1 ਜੁਲਾਈ ਤੋਂ ਸ਼ੁਰੂ ਹੋਵੇਗੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ', ਖਾਤਿਆਂ 'ਚ ਆਉਣਗੇ 1000 ਤੋਂ 1500 ਰੁਪਏ

ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਵੱਲੋਂ ਚੋਣਾਂ ਦੌਰਾਨ ਔਰਤਾਂ ਨਾਲ ਕੀਤਾ ਗਿਆ ਇੱਕ ਹੋਰ ਵੱਡਾ ਵਾਅਦਾ ਹੁਣ ਹਕੀਕਤ ਬਣਨ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਨਿੱਜੀ ਚੈਨਲ ਦੇ ਪ੍ਰੋਗਰਾਮ ਦੌਰਾਨ ਵੱਡਾ ਐਲਾਨ ਕਰਦਿਆਂ ਦੱਸਿਆ ਕਿ ਆਉਂਦੀ 1 ਜੁਲਾਈ ਤੋਂ ਸੂਬੇ ਦੀਆਂ ਯੋਗ ਔਰਤਾਂ ਦੇ ਖਾਤਿਆਂ ਵਿੱਚ ਵਿੱਤੀ ਸਹਾਇਤਾ ਦੀ ਰਾਸ਼ੀ ਆਉਣੀ ਸ਼ੁਰੂ ਹੋ ਜਾਵੇਗੀ।

ਮਲੋਟ (ਪੰਜਾਬ) : ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਵੱਲੋਂ ਚੋਣਾਂ ਦੌਰਾਨ ਔਰਤਾਂ ਨਾਲ ਕੀਤਾ ਗਿਆ ਇੱਕ ਹੋਰ ਵੱਡਾ ਵਾਅਦਾ ਹੁਣ ਹਕੀਕਤ ਬਣਨ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਨਿੱਜੀ ਚੈਨਲ ਦੇ ਪ੍ਰੋਗਰਾਮ ਦੌਰਾਨ ਵੱਡਾ ਐਲਾਨ ਕਰਦਿਆਂ ਦੱਸਿਆ ਕਿ ਆਉਂਦੀ 1 ਜੁਲਾਈ ਤੋਂ ਸੂਬੇ ਦੀਆਂ ਯੋਗ ਔਰਤਾਂ ਦੇ ਖਾਤਿਆਂ ਵਿੱਚ ਵਿੱਤੀ ਸਹਾਇਤਾ ਦੀ ਰਾਸ਼ੀ ਆਉਣੀ ਸ਼ੁਰੂ ਹੋ ਜਾਵੇਗੀ। ਸਰਕਾਰ ਵੱਲੋਂ ਇਸ ਇਤਿਹਾਸਕ ਪਹਿਲਕਦਮੀ ਨੂੰ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦਾ ਨਾਮ ਦਿੱਤਾ ਗਿਆ ਹੈ। 18 ਸਾਲ ਤੋਂ ਵੱਧ ਉਮਰ ਦੀਆਂ ਜਨਰਲ ਵਰਗ ਦੀਆਂ ਔਰਤਾਂ ਨੂੰ 1,000 ਰੁਪਏ ਅਤੇ ਅਨੁਸੂਚਿਤ ਜਾਤੀ (SC) ਵਰਗ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਦਿੱਤੇ ਜਾਣਗੇ। ਇਹ ਸਹਾਇਤਾ ਰਾਸ਼ੀ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ (Direct Benefit Transfer) ਭੇਜੀ ਜਾਵੇਗੀ। ਯੋਜਨਾ ਦਾ ਲਾਭ ਲੈਣ ਲਈ ਇੱਕੋ ਪਰਿਵਾਰ ਵਿੱਚ ਯੋਗ ਔਰਤਾਂ ਦੀ ਗਿਣਤੀ 'ਤੇ ਕੋਈ ਸੀਮਾ ਜਾਂ ਪਾਬੰਦੀ ਨਹੀਂ ਰੱਖੀ ਗਈ ਹੈ, ਯਾਨੀ ਇੱਕ ਘਰ ਦੀਆਂ ਸਾਰੀਆਂ ਯੋਗ ਔਰਤਾਂ ਇਸ ਦਾ ਲਾਭ ਲੈ ਸਕਦੀਆਂ ਹਨ।

ਸਰਕਾਰ ਨੇ ਇਸ ਮੈਗਾ ਯੋਜਨਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਲ 2026-27 ਦੇ ਬਜਟ ਵਿੱਚ 9,300 ਕਰੋੜ ਰੁਪਏ ਦੀ ਮੋਟੀ ਰਕਮ ਰਾਖਵੀਂ ਰੱਖੀ ਹੈ। ਸਰਕਾਰ ਦੇ ਨਿਯਮਾਂ ਅਨੁਸਾਰ ਇਹ ਯੋਜਨਾ ਵਿਸ਼ੇਸ਼ ਤੌਰ 'ਤੇ ਆਰਥਿਕ ਤੌਰ 'ਤੇ ਕਮਜ਼ੋਰ ਅਤੇ ਲੋੜਵੰਦ ਵਰਗਾਂ ਲਈ ਤਿਆਰ ਕੀਤੀ ਗਈ ਹੈ। ਆਮਦਨ ਕਰ (Income Tax) ਦੇਣ ਵਾਲੀਆਂ ਔਰਤਾਂ ਇਸ ਯੋਜਨਾ ਲਈ ਯੋਗ ਨਹੀਂ ਹੋਣਗੀਆਂ। ਆਪਣੇ ਨਿੱਜੀ ਉਦਯੋਗ ਜਾਂ ਵਪਾਰਕ ਕਾਰੋਬਾਰ ਚਲਾਉਣ ਵਾਲੀਆਂ ਔਰਤਾਂ ਨੂੰ ਵੀ ਇਸ ਮਾਣਭੱਤੇ ਦੇ ਦਾਇਰੇ ਤੋਂ ਬਾਹਰ ਰੱਖਿਆ ਗਿਆ ਹੈ। ਸਰਕਾਰ ਦੇ ਬੁਲਾਰੇ ਅਨੁਸਾਰ, ਇਸ ਯੋਜਨਾ ਦਾ ਮੁੱਖ ਮਨੋਰਥ ਸੂਬੇ ਦੀਆਂ ਔਰਤਾਂ ਨੂੰ ਆਪਣੇ ਛੋਟੇ-ਮੋਟੇ ਰੋਜ਼ਾਨਾ ਦੇ ਖਰਚਿਆਂ ਲਈ ਕਿਸੇ ਹੋਰ 'ਤੇ ਨਿਰਭਰ ਹੋਣ ਤੋਂ ਬਚਾਉਣਾ ਅਤੇ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨਾ ਹੈ। ਹਾਲਾਂਕਿ, ਸਰਕਾਰ ਅਜੇ ਇਸ ਗੱਲ 'ਤੇ ਅੰਤਿਮ ਵਿਚਾਰ ਕਰ ਰਹੀ ਹੈ ਕਿ ਇਹ ਪੈਸਾ ਔਰਤਾਂ ਨੂੰ ਮਹੀਨਾਵਾਰ (Monthly) ਦਿੱਤਾ ਜਾਵੇਗਾ ਜਾਂ ਫਿਰ ਤਿਮਾਹੀ (Quarterly) ਕਿਸ਼ਤਾਂ ਦੇ ਰੂਪ ਵਿੱਚ ਜਾਰੀ ਕੀਤਾ ਜਾਵੇਗਾ।

Author : Malout Live