨ ਲਈ ਕਿਹਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ 50,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਜੋ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।
Author : Malout Live