ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਸ਼੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਲਈ 6.76 ਕਰੋੜ ਰੁਪਏ ਦੀ ਰਕਮ ਜਾਰੀ- ਗੁਰਮੀਤ ਸਿੰਘ ਖੁੱਡੀਆਂ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਉਣੀ ਦੇ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਲਈ 6 ਕਰੋੜ 76 ਲੱਖ 98 ਹਜਾਰ 510 ਰੁਪਏ ਜਾਰੀ ਕਰ ਦਿੱਤੇ ਹਨ। ਇਹ ਜਾਣਕਾਰੀ ਪੰਜਾਬ ਦੇ ਖੇਤੀਬਾੜੀ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ ਹੈ। ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ 45132 ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੋਈ ਸੀ। ਉਨ੍ਹਾਂ ਨੇ ਦੱਸਿਆ ਕਿ ਪੂਰੇ ਰਾਜ ਦੇ 17007 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 19.83 ਕਰੋੜ ਰੁਪਏ ਟਰਾਂਸਫਰ ਕਰ ਦਿੱਤੇ ਗਏ ਹਨ।
ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਸਾਲ 2023-24 ਦੌਰਾਨ ਸੂਬੇ ਵਿੱਚ ਕੁੱਲ 19,114 ਕਿਸਾਨਾਂ ਨੇ ਡੀ.ਐੱਸ.ਆਰ ਪੋਰਟਲ ਤੇ 1,72,049 ਏਕੜ ਰਕਬਾ ਰਜਿਸਟਰਡ ਕੀਤਾ ਸੀ। ਸੂਬਾ ਸਰਕਾਰ ਵੱਲੋਂ ਮੌਜੂਦਾ ਵਰ੍ਹੇ (2023-24) ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਹੁਣ ਇਹ ਰਕਮ ਸਿੱਧੀ ਲਾਭਪਾਤਰੀ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੜਤਾਲ ਉਪਰੰਤ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੁੱਲ 19.83 ਕਰੋੜ ਰੁਪਏ ਦੀ ਸਫ਼ਲਤਾਪੂਰਵਕ ਅਦਾਇਗੀ ਕਰ ਦਿੱਤੀ ਗਈ ਹੈ। ਇਸ ਤਰ੍ਹਾਂ ਕਿਸਾਨਾਂ ਨੂੰ 98.8 ਫ਼ੀਸਦੀ ਰਕਮ ਦੀ ਅਦਾਇਗੀ ਕਰ ਦਿੱਤੀ ਗਈ ਹੈ ਅਤੇ ਬਾਕੀ ਰਕਮ ਵੀ ਜਲਦੀ ਟਰਾਂਸਫਰ ਕਰ ਦਿੱਤੀ ਜਾਵੇਗੀ। Author: Malout Live