ਸ਼੍ਰੀ ਮੁਕਤਸਰ ਸਾਹਿਬ ਸਣੇ ਤਿੰਨ ਜਿਲ੍ਹਿਆਂ ਵਿੱਚ ਇੱਕਸਾਰ ਚੱਲਿਆ ਸਰਚ ਆਪ੍ਰੇਸ਼ਨ
ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਮਨ-ਕਾਨੂੰਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਫਰੀਦਕੋਟ ਰੇਂਜ ਦੇ ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਨਾਈਟ ਡੋਮੀਨੇਸ਼ਨ ਮੁਹਿੰਮ ਚਲਾਈ ਗਈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਮਨ-ਕਾਨੂੰਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਫਰੀਦਕੋਟ ਰੇਂਜ ਦੇ ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਨਾਈਟ ਡੋਮੀਨੇਸ਼ਨ ਮੁਹਿੰਮ ਚਲਾਈ ਗਈ। ਇਸ ਦੌਰਾਨ ਸੀਨੀਅਰ ਪੁਲਿਸ ਕਪਤਾਨ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਮੰਨਿਊ ਰਾਣਾ (ਆਈ.ਪੀ.ਐੱਸ.) ਨੇ ਖੁਦ ਰਾਤ ਸਮੇਂ ਮੈਦਾਨ ਵਿੱਚ ਰਹਿ ਕੇ ਨਾਕਿਆਂ, ਪੁਲਿਸ ਥਾਣਿਆਂ, ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੁਹਿੰਮ ਦੌਰਾਨ ਵੱਡੀ ਗਿਣਤੀ ਵਿੱਚ ਨਾਕਾਬੰਦੀ ਕਰਕੇ ਵਾਹਨਾਂ ਦੀ ਸਖ਼ਤ ਚੈਕਿੰਗ ਕੀਤੀ ਗਈ ਅਤੇ ਬਿਨ੍ਹਾਂ ਨੰਬਰ ਪਲੇਟ, ਮੋਡੀਫਾਈਡ ਸਾਇਲੈਂਸਰ ਵਾਲੇ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾਂ ਕਰਨ ਵਾਲੇ ਵਾਹਨਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਗਈ।
ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ 'ਤੇ ਸ਼ੱਕੀ ਵਿਅਕਤੀਆਂ ਅਤੇ ਲਾਵਾਰਿਸ ਵਾਹਨਾਂ ਦੀ ਜਾਂਚ ਕੀਤੀ ਗਈ, ਜਦਕਿ ਪੀ.ਸੀ.ਆਰ ਟੀਮਾਂ ਵੱਲੋਂ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿੱਚ ਲਗਾਤਾਰ ਗਸ਼ਤ ਅਤੇ ਫਲੈਗ ਮਾਰਚ ਕੀਤਾ ਗਿਆ। ਇਸ ਆਪ੍ਰੇਸ਼ਨ ਵਿੱਚ ਫਰੀਦਕੋਟ ਰੇਂਜ ਦੇ ਤਿੰਨਾਂ ਜ਼ਿਲ੍ਹਿਆਂ ਦੇ 600 ਤੋਂ ਵੱਧ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਹਿੱਸਾ ਲਿਆ। ਐੱਸ.ਐੱਸ.ਪੀ ਅਭਿਮੰਨਿਊ ਰਾਣਾ ਨੇ ਕਿਹਾ ਕਿ ਅਜਿਹੀਆਂ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ ਅਤੇ ਅਮਨ-ਕਾਨੂੰਨ ਭੰਗ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਲਾਵਾਰਿਸ ਵਸਤੂ ਦੀ ਜਾਣਕਾਰੀ ਤੁਰੰਤ ਪੁਲਿਸ ਕੰਟਰੋਲ ਰੂਮ ਜਾਂ ਐਮਰਜੈਂਸੀ ਹੈਲਪਲਾਈਨ 112 'ਤੇ ਦਿੱਤੀ ਜਾਵੇ।
Author : Malout Live



