ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਪੱਧਰੀ ਕੈਂਪ ਦਾ ਕੀਤਾ ਆਯੋਜਨ
ਪਿੰਡ ਕੰਗਣ ਖੇੜਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਪਿੰਡ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਿੰਡ ਦੇ ਕਿਸਾਨਾਂ ਨੇ ਭਾਗ ਲਿਆ। ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਚਾਨਣਾ ਪਾਉਂਦੇ ਹੋਏ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਵੱਖ-ਵੱਖ ਤਰੀਕਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਮਨੁੱਖੀ ਸਿਹਤ ਲਈ ਫਲਾਂ ਅਤੇ ਸਬਜ਼ੀਆਂ ਦੀ ਖੁਰਾਕ ਵਿੱਚ ਮਹੱਤਤਾ ਬਾਰੇ ਦੱਸਦੇ ਹੋਏ ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਕ੍ਰਿਸ਼ੀ ਵਿਗਿਆਨ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਕੰਗਣ ਖੇੜਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਪਿੰਡ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਿੰਡ ਦੇ ਕਿਸਾਨਾਂ ਨੇ ਭਾਗ ਲਿਆ। ਇਸ ਕੈਂਪ ਦੌਰਾਨ ਡਾ. ਕਰਮਜੀਤ ਸ਼ਰਮਾ ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਕੇ.ਵੀ.ਕੇ ਸ਼੍ਰੀ ਮੁਕਤਸਰ ਸਾਹਿਬ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਚਾਨਣਾ ਪਾਉਂਦੇ ਹੋਏ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਵੱਖ-ਵੱਖ ਤਰੀਕਿਆਂ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ।
ਇਸ ਦੌਰਾਨ ਉਨ੍ਹਾਂ ਨੇ ਪਰਾਲੀ ਦੀ ਸਾਂਭ-ਸੰਭਾਲ ਲਈ ਕੇ.ਵੀ.ਕੇ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕੀਤੀਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਦਾ ਜ਼ਿਕਰ ਵੀ ਕੀਤਾ। ਇਸ ਮੌਕੇ ਡਾ. ਸੁਖਜਿੰਦਰ ਸਿੰਘ ਸਹਾਇਕ ਪ੍ਰੋਫੈਸਰ (ਫਲ ਵਿਗਿਆਨ) ਨੇ ਮਨੁੱਖੀ ਸਿਹਤ ਲਈ ਫਲਾਂ ਅਤੇ ਸਬਜ਼ੀਆਂ ਦੀ ਖੁਰਾਕ ਵਿੱਚ ਮਹੱਤਤਾ ਬਾਰੇ ਦੱਸਦੇ ਹੋਏ ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ। ਕੈਂਪ ਦੌਰਾਨ ਮੰਚ ਦੀ ਕਾਰਵਾਈ ਕਰਦਿਆਂ ਡਾ. ਗੁਰਵਿੰਦਰ ਸਿੰਘ ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਕੈਂਪ ਵਿੱਚ ਆਏ ਹੋਏ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਸਾਨਾਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਲਗਾਏ ਜਾ ਰਹੇ ਮੇਲਿਆਂ ਬਾਰੇ ਜਾਣਕਾਰੀ ਦਿੰਦਿਆਂ ਇਹਨਾਂ ਮੇਲਿਆਂ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ।
Author : Malout Live