ਪਰਾਲੀ ਅਤੇ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਾਇਨਾਤ ਕੀਤੇ ਨੋਡਲ ਅਫ਼ਸਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਦੇ ਸਹਿਯੋਗ ਨਾਲ ਪਰਾਲੀ ਅਤੇ ਪਰਾਲੀ ਰਹਿੰਦ-ਖੂੰਹਦ ਨੂੰ ਲੱਗੀ ਹੋਈ ਅੱਗ ਨੂੰ ਮੌਕੇ ਤੇ ਜਾ ਕੇ ਬੁਝਾਇਆ ਜਾ ਰਿਹਾ ਹੈ ਤਾਂ ਜੋ ਵਾਤਾਵਰਣ ਤੇ ਕੋਈ ਮਾੜਾ ਅਸਰ ਨਾ ਪਵੇ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪਰਾਲੀ ਅਤੇ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਸ਼੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਉਪਰੰਤ ਦਿੱਤੀ। ਉਹਨਾਂ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਾਇਨਾਤ ਕੀਤੇ ਨੋਡਲ ਅਫ਼ਸਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਦੇ ਸਹਿਯੋਗ ਨਾਲ ਪਰਾਲੀ ਅਤੇ ਪਰਾਲੀ ਰਹਿੰਦ-ਖੂੰਹਦ ਨੂੰ ਲੱਗੀ ਹੋਈ ਅੱਗ ਨੂੰ ਮੌਕੇ ਤੇ ਜਾ ਕੇ ਬੁਝਾਇਆ ਜਾ ਰਿਹਾ ਹੈ ਤਾਂ ਜੋ ਵਾਤਾਵਰਣ ਤੇ ਕੋਈ ਮਾੜਾ ਅਸਰ ਨਾ ਪਵੇ।

ਡਿਪਟੀ ਕਮਿਸ਼ਨਰ ਨੇ ਗੋਨਿਆਣਾ, ਬਧਾਈ, ਕਬਰਵਾਲਾ, ਅਟਾਰੀ, ਜਵਾਹਰੇਵਾਲਾ, ਕਾਲੇਵਾਲਾ ਅਤੇ ਲੱਧੂਵਾਲਾ ਪਿੰਡਾਂ ਦੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਅੱਗ ਲਗਾਉਣ ਨਾਲ ਖੇਤੀ ਯੋਗ ਉਪਜਾਊ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਜ਼ਮੀਨ ਨੂੰ ਉਪਜਾਊ ਬਨਾਉਣ ਲਈ ਬੇਲੋੜੀ ਖਾਦਾਂ ਦੀ ਵਰਤੋਂ ਕਰਨੀ ਪੈਂਦੀ ਹੈ, ਜਿਸ ਨਾਲ ਉਹਨਾਂ ਨੂੰ ਬਹੁਤ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸ. ਗੁਰਨਾਮ ਸਿੰਘ ਨੇ ਕਿਸਾਨਾਂ ਨੂੰ ਕਿਹਾ ਕਿ ਜੇਕਰ ਉਹਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਵਿੱਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਤੋਂ ਇਲਾਵਾ ਖੇਤੀਬਾੜੀ ਵਿਭਾਗ ਨਾਲ ਜਰੂਰ ਸੰਪਰਕ ਕਰਨ।

Author : Malout Live