ਡੀ.ਏ.ਪੀ ਖਾਦ ਦੇ ਬਦਲ ਵਜੋਂ ਕਿਸਾਨ ਹੋਰ ਫਾਸਫੇਟਿਕ ਖਾਦਾਂ ਦੀ ਵੀ ਵਰਤੋਂ ਕਰ ਸਕਦਾ ਹੈ- ਮੁੱਖ ਖੇਤੀਬਾੜੀ ਅਫ਼ਸਰ

ਸ਼੍ਰੀ ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਏ.ਪੀ ਦੀ ਬਦਲ ਦੇ ਤੌਰ `ਤੇ ਬਾਜ਼ਾਰ ਵਿੱਚ ਹੋਰ ਬਹੁਤ ਖਾਦਾਂ ਹਨ, ਜੋ ਹਾੜ੍ਹੀ ਦੀਆਂ ਫਸਲਾਂ ਲਈ ਡੀ.ਏ.ਪੀ ਖਾਦ ਜਿੰਨੀਆਂ ਹੀ ਕਾਰਗਰ ਹਨ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਝੋਨੇ ਦੀ ਕਟਾਈ ਦਾ ਕੰਮ ਮੁਕੰਮਲ ਹੋਣ ਜਾ ਰਿਹਾ ਹੈ ਅਤੇ ਕਣਕ ਦੀ ਬਿਜਾਈ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਕਣਕ ਦੀ ਬਿਜਾਈ ਲਈ ਫਾਸਫੋਰਸ ਤੱਤ ਦੀ ਜ਼ਰੂਰਤ ਹੁੰਦੀ ਹੈ। ਪਿਛਲੇ ਸਮੇਂ ਦੌਰਾਨ ਕਿਸਾਨਾਂ ਵੱਲੋਂ ਫ਼ਸਲਾਂ ਲਈ ਲੋੜੀਂਦਾ ਫਾਸਫੋਰਸ ਤੱਤਾਂ ਦੀ ਪੂਰਤੀ ਆਮ ਕਰਕੇ ਡੀ.ਏ.ਪੀ ਖਾਦ ਤੋਂ ਕੀਤੀ ਜਾਂਦੀ ਰਹੀ ਹੈ, ਪਰ ਫਾਸਫੋਰਸ ਤੱਤ ਦੀ ਪੂਰਤੀ ਬਾਜ਼ਾਰ ਵਿੱਚ ਮੌਜੂਦ ਹੋਰ ਖਾਦਾਂ ਤੋਂ ਵੀ ਕੀਤੀ ਜਾ ਸਕਦੀ ਹੈ। ਸ਼੍ਰੀ ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਏ.ਪੀ ਦੀ ਬਦਲ ਦੇ ਤੌਰ `ਤੇ ਬਾਜ਼ਾਰ ਵਿੱਚ ਹੋਰ ਬਹੁਤ ਖਾਦਾਂ ਹਨ, ਜੋ ਹਾੜ੍ਹੀ ਦੀਆਂ ਫਸਲਾਂ ਲਈ ਡੀ.ਏ.ਪੀ ਖਾਦ ਜਿੰਨੀਆਂ ਹੀ ਕਾਰਗਰ ਹਨ।

ਉਨ੍ਹਾਂ ਦੱਸਿਆ ਕਿ ਡੀ.ਏ.ਪੀ ਵਿੱਚੋਂ ਫ਼ਸਲ ਨੂੰ 18 ਫੀਸਦੀ ਨਾਈਟ੍ਰੋਜਨ ਅਤੇ 46 ਫੀਸਦੀ ਫਾਸਫੋਰਸ ਖੁਰਾਕੀ ਤੱਤ ਮਿਲ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਡੀ.ਏ.ਪੀ ਖਾਦ ਦੇ ਬਦਲ ਵਜੋਂ ਬਾਜ਼ਾਰ ਵਿੱਚ ਹੋਰ ਖਾਦਾਂ ਜਿਵੇਂ ਟ੍ਰਿਪਲ ਸੁਪਰ ਫਾਸਫੇਟ, ਸਿੰਗਲ ਸੁਪਰ ਫਾਸਫੇਟ, ਵਰਗੀਆਂ ਖਾਦਾਂ ਉਪਲੱਬਧ ਹਨ, ਜਿੰਨ੍ਹਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਡੀ.ਏ.ਪੀ ਪ੍ਰਤੀ ਬੋਰੀ ਵਿੱਚ 23 ਕਿੱਲੋ ਫਾਸਫੋਰਸ ਅਤੇ 9 ਕਿੱਲੋ ਨਾਈਟ੍ਰੋਜਨ ਪਾਇਆ ਜਾਂਦਾ ਹੈ, ਜਦਕਿ ਜੇਕਰ ਫਸਲਾਂ ਨੂੰ ਫਾਸਫੋਰਸ, ਨਾਈਟ੍ਰੋਜਨ ਅਤੇ ਸਲਫਰ ਦੇ ਪੋਸ਼ਟਿਕ ਤੱਤ ਪ੍ਰਦਾਨ ਕਰਨ ਲਈ ਡੀ.ਏ.ਪੀ ਅਤੇ ਸਲਫਰ ਦੇ ਬਦਲ ਵਜੋਂ ਐੱਸ.ਐੱਸ.ਪੀ ਅਤੇ ਯੂਰੀਆ ਦੀ ਵਰਤੋਂ ਕੀਤੀ ਜਾਵੇ ਤਾਂ ਡੀ.ਏ.ਪੀ ਅਤੇ ਸਲਫਰ ਨਾਲੋਂ ਘੱਟ ਕੀਮਤ `ਤੇ ਵੱਧ ਨਾਈਟ੍ਰੋਜਨ, ਫਾਸਫੋਰਸ ਅਤੇ ਸਲਫਰ ਪ੍ਰਾਪਤ ਕੀਤਾ ਜਾ ਸਕਦਾ ਹੈ।

Author : Malout Live