ਜੀ.ਟੀ.ਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਕਰਵਾਇਆ ਜਾਗਰੂਕਤਾ ਸੈਮੀਨਾਰ
ਸ਼੍ਰੀ ਹਿਮਾਂਸ਼ੂ ਅਰੋੜਾ ਸਿਵਲ ਜੱਜ (ਸੀਨੀਅਰ ਡਿਵੀਜ਼ਨ)/ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੀ.ਟੀ.ਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਮੁਫਤ ਕਾਨੂੰਨੀ ਸਹਾਇਤਾ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।
ਮਲੋਟ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਰਾਜ ਕੁਮਾਰ ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਾਹਿਤ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਸ਼੍ਰੀ ਹਿਮਾਂਸ਼ੂ ਅਰੋੜਾ ਸਿਵਲ ਜੱਜ (ਸੀਨੀਅਰ ਡਿਵੀਜ਼ਨ)/ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੀ.ਟੀ.ਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਮੁਫਤ ਕਾਨੂੰਨੀ ਸਹਾਇਤਾ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਸ਼੍ਰੀ ਹਿਮਾਂਸ਼ੂ ਅਰੋੜਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਦੇ ਵੱਖ-ਵੱਖ ਨੁਕਤਿਆਂ ਸੰਬੰਧੀ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਐੱਸ.ਸੀ/ਐਸ.ਟੀ ਭਾਈਚਾਰੇ ਦੇ ਮੈਂਬਰ, ਔਰਤਾਂ ਚਾਹੇ ਉਨ੍ਹਾਂ ਦੀ ਆਮਦਨ ਕਿੰਨੀ ਵੀ ਹੋਵੇ, ਬੱਚੇ, ਵਗਾਰ ਅਤੇ ਕੁਦਰਤੀ ਆਫਤਾਂ ਦੇ ਸ਼ਿਕਾਰ, ਹਿਰਾਸਤੀ ਵਿਅਕਤੀ, ਦਿਵਯਾਂਗਜਨ, ਮੁਫਤ ਕਾਨੂੰਨੀ ਸਹਾਇਤਾ ਦੇ ਪਾਤਰ ਹਨ, ਜਿਸ ਵਿੱਚ ਉਨ੍ਹਾਂ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਕੀਲ ਦੀਆਂ ਸੇਵਾਵਾਂ, ਗਵਾਹਾਂ ਦੇ ਖਰਚੇ, ਫੀਸਾਂ ਆਦਿ ਮੁਫਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਬੱਚਿਆ ਨੂੰ ਦੱਸਿਆ ਕਿ ਲੋਕ ਅਦਾਲਤ ਵਿੱਚ ਝਗੜਿਆਂ ਦਾ ਆਪਸੀ ਰਜ੍ਹਾਮੰਦੀ ਨਾਲ ਨਿਪਟਾਰਾ ਹੋ ਸਕਦਾ ਹੈ ਅਤੇ ਇਸ ਦਾ ਫੈਸਲਾ ਅੰਤਿਮ ਹੁੰਦਾ ਹੈ। ਇਸ ਮੌਕੇ ਸਕੂਲ ਸਟਾਫ ਵੱਲੋਂ ਮਾਨਯੋਗ ਜੱਜ ਸਾਹਿਬ ਦਾ ਧੰਨਵਾਦ ਕਰਦਿਆਂ ਯਾਦਗਾਰੀ ਚਿੰਨ ਭੇਂਟ ਕੀਤਾ ਗਿਆ।
Author : Malout Live