ਕਮਿਊਨਟੀ ਹੈੱਲਥ ਅਫ਼ਸਰ ਕਰਨਗੇ ਆਨਲਾਈਨ ਕੰਮ ਠੱਪ
ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਆਪਣੀਆਂ ਮੰਗਾਂ ਸੰਬੰਧੀ ਉਹ ਲਗਾਤਾਰ ਸੰਘਰਸ਼ ਕਰ ਰਹੇ ਹਨ। ਮਾਣਯੋਗ ਸਿਹਤ ਮੰਤਰੀ ਡਾ. ਬਲਵੀਰ ਸਿੰਘ ਅਤੇ ਮੁੱਖ ਮੰਤਰੀ ਸਾਹਿਬ ਦੀ ਧਰਮਪਤਨੀ ਨਾਲ ਵੀ ਮੁਲਾਕਾਤ ਕੀਤੀ ਪਰ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।ਇਸ ਸਭ ਤੋਂ ਪ੍ਰੇਸ਼ਾਨ ਹੋ ਕੇ ਸਾਰਿਆਂ ਨੇ ਫ਼ੈਸਲਾ ਕੀਤਾ ਹੈ ਕਿ ਪੰਜਾਬ ਦੇ 2500 ਸੀ.ਐੱਚ.ਓ 10 ਸਤੰਬਰ ਤੋਂ ਸਾਰਾ ਆਨਲਾਈਨ ਕੰਮ ਠੱਪ ਕਰ ਦੇਣਗੇ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪ੍ਰੈੱਸ ਨਾਲ ਗੱਲ ਕਰਦਿਆਂ ਕਮਿਊਨਿਟੀ ਹੈੱਲਥ ਅਫ਼ਸਰ ਐਸੋਸ਼ੀਏਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਆਗੂ ਓ.ਪੀ ਨਾਂਦੀਵਾਲ, ਮਨਜੀਤ ਸਿੰਘ, ਮੇਜ਼ਰ ਸਿੰਘ ਅਤੇ ਬਲਕਰਨ ਸਿੰਘ ਨੇ ਦੱਸਿਆ ਕਿ ਉਹ ਪਿੰਡਾਂ ਵਿੱਚ ਬਣੇ ਹੈੱਲਥ ਐਂਡ ਵੈਲਨੈੱਸ ਸੈਂਟਰਾਂ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ਦੇ ਰਹੇ ਹਨ ਅਤੇ ਉਹਨਾਂ ਵੱਲੋਂ ਕਰੋਨਾ ਕਾਲ ਅਤੇ ਹੜ੍ਹਾਂ ਵਿੱਚ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨ੍ਹਾਂ ਵੱਡੀ ਭੂਮਿਕਾ ਨਿਭਾਈ ਗਈ। ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਆਪਣੀਆਂ ਮੰਗਾਂ ਸੰਬੰਧੀ ਉਹ ਲਗਾਤਾਰ ਸੰਘਰਸ਼ ਕਰ ਰਹੇ ਹਨ। ਪਿਛਲੇ ਦਿਨੀਂ ਯੂਨੀਅਨ ਦੇ ਆਗੂਆਂ ਵੱਲੋਂ ਮਾਣਯੋਗ ਸਿਹਤ ਮੰਤਰੀ ਡਾ. ਬਲਵੀਰ ਸਿੰਘ ਅਤੇ ਮੁੱਖ ਮੰਤਰੀ ਸਾਹਿਬ ਦੀ ਧਰਮਪਤਨੀ ਨਾਲ ਵੀ ਮੁਲਾਕਾਤ ਕੀਤੀ ਪ੍ਰੰਤੂ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। 16 ਜੁਲਾਈ ਨੂੰ ਯੂਨੀਅਨ ਨੂੰ ਮੁੱਖ ਮੰਤਰੀ ਸਾਹਿਬ ਨਾਲ ਪੈਨਲ ਮੀਟਿੰਗ ਦਾ ਸੱਦਾ ਦਿੱਤਾ ਗਿਆ ਸੀ ਅਤੇ ਮੀਟਿੰਗ ਤੋਂ ਇੱਕ ਦਿਨ ਪਹਿਲਾਂ ਮੀਟਿੰਗ ਪੋਸਟਪੋਨ ਕਰ ਦਿੱਤੀ ਗਈ ਅਤੇ ਹਾਲੇ ਤੱਕ ਵੀ ਮੀਟਿੰਗ ਦੀ ਕੋਈ ਤਾਰੀਖ ਨਹੀਂ ਦਿੱਤੀ ਗਈ ਜਿਸ ਨਾਲ ਪੂਰੇ ਪੰਜਾਬ ਦੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਵਿਭਾਗ ਵੱਲੋਂ ਉਹਨਾਂ ਦੇ ਤਿੰਨ ਮਹੀਨੇ ਦੇ ਇੰਸੈਂਟਿਵ ਰੋਕੇ ਗਏ ਹਨ ਜੋ ਤਨਖ਼ਾਹ ਦਾ 40 ਫ਼ੀਸਦੀ ਹਿੱਸਾ ਹੈ ਅਤੇ ਅੱਜ ਦੀ ਵੱਧਦੀ ਹੋਈ ਮਹਿੰਗਾਈ ਦੇ ਸਮੇਂ ਵਿੱਚ ਅੱਧੀ ਤਨਖ਼ਾਹ ਨਾਲ ਘਰ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੋ ਰਿਹਾ ਹੈ। ਇਸ ਸਭ ਤੋਂ ਪ੍ਰੇਸ਼ਾਨ ਹੋ ਕੇ ਸਾਰਿਆਂ ਨੇ ਫ਼ੈਸਲਾ ਕੀਤਾ ਹੈ ਕਿ ਪੰਜਾਬ ਦੇ 2500 ਸੀ.ਐੱਚ.ਓ 10 ਸਤੰਬਰ ਤੋਂ ਸਾਰਾ ਆਨਲਾਈਨ ਕੰਮ ਠੱਪ ਕਰ ਦੇਣਗੇ। ਉਹਨਾਂ ਵੱਲੋਂ ਆਪਣੀਆਂ ਮੰਗਾਂ ਦੋਹਰਾਉਂਦੇ ਹੋਏ ਕਿਹਾ ਗਿਆ ਕਿ ਵਿਭਾਗ ਵੱਲੋਂ ਉਹਨਾਂ ਦੇ 3 ਮਹੀਨੇ ਦੇ ਰੋਕੇ ਹੋਏ ਪੈਸੇ ਦਿੱਤੇ ਜਾਣ, ਮੁੱਢਲੀ ਤਨਖਾਹ ਵਿੱਚ ਸੋਧ ਕਰਕੇ ਬਾਕੀ ਸੂਬਿਆਂ ਦੇ ਬਰਾਬਰ ਤਨਖਾਹ ਕੀਤੀ ਜਾਵੇ, ਐਨ.ਐੱਚ.ਐਮ ਮੁਲਾਜ਼ਮਾਂ ਦਾ ਲੋਇਲਟੀ ਬੋਨਸ ਜਾਰੀ ਕੀਤਾ ਜਾਵੇ, ਉਹਨਾਂ ਦੇ ਤਨਖ਼ਾਹ ਅਤੇ ਇਨਸੈਂਟਿਵ ਮਰਜ਼ ਕੀਤੇ ਜਾਣ। ਅਗਰ ਉਹਨਾਂ ਦੀਆਂ ਮੰਗਾਂ ਤੇ ਸੁਣਵਾਈ ਨਹੀਂ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਉਹ ਪੂਰੀ ਤਰ੍ਹਾ ਕੰਮ ਬੰਦ ਕਰਨਗੇ ਅਤੇ ਪਿੰਡਾਂ ਵਿੱਚ ਮਿਲਣ ਵਾਲੀਆਂ ਸਿਹਤ ਸੇਵਾਵਾਂ ਨੂੰ ਠੱਪ ਕਰਨਗੇ ਜਿਸ ਦੀ ਨਿਰੋਲ ਜ਼ਿੰਮੇਵਾਰੀ ਸਰਕਾਰ ਅਤੇ ਸਿਹਤ ਵਿਭਾਗ ਦੀ ਹੋਵੇਗੀ। ਆਉਣ ਵਾਲੀਆਂ ਜ਼ਿਮਨੀ ਚੋਣਾਂ ਅਤੇ ਪੰਚਾਇਤੀ ਚੌਣਾਂ ਵਿੱਚ ਉਹ ਸਾਰੇ ਪੰਜਾਬ ਵਿੱਚ ਲੜੀਵਾਰ ਰੈਲੀਆਂ ਕਰਨਗੇ ਅਤੇ ਲੋਕਾਂ ਨੂੰ ਸਰਕਾਰ ਦੀਆਂ ਮਾਰੂ ਨੀਤੀਆਂ ਖ਼ਿਲਾਫ਼ ਜਾਗਰੂਕ ਕਰਨਗੇ। ਇਸ ਮੌਕੇ ਜ਼ਿਲ੍ਹੇ ਦੇ ਆਗੂਆਂ ਸਮੇਤ ਡਾ. ਜਗਦੀਪ, ਹਰਵਿੰਦਰ ਕੌਰ, ਵੀਰਪਾਲ ਕੌਰ, ਜਸਵਿੰਦਰ ਸਿੰਘ ਅਤੇ ਗੁਰਪਿਆਰ ਸਿੰਘ ਆਦਿ ਵੀ ਮੌਜੂਦ ਸਨ।
Author : Malout Live