ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਸੰਬੰਧੀ ਖੇਤ ਦਿਵਸ ਦਾ ਆਯੋਜਨ
ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਸੰਬੰਧੀ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਨੇ ਕਿਸਾਨਾਂ ਨੂੰ ਵੱਧ ਤੋਂ ਵੱਧ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਸੰਬੰਧੀ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਖੇਤ ਦਿਵਸ ਦੀ ਪ੍ਰਧਾਨਗੀ ਕਰਦੇ ਹੋਏ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਬਿਨ੍ਹਾਂ ਕੱਦੂ ਕੀਤੇ ਝੋਨੇ ਦੀ ਸਿੱਧੀ ਬਿਜਾਈ ਇੱਕ ਕੁਦਰਤੀ ਸ੍ਰੋਤ ਸੰਭਾਲ ਤਕਨੀਕ ਹੈ। ਜਿਸ ਨਾਲ 10 ਤੋਂ 20 ਪ੍ਰਤੀਸ਼ਤ ਪਾਣੀ ਦੀ ਬੱਚਤ ਹੁੰਦੀ ਹੈ, ਮਜ਼ਦੂਰੀ ਦੀ ਬੱਚਤ ਹੁੰਦੀ ਹੈ ਅਤੇ ਅਗਲੀ ਕਣਕ ਦੀ ਫਸਲ ਦਾ ਵੀ ਜ਼ਿਆਦਾ ਝਾੜ ਆਉਂਦਾ ਹੈ। ਇਸ ਲਈ ਉਨ੍ਹਾਂ ਨੇ ਕਿਸਾਨਾਂ ਨੂੰ ਵੱਧ ਤੋਂ ਵੱਧ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਆ।
ਇਸ ਮੌਕੇ ਡਾ. ਮਨਜੀਤ ਕੌਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਕਿਸਾਨਾਂ ਨੂੰ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਵਿੱਚ ਖੁਰਾਕੀ ਤੱਤ ਪ੍ਰਬੰਧਨ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਰੇਤਲੀਆਂ ਜ਼ਮੀਨਾਂ ਵਿੱਚ ਸਿੱਧੀ ਬਿਜਾਈ ਕਰਨ ਤੋਂ ਗੁਰੇਜ਼ ਕੀਤਾ ਜਾਵੇ ਕਿਉਂਕਿ ਰੇਤਲੀਆਂ ਜ਼ਮੀਨਾਂ ਵਿੱਚ ਲੋਹੇ ਦੀ ਘਾਟ ਬਹੁਤ ਜ਼ਿਆਦਾ ਆ ਜਾਂਦੀ ਹੈ। ਇਸ ਮੌਕੇ ਡਾ. ਵਿਵੇਕ ਸ਼ਰਮਾ, ਸਹਾਇਕ ਪ੍ਰੋਫੈਸਰ(ਪਸ਼ੂ ਵਿਗਿਆਨ) ਵੱਲੋਂ ਕਿਸਾਨਾਂ ਨੂੰ ਪਸ਼ੂ ਪਾਲਣ ਅਤੇ ਹੋਰ ਸਹਾਇਕ ਧੰਦੇ ਅਪਨਾਉਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰੋਗਰਾਮ ਦੇ ਅਖੀਰ ਵਿੱਚ ਕਿਸਾਨਾਂ ਵੱਲੋਂ ਖੇਤੀ ਮਸਲਿਆਂ ਸੰਬੰਧੀ ਕੀਤੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ।
Author : Malout Live