ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ
ਸ੍ਰੀ ਅਮਿਤ ਕੁਮਾਰ ਪੰਚਾਲ, ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜ਼ਿਲ੍ਹੇ ਵਿੱਚ ਐਸ.ਆਈ.ਆਰ ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਵੱਖ-ਵੱਖ ਸੈੱਲਾਂ ਦੇ ਜਿਲ੍ਹਾ ਨੋਡਲ ਅਫਸਰਾਂ ਅਤੇ ਸਮੂਹ ਟੀਮ ਮੈਂਬਰਾਂ ਨਾਲ ਦਫਤਰ ਡਿਪਟੀ ਕਮਿਸ਼ਨਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ੍ਰੀ ਅਮਿਤ ਕੁਮਾਰ ਪੰਚਾਲ, ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜ਼ਿਲ੍ਹੇ ਵਿੱਚ ਐਸ.ਆਈ.ਆਰ ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਵੱਖ-ਵੱਖ ਸੈੱਲਾਂ ਦੇ ਜਿਲ੍ਹਾ ਨੋਡਲ ਅਫਸਰਾਂ ਅਤੇ ਸਮੂਹ ਟੀਮ ਮੈਂਬਰਾਂ ਨਾਲ ਦਫਤਰ ਡਿਪਟੀ ਕਮਿਸ਼ਨਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ)-2026 ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਅਤੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਟੀਮ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਮੌਕੇ ਉਹਨਾਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਦੀਆਂ ਗਤੀਵਿਧੀਆਂ ਦਾ ਰਿਵਿਊ ਕੀਤਾ। ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਿੱਧੀ ਨਿਗਰਾਨੀ ਹੇਠ ਐਸ.ਆਈ.ਆਰ ਨਾਲ ਸਬੰਧਿਤ ਹਰ ਗਤੀਵਿਧੀ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮਰਪਿਤ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਨਿਯੁਕਤ ਕੀਤੇ ਗਏ ਨੋਡਲ ਅਫ਼ਸਰ ਸ਼ਿਕਾਇਤ ਨਿਵਾਰਣ, ਆਈ.ਟੀ ਸਬੰਧੀ ਸਮੱਸਿਆਵਾਂ ਦੇ ਹੱਲ, ਟ੍ਰੇਨਿੰਗ ਪ੍ਰਬੰਧਨ, ਸਮੱਗਰੀ ਪ੍ਰਬੰਧਨ, ਸੋਸ਼ਲ ਮੀਡੀਆ ਤਾਲਮੇਲ, ਸਵੀਪ ਜਾਗਰੂਕਤਾ ਗਤੀਵਿਧੀਆਂ, ਐਸ.ਆਈ.ਆਰ ਸਬੰਧੀ ਅਹਿਮ ਮੁੱਦਿਆਂ ਦੀ ਰਿਪੋਰਟਿੰਗ, ਕਾਨੂੰਨੀ ਮਾਮਲੇ, ਬੀ.ਐਲ.ਓਜ਼ ਦੀ ਭਲਾਈ ਅਤੇ ਹੈੱਲਪ ਡੈਸਕ ਸੰਚਾਲਨ ਵਰਗੇ ਮਹੱਤਵਪੂਰਨ ਕਾਰਜਾਂ ਦੀ ਨਿਗਰਾਨੀ ਕਰਨਗੇ।
ਸ੍ਰੀ ਪੰਚਾਲ ਨੇ ਅੱਗੇ ਕਿਹਾ ਕਿ ਇਹ ਟੀਮਾਂ ਐਸ.ਆਈ.ਆਰ ਪ੍ਰਕਿਰਿਆ ਦੌਰਾਨ ਲੋਕਾਂ ਦੀ ਸਹਾਇਤਾ ਵੀ ਕਰਨਗੀਆਂ ਅਤੇ ਇਹ ਯਕੀਨੀ ਬਣਾਉਣਗੀਆਂ ਕਿ ਯੋਗ ਵੋਟਰਾਂ ਨੂੰ ਦਸਤਾਵੇਜ਼ੀ ਅਤੇ ਤਸਦੀਕੀ ਕਾਰਵਾਈ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਜਿਲ੍ਹਾ ਚੋਣ ਅਫਸਰ ਨੇ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਨੂੰ ਮੁੱਖ ਰੱਖਦਿਆਂ ਅਲਾਟ ਕੀਤੇ ਗਏ ਕੰਮਾਂ ਸਬੰਧੀ ਪੂਰੀ ਤਨਦੇਹੀ, ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਹਨਾਂ ਨੋਡਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕਾਂ ਦੀ ਐਸ.ਆਈ.ਆਰ ਸਬੰਧੀ ਸਮੱਸਿਆਵਾਂ ਦੇ ਹੱਲ ਲਈ ਵੀ ਇੱਕ ਸਮਰਪਿਤ ਹੈੱਲਪ ਡੈਸਕ ਜਿਲਾ ਸੇਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਸਥਾਪਿਤ ਕੀਤਾ ਜਾ ਚੁੱਕਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਐਸ.ਆਈ.ਆਰ ਦਾ ਕੰਮ 15 ਜੂਨ 2026 ਤੋਂ ਸ਼ੁਰੂ ਕੀਤਾ ਜਾਣਾ ਹੈ, 15 ਜੂਨ ਤੋਂ 24 ਜੂਨ ਤੱਕ ਤਿਆਰੀਆਂ, ਸਿਖਲਾਈ ਅਤੇ ਐਨੂਮਰੇਸ਼ਨ ਫਾਰਮਾਂ ਦੀ ਛਪਾਈ ਦਾ ਸਮਾਂ ਰਹੇਗਾ। 25 ਜੂਨ ਤੋਂ 24 ਜੁਲਾਈ ਤੱਕ ਬੂਥ ਲੈਵਲ ਅਫਸਰ (ਬੀ.ਐਲ.ਓ) ਘਰ-ਘਰ ਜਾ ਕੇ ਐਨੂਮਰੇਸ਼ਨ ਫਾਰਮਾਂ ਦੀ ਵੰਡ ਕਰਨਗੇ ਅਤੇ ਭਰੇ ਹੋਏ ਫਾਰਮ ਵਾਪਿਸ ਪ੍ਰਾਪਤ ਕਰਨਗੇ। ਉਹਨਾਂ ਕਿਹਾ ਕਿ 3 ਅਗਸਤ ਨੂੰ ਵੋਟਰ ਸੂਚੀ ਦੀ ਡਰਾਫਟ ਪਬਲਿਕੇਸ਼ਨ ਕੀਤੀ ਜਾਵੇਗੀ ਅਤੇ 3 ਅਗਸਤ ਤੋਂ 2 ਸਤੰਬਰ ਤੱਕ ਦਾਅਵੇ ਅਤੇ ਇਤਰਾਜ ਪ੍ਰਾਪਤ ਕੀਤੇ ਜਾਣਗੇ। ਪ੍ਰਾਪਤ ਹੋਏ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਸਤੰਬਰ ਤੱਕ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਵੱਲੋਂ ਕੀਤਾ ਜਾਵੇਗਾ ਅਤੇ 1 ਅਕਤੂਬਰ, 2026 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ। ਇਸ ਮੌਕੇ ਸ੍ਰੀ ਡੈਵੀ ਗੋਇਲ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ੍ਰੀ ਸੁਰਿੰਦਰ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੀ ਮੌਜੂਦ ਸਨ।
Author : Malout Live



