ਸ਼੍ਰੀ ਮੁਕਤਸਰ ਸਾਹਿਬ ਵਿੱਚ ਨਸ਼ਿਆਂ ਖ਼ਿਲਾਫ਼ ਕਰਵਾਇਆ ਜਾਗਰੂਕਤਾ ਸੈਮੀਨਾਰ
ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਆਸ਼ਾ ਵਰਕਰਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਸ਼੍ਰੀਮਤੀ ਜਸਵਿੰਦਰ ਸ਼ੀਮਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤੇ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ। ਇਸ ਦੌਰਾਨ ਆਸ਼ਾ ਵਰਕਰਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਸਿਵਲ ਸਰਜਨ ਡਾ. ਸੁਨੀਲ ਬਾਂਸਲ ਨੇ ਨਸ਼ਿਆਂ ਕਾਰਨ ਸਿਹਤ, ਪਰਿਵਾਰ ਅਤੇ ਸਮਾਜ ਉੱਤੇ ਪੈਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ, ਜਦਕਿ ਹੋਰ ਬੁਲਾਰਿਆਂ ਨੇ ਵੀ ਨਸ਼ਾ ਮੁਕਤ ਜੀਵਨ ਅਪਣਾਉਣ ਦੀ ਅਪੀਲ ਕੀਤੀ।
ਇਸੇ ਤਰ੍ਹਾਂ ਸੰਧੂ ਹਸਪਤਾਲ ਵਿਖੇ ਵੀ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਸੀਨੀਅਰ ਸਹਾਇਕ ਜੀਵਨ ਕੁਮਾਰ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਆਸ਼ਾ ਵਰਕਰਾਂ ਨੂੰ ਪਿੰਡਾਂ ਵਿੱਚ ਪਰਿਵਾਰਾਂ ਅਤੇ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਅਤੇ ਲੋੜਵੰਦ ਵਿਅਕਤੀਆਂ ਨੂੰ ਓਟ ਕਲੀਨਿਕਾਂ ਦੀਆਂ ਸੇਵਾਵਾਂ ਦਾ ਲਾਭ ਲੈਣ ਦੀ ਅਪੀਲ ਕੀਤੀ। ਪ੍ਰੋਗਰਾਮ ਦੌਰਾਨ ਮਾਹਿਰ ਡਾਕਟਰਾਂ, ਕਾਊਂਸਲਰਾਂ ਅਤੇ ਪੈਰਾਲੀਗਲ ਵਲੰਟੀਅਰਾਂ ਦੀ ਹਾਜ਼ਰੀ ਵਿੱਚ ਪੰਫਲੈਟ ਵੀ ਵੰਡੇ ਗਏ ਅਤੇ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।
Author : Malout Live



