ਸਿਵਲ ਹਸਪਤਾਲ ਮਲੋਟ ਦੀਆਂ ਟੀਮਾਂ ਵੱਲੋਂ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਸੰਬੰਧੀ ਕੀਤੀਆਂ ਗਈਆਂ ਗਤੀਵਿਧੀਆਂ
ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਡਾ. ਜਗਦੀਪ ਚਾਵਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਨੀਲ ਬਾਂਸਲ ਦੀ ਯੋਗ ਅਗਵਾਈ ਹੇਠ ਸਿਵਲ ਹਸਪਤਾਲ ਮਲੋਟ ਦੀਆਂ ਟੀਮਾਂ ਵੱਲੋਂ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਸੰਬੰਧੀ ਗਤੀਵਿਧੀਆਂ ਕੀਤੀਆਂ ਗਈਆਂ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਡਾ. ਜਗਦੀਪ ਚਾਵਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਨੀਲ ਬਾਂਸਲ ਦੀ ਯੋਗ ਅਗਵਾਈ ਹੇਠ ਸਿਵਲ ਹਸਪਤਾਲ ਮਲੋਟ ਦੀਆਂ ਟੀਮਾਂ ਵੱਲੋਂ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਸੰਬੰਧੀ ਗਤੀਵਿਧੀਆਂ ਕੀਤੀਆਂ ਗਈਆਂ। ਇਸ ਸਮੇਂ ਡਾ. ਸੁਨੀਲ ਬਾਂਸਲ ਨੇ ਦੱਸਿਆ ਕਿ ਡੇਂਗੂ ਹੋਣ ਉੱਤੇ ਤੇਜ਼ ਬੁਖਾਰ ਹੁੰਦਾ ਹੈ, ਇਸ ਦੇ ਨਾਲ ਹੀ ਸਿਰ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਨੱਕ ਤੇ ਮਸੂੜਿਆਂ ਵਿੱਚੋਂ ਖੂਨ ਆਉਣ ਵਰਗੇ ਲੱਛਣ ਹੋ ਸਕਦੇ ਹਨ।
ਅਜਿਹਾ ਹੋਣ ਤੇ ਡੇਂਗੂ ਸੰਬੰਧੀ ਟੈੱਸਟ ਸਰਕਾਰੀ ਸੰਸਥਾ ਤੋਂ ਕਰਵਾਉਣਾ ਚਾਹੀਦਾ ਹੈ ਅਤੇ ਤੁਰੰਤ ਆਪਣਾ ਇਲਾਜ ਸ਼ੁਰੂ ਕਰਵਾਉਣਾ ਚਾਹੀਦਾ ਹੈ। ਇਸ ਦੌਰਾਨ ਹਰਜੀਤ ਸਿੰਘ ਅਤੇ ਸੁਖਨਪਾਲ ਸਿੰਘ ਨੇ ਦੱਸਿਆ ਕਿ ਡੇਂਗੂ ਏਡੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਜੋ ਕਿ ਸਾਫ਼ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ ਜਿਵੇਂ ਕਿ ਗਮਲੇ, ਕੂਲਰ, ਟਾਇਰ, ਕਬਾੜ ਵਾਲੀਆਂ ਚੀਜ਼ਾਂ ਵਿੱਚ ਪਾਣੀ ਖੜ੍ਹ ਸਕਦਾ ਹੈ, ਉਨ੍ਹਾਂ ਨੂੰ ਸਾਫ ਰੱਖਣਾ ਚਾਹੀਦਾ ਹੈ ਤੇ ਇਨ੍ਹਾਂ ਵਿੱਚੋਂ ਪਾਣੀ ਡੋਲ੍ਹ ਦਿੱਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਕੂਲਰ ਦਾ ਪਾਣੀ ਵੀ ਅਕਸਰ ਬਦਲਦੇ ਰਹਿਣਾ ਚਾਹੀਦਾ ਹੈ ਅਤੇ ਫਰਿੱਜ ਦੀ ਬਾਹਰੀ ਟਰੇਅ ਦਾ ਪਾਣੀ ਵੀ ਡੋਲ੍ਹ ਦੇਣਾ ਚਾਹੀਦਾ ਹੈ। ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਵਜੋਂ ਮਨਾਉਣਾ ਚਾਹੀਦਾ ਹੈ ਤਾਂ ਜੋ ਡੇਂਗੂ ਵਰਗੀ ਬਿਮਾਰੀ ਤੋਂ ਬਚਿਆ ਜਾ ਸਕੇ। ਇਹਨਾਂ ਟੀਮਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਡਾ. ਕੁਸ਼ਲਦੀਪ ਸਿੰਘ, ਜਸਕਰਨ ਸਿੰਘ ਅਤੇ ਅਕਸ਼ੇ ਮਿੱਡਾ ਮਲਟੀਪਰਪਜ਼ ਹੈੱਲਥ ਵਰਕਰ, ਰੇਨੂੰ ਸਟਾਫ਼ ਨਰਸ, ਨਰਸਿੰਗ ਸਟੂਡੈਂਟ ਅਤੇ ਬ੍ਰੀਡਿੰਗ ਚੈੱਕਰ ਮੌਜੂਦ ਸਨ।
Author : Malout Live