ਲੰਬੀ ਹਲਕੇ ‘ਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੇ ਪਿੰਡ ਪੰਜਾਵਾ, ਕੱਖਾਂਵਾਲੀ ਅਤੇ ਭੁੱਲਰਵਾਲਾ ਵਿਖੇ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਜਲਦ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਦਿੱਤੇ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੇ ਪਿੰਡ ਪੰਜਾਵਾ, ਕੱਖਾਂਵਾਲੀ ਅਤੇ ਭੁੱਲਰਵਾਲਾ ਵਿਖੇ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਜਲਦ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਦਿੱਤੇ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਕੇਂਦਰਿਤ ਸ਼ਾਸਨ ਨੂੰ ਤਰਜੀਹ ਦੇ ਰਹੀ ਹੈ ਅਤੇ ਸਰਕਾਰੀ ਫੰਡਾਂ ਦੀ ਵਰਤੋਂ ਸਿਰਫ਼ ਲੋਕ ਭਲਾਈ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਵਿਧਾਇਕਾਂ ਦੀਆਂ ਇੱਕ ਤੋਂ ਵੱਧ ਪੈਨਸ਼ਨਾਂ ਦੀ ਪ੍ਰਥਾ ਖਤਮ ਕਰਕੇ ਇੱਕ ਪੈਨਸ਼ਨ ਦਾ ਨਿਯਮ ਲਾਗੂ ਕੀਤਾ ਹੈ। ਨਾਲ ਹੀ 600 ਯੂਨਿਟ ਤੱਕ ਮੁਫ਼ਤ ਬਿਜਲੀ, ਮੁਹੱਲਾ ਕਲੀਨਿਕਾਂ ਰਾਹੀਂ ਮੁਫ਼ਤ ਸਿਹਤ ਸੇਵਾਵਾਂ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਹਿਰਾਂ, ਖਾਲਿਆਂ ਅਤੇ ਕੱਸੀਆਂ ਦੀ ਸਫ਼ਾਈ, ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਦੇ ਕੰਮ ਤੇਜ਼ੀ ਨਾਲ ਚੱਲ ਰਹੇ ਹਨ। ਉਨ੍ਹਾਂ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਗੈਰਕਾਨੂੰਨੀ ਜਾਇਦਾਦਾਂ ਵੀ ਢਾਹੀਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਸਰਕਾਰੀ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਪੰਜਾਬ ਦੀ ਤਰੱਕੀ ਵਿੱਚ ਸਾਂਝ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪੰਚਾਇਤੀ ਨੁਮਾਇੰਦੇ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਿਰ ਸਨ।

Author : Malout Live