ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਪੁਰਾਣੇ ਰਾਸ਼ਨ ਕਾਰਡ ਵਿੱਚ ਤਬਦੀਲੀ ਲਈ ਅਰਜ਼ੀਆਂ ਦੀ ਪ੍ਰਕਿਰਿਆ ਸ਼ੁਰੂ

ਪੰਜਾਬ ਸਰਕਾਰ ਵੱਲੋਂ ਨੈਸ਼ਨਲ ਫੂਡ ਸਿਕਿਓਰਿਟੀ ਐਕਟ-2013 ਅਤੇ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਨਵੇਂ ਮੈਂਬਰ ਸ਼ਾਮਿਲ ਕਰਨ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਰਜ਼ੀਆਂ 11 ਅਗਸਤ 2026 ਤੱਕ ਸਵੀਕਾਰ ਕੀਤੀਆਂ ਜਾਣਗੀਆਂ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ ਨੈਸ਼ਨਲ ਫੂਡ ਸਿਕਿਓਰਿਟੀ ਐਕਟ-2013 ਅਤੇ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਨਵੇਂ ਮੈਂਬਰ ਸ਼ਾਮਿਲ ਕਰਨ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਇਸ ਪਹਿਲ ਦਾ ਉਦੇਸ਼ ਯੋਗ ਪਰਿਵਾਰਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਤਕਨਾਲੋਜੀ ਅਧਾਰਿਤ ਪ੍ਰਕਿਰਿਆ ਰਾਹੀਂ ਸਕੀਮ ਦਾ ਲਾਭ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਬਿਨੈਕਾਰ ਵਿਭਾਗ ਦੀ ਵੈੱਬਸਾਈਟ http://foodsuppb.gov.in ਤੋਂ ਪੰਜਾਬੀ ਜਾਂ ਅੰਗਰੇਜ਼ੀ ਵਿੱਚ ਅਰਜ਼ੀ ਫਾਰਮ ਡਾਊਨਲੋਡ ਕਰਕੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਨਜ਼ਦੀਕੀ ਸੇਵਾ ਕੇਂਦਰ ਜਾਂ ਕਾਮਨ ਸਰਵਿਸ ਸੈਂਟਰ (ਸੀ.ਐੱਸ.ਸੀ) ਰਾਹੀਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ, ਜਿੱਥੇ ਪ੍ਰਤੀ ਫਾਰਮ 100 ਰੁਪਏ ਪ੍ਰੋਸੈਸਿੰਗ ਫੀਸ ਅਦਾ ਕਰਨੀ ਹੋਵੇਗੀ।

ਇਸ ਤੋਂ ਇਲਾਵਾ ਬਿਨੈਕਾਰ ਸਰਕਾਰੀ ਪੋਰਟਲ ਰਾਹੀਂ ਖੁਦ ਵੀ ਬਿਨਾਂ ਕਿਸੇ ਫੀਸ ਦੇ ਅਰਜ਼ੀ ਜਮ੍ਹਾਂ ਕਰ ਸਕਦੇ ਹਨ ਜਾਂ ਜ਼ਿਲ੍ਹਾ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਦੇ ਦਫ਼ਤਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਦਸਤਾਵੇਜ਼ਾਂ ਸਮੇਤ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ। ਸਫਲਤਾਪੂਰਵਕ ਅਰਜ਼ੀ ਜਮ੍ਹਾਂ ਹੋਣ ਉਪਰੰਤ ਮੋਬਾਈਲ ਨੰਬਰ 'ਤੇ ਰਸੀਦ ਨੰਬਰ ਸਮੇਤ ਪੁਸ਼ਟੀ ਸੰਦੇਸ਼ ਭੇਜਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਰਜ਼ੀਆਂ 11 ਅਗਸਤ 2026 ਤੱਕ ਸਵੀਕਾਰ ਕੀਤੀਆਂ ਜਾਣਗੀਆਂ ਅਤੇ ਵਧੇਰੇ ਜਾਣਕਾਰੀ ਲਈ ਬਿਨੈਕਾਰ ਜ਼ਿਲ੍ਹਾ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਦੇ ਦਫ਼ਤਰ ਜਾਂ ਨਜ਼ਦੀਕੀ ਸੇਵਾ ਕੇਂਦਰ ਨਾਲ ਸੰਪਰਕ ਕਰ ਸਕਦੇ ਹਨ।

Author : Malout Live