ਪਸ਼ੂਆਂ ਨੂੰ ਲੰਪੀ ਸਕਿੱਨ ਬਿਮਾਰੀ ਤੋਂ ਬਚਾਉਣ ਲਈ ਕੀਤਾ ਜਾ ਚੁੱਕਾ ਹੈ 70,700 ਪਸ਼ੂਆਂ ਦਾ ਟੀਕਾਕਰਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪਸ਼ੂ ਪਾਲਣ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਗਾਵਾਂ ਨੂੰ ਲੰਪੀ ਸਕਿੱਨ ਬਿਮਾਰੀ ਤੋਂ ਬਚਾਉਣ ਲਈ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਤਹਿਤ 20 ਦਿਨਾਂ ਵਿੱਚ 70,700 ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਗੁਰਦਿੱਤ ਸਿੰਘ ਔਲਖ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸ. ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ, ਪੰਜਾਬ ਅਤੇ ਸ਼੍ਰੀ ਵਿਕਾਸ ਪ੍ਰਤਾਪ ਵਧੀਕ ਮੁੱਖ ਸਕੱਤਰ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਪੰਜਾਬ ਸਰਕਾਰ ਦੀ ਅਗਵਾਈ ਵਿੱਚ ਤੇਲੰਗਾਨਾ ਸਟੇਟ ਵੈਟਨਰੀ ਬਾਇਓਲੌਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ ਤੋਂ 78.75 ਲੱਖ ਰੁਪਏ ਦੀ ਲਾਗਤ ਨਾਲ ਗੋਟ ਪੋਕਸ ਵੈਕਸੀਨ ਦੀਆਂ 25 ਲੱਖ ਖੁਰਾਕਾਂ ਖਰੀਦੀਆਂ ਹਨ। ਉਹਨਾਂ ਕਿਹਾ ਕਿ ਡਾ. ਗੁਰਸ਼ਰਨਜੀਤ ਸਿੰਘ ਬੇਦੀ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਘਰ-ਘਰ ਅੰਦਰ ਜਾ ਕੇ ਗੋਕਿਆਂ ਦਾ ਟੀਕਾਕਰਨ ਕਰਨ ਲਈ ਜਿਲ੍ਹੇ ਵਿੱਚ 34 ਟੀਮਾਂ ਦਾ ਗਠਨ ਕੀਤਾ ਗਿਆ ਹੈ।

ਡਾ. ਗੁਰਦਿੱਤ ਸਿੰਘ ਔਲਖ ਸਹਾਇਕ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਇਸ ਟੀਕਾਕਰਨ ਮੁਹਿੰਮ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਗੋਟ ਪੋਕਸ ਵੈਕਸੀਨ ਦੀਆਂ 80,400 ਖੁਰਾਕਾਂ ਭੇਜੀਆ ਗਈਆਂ ਹਨ। ਉਹਨਾਂ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਜਿਲ੍ਹੇ ਦੇ ਸਾਰੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਘਰ-ਘਰ ਜਾ ਕੇ ਗਾਵਾਂ ਦਾ ਟੀਕਾਕਰਨ ਬਿਲਕੁੱਲ ਮੁਫਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਜਿਲ੍ਹੇ ਦੀਆਂ ਸਾਰੀਆਂ ਗਊਸ਼ਾਲਾਵਾਂ ਵਿਚਲੇ ਸਾਰੇ ਗਊਵੰਸ਼ ਦਾ ਟੀਕਾਕਰਨ ਵੀ ਬਿਲਕੁੱਲ ਮੁਫਤ ਕੀਤਾ ਜਾ ਰਿਹਾ ਹੈ। ਡਾ. ਗੁਰਦਿੱਤ ਸਿੰਘ ਔਲਖ ਨੇ ਜਿਲ੍ਹੇ ਦੇ ਸਮੁੱਚੇ ਸਟਾਫ ਨੂੰ ਗਊਵੰਸ਼ ਦੇ 100 ਫੀਸਦੀ ਟੀਕਾਕਰਨ ਨੂੰ ਮਿੱਥੇ ਸਮੇਂ ਵਿੱਚ ਯਕੀਨੀ ਬਣਾਉਣ ਲਈ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਜਾਰੀ ਕੀਤੀ। ਉਹਨਾਂ ਨੇ ਪਸ਼ੂ ਪਾਲਕਾਂ ਨੂੰ ਇਸ ਮੁਹਿੰਮ ਲਈ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕਰਦਿਆ ਕਿਹਾ ਕਿ ਇਸ ਟੀਕਾਕਰਨ ਦਾ ਪਸ਼ੂਆਂ ਉੱਪਰ ਕੋਈ ਦੁਰਪ੍ਰਭਾਵ ਨਹੀਂ ਪੈਂਦਾ ਸਗੋਂ ਗੋਕਿਆਂ ਨੂੰ ਅਗਾਊ ਟੀਕਾਕਰਨ ਕਰਵਾਉਣ ਨਾਲ ਇਸ ਬਿਮਾਰੀ ਨਾਲ ਹੋਣ ਵਾਲੇ ਆਰਥਿਕ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ। Author: Malout Live