ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਨੇ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਪ੍ਰੇਰਿਤ
ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਅਤੇ ਸ਼੍ਰੀ ਤੁਸ਼ਾਰ ਗੁਪਤਾ ਐੱਸ.ਐੱਸ.ਪੀ ਨੇ ਥਾਂਦੇਵਾਲਾ, ਹਰੀ ਕੇ ਕਲਾਂ, ਕਾਨਿਆਂਵਾਲੀ, ਗੁਲਾਬੇਵਾਲਾ ਅਤੇ ਰੋੜ੍ਹਾਂਵਾਲੀ ਦਾ ਦੌਰਾ ਕਰਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਅਪੀਲ ਕਰਦਿਆਂ ਉਨ੍ਹਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਵੀ ਉਤਸ਼ਾਹਿਤ ਤੇ ਪ੍ਰੇਰਿਤ ਕੀਤਾ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਵਾਤਾਵਰਨ ਨੂੰ ਸਾਫ-ਸੁਥਰਾ ਰੱਖਣ ਲਈ ਜਿੱਥੇ ਸਿਵਲ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ, ਖੇਤੀਬਾੜੀ ਅਤੇ ਹੋਰ ਵੱਖ-ਵੱਖ ਵਿਭਾਗਾਂ ਵੱਲੋਂ ਜਿਲ੍ਹੇ ਦੇ ਵਿੱਚ ਪਰਾਲੀ ਨੂੰ ਅੱਗ ਨਾ ਲਾਉਣ ਤੇ ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਜਾਗਰੂਕ ਅਭਿਆਨ ਚਲਾਇਆ ਜਾ ਰਿਹਾ ਹੈ, ਉੱਥੇ ਹੀ ਸ਼੍ਰੀਮਤੀ ਨਿਸ਼ਥਾ ਤ੍ਰਿਪਾਠੀ ਪ੍ਰੋਫੈਸਰ ਹਿਸਟਰੀ ਸਰਕਾਰੀ ਕਾਲਜ ਮੋਹਾਲੀ ਅਤੇ ਚੇਅਰਪਰਸ਼ਨ ਹਸਪਤਾਲ ਭਲਾਈ ਸੰਸਥਾ ਸ਼੍ਰੀ ਮੁਕਤਸਰ ਸਾਹਿਬ ਅਤੇ ਸ਼੍ਰੀਮਤੀ ਸ੍ਰਿਸ਼ਟੀ ਗੁਪਤਾ ਵੱਲੋਂ ਵੀ ਸਕੂਲੀ ਬੱਚਿਆਂ ਨੂੰ ਪਰਾਲੀ ਨਾ ਸਾੜਣ ਸੰਬੰਧੀ ਜਾਗਰੂਕ ਕੀਤਾ ਗਿਆ। ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਅਤੇ ਸ਼੍ਰੀ ਤੁਸ਼ਾਰ ਗੁਪਤਾ ਐੱਸ.ਐੱਸ.ਪੀ ਨੇ ਥਾਂਦੇਵਾਲਾ, ਹਰੀ ਕੇ ਕਲਾਂ, ਕਾਨਿਆਂਵਾਲੀ, ਗੁਲਾਬੇਵਾਲਾ ਅਤੇ ਰੋੜ੍ਹਾਂਵਾਲੀ ਦਾ ਦੌਰਾ ਕਰਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਅਪੀਲ ਕਰਦਿਆਂ ਉਨ੍ਹਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਵੀ ਉਤਸ਼ਾਹਿਤ ਤੇ ਪ੍ਰੇਰਿਤ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸੰਬੰਧਿਤ ਪਿੰਡਾਂ ਦੇ ਕਲਸਟਰ ਅਤੇ ਨੋਡਲ ਅਫ਼ਸਰਾਂ ਨੂੰ ਸਖਤ ਹਦਾਇਤ ਕੀਤੀ ਕਿ ਉਹ ਲਗਾਤਾਰ ਪਿੰਡਾਂ ਵਿੱਚ ਹੀ ਰਹਿਣ ਅਤੇ ਕਿਸਾਨਾਂ ਨਾਲ ਰਾਬਤਾ ਕਰਕੇ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਲਈ ਤਕਨੀਕੀ ਮੱਦਦ ਕਰਵਾਉਣ ਦੇ ਨਾਲ ਨਾਲ ਕਿਸਾਨਾਂ ਨੂੰ ਆਧੁਨਿਕ ਮਸ਼ੀਨਰੀ ਵੀ ਮੁਹੱਈਆ ਕਰਵਾਉਣ ਵਿੱਚ ਸਹਿਯੋਗ ਕਰਨ। ਖੇਤੀਬਾੜੀ ਵਿਭਾਗ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਵਿਭਾਗ ਵੱਲੋਂ ਉੱਨਤ ਕਿਸਾਨ ਨਾਂ ਦੀ ਮੋਬਾਇਲ ਐਪ ਬਣਾਈ ਗਈ ਹੈ। ਇਸ ਐਪ ਰਾਹੀਂ ਕਿਸਾਨ ਆਪਣੇ ਨੇੜੇ ਉਪਲੱਬਧ ਮਸ਼ੀਨਾਂ ਦੀ ਜਾਣਕਾਰੀ ਲੈਣ ਦੇ ਨਾਲ-ਨਾਲ ਆਪਣੀ ਜਰੂਰਤ ਅਨੁਸਾਰ ਮਸ਼ੀਨਾਂ ਦੀ ਬੁਕਿੰਗ ਕਰਵਾ ਸਕਦੇ ਹਨ। ਉਨਾਂ ਨੇ ਕਿਸਾਨਾਂ ਨੂੰ ਇਸ ਮੋਬਾਇਲ ਐਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੀ ਸੁਰਿੰਦਰ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ਼੍ਰੀ ਕੰਵਲਜੀਤ ਸਿੰਘ ਚਾਹਲ ਐੱਸ.ਪੀ ਅਤੇ ਸ਼੍ਰੀ ਜਗਤਾਰ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਵੀ ਮੌਜੂਦ ਸਨ।
Author : Malout Live