ਤੇਲ ਬੀਜ ਫਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪਿੰਡ ਮਹਿਰਾਜ ਵਾਲਾ ਵਿਖੇ ਹੋਇਆ ਖੇਤ ਦਿਵਸ ਦਾ ਆਯੋਜਨ
ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਮਹਿਰਾਜਵਾਲਾ ਵਿਖੇ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਿੰਡ ਦੇ ਲਗਭਗ 100 ਸੂਝਵਾਨ ਕਿਸਾਨ ਵੀਰਾਂ ਨੇ ਭਾਗ ਲਿਆ। ਉਨ੍ਹਾਂ ਨੇ ਕੇ.ਵੀ.ਕੇ ਵੱਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਬਾਰੇ ਕਿਸਾਨਾਂ ਨੂੰ ਜਾਣੂੰ ਕਰਵਾਇਆ ਅਤੇ ਕਿਸਾਨਾਂ ਨੂੰ ਖੇਤੀ ਦੇ ਨਾਲ ਨਾਲ ਹੋਰ ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਿਤ ਕੀਤਾ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਤੇਲ ਬੀਜ ਫਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਮਹਿਰਾਜਵਾਲਾ ਵਿਖੇ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਿੰਡ ਦੇ ਲਗਭਗ 100 ਸੂਝਵਾਨ ਕਿਸਾਨ ਵੀਰਾਂ ਨੇ ਭਾਗ ਲਿਆ। ਖੇਤ ਦਿਵਸ ਦੀ ਪ੍ਰਧਾਨਗੀ ਕਰਦੇ ਹੋਏ ਡਾ. ਕਰਮਜੀਤ ਸ਼ਰਮਾ ਸਹਿਯੋਗੀ ਨਿਰਦੇਸ਼ਕ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫਸਲੀ ਵਿਭਿੰਨਤਾ ਵਿੱਚ ਸਰੋਂ ਦੀ ਫਸਲ ਦੇ ਮਹੱਤਵ ਅਤੇ ਆਰਥਿਕ ਲੇਖੇ-ਜੋਖੇ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਨੇ ਤੇਲ ਬੀਜ ਫਸਲਾਂ ਹੇਠ ਘੱਟ ਰਹੇ ਰਕਬੇ ਅਤੇ ਵੱਧ ਰਹੀ ਮੰਗ ਬਾਰੇ ਜਾਣਕਾਰੀ ਦਿੰਦਿਆਂ ਇਹਨਾਂ ਫਸਲਾਂ ਹੇਠ ਰਕਬਾ ਵਧਾਉਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇ.ਵੀ.ਕੇ ਵੱਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਬਾਰੇ ਕਿਸਾਨਾਂ ਨੂੰ ਜਾਣੂੰ ਕਰਵਾਇਆ ਅਤੇ ਕਿਸਾਨਾਂ ਨੂੰ ਖੇਤੀ ਦੇ ਨਾਲ ਨਾਲ ਹੋਰ ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਉਹਨਾਂ ਨੇ ਕਿਸਾਨ ਵੀਰਾਂ ਨੂੰ 17 ਮਾਰਚ ਨੂੰ ਖੇਤਰੀ ਖੋਜ ਕੇਂਦਰ ਫ਼ਰੀਦਕੋਟ ਵਿਖੇ ਲਗਾਏ ਜਾ ਰਹੇ ਕਿਸਾਨ ਮੇਲੇ ਵਿੱਚ ਸ਼ਮੂਲੀਅਤ ਕਰਨ ਦਾ ਸੁਨੇਹਾ ਦਿੱਤਾ।
ਇਸ ਮੌਕੇ ਡਾ. ਗੁਰਵਿੰਦਰ ਸਿੰਘ ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਦੱਸਿਆ ਕਿ ਕਨੋਲਾ ਸਰੋਂ ਦੇ ਤੇਲ ਵਿੱਚ ਇਰੂਸਿਕ ਐਸਿਡ ਦੀ ਮਾਤਰਾ 2% ਤੋਂ ਘੱਟ ਅਤੇ ਇਸ ਦੀ ਖਲ ਵਿੱਚ ਗਲੂਕੋਸਿਨੋਲੇਟਸ ਦੀ ਮਾਤਰਾ 30 ਮਾਈਕ੍ਰੋਮੋਲ ਪ੍ਰਤੀ ਗ੍ਰਾਮ ਤੋਂ ਘੱਟ ਹੋਣ ਕਾਰਨ ਇਹ ਮਨੁੱਖ ਅਤੇ ਪਸ਼ੂਆਂ ਦੀ ਸਿਹਤ ਲਈ ਬਹੁਤ ਲਾਭਕਾਰੀ ਹੈ। ਇਸ ਤੋਂ ਇਲਾਵਾ ਤੇਲ ਬੀਜ ਫਸਲਾਂ ਦੀ ਸੁਚੱਜੀ ਕਾਸ਼ਤ ਸਬੰਧੀ ਪੀ.ਏ.ਯੂ ਦੀਆਂ ਸਿਫਰਸ਼ਾਂ ਅਤੇ ਕਸ਼ਤਕਾਰੀ ਤਰੀਕਿਆਂ ਬਾਏ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਸਲ ਦੇ ਚੰਗੇ ਝਾੜ ਪ੍ਰਾਪਤ ਕਰਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਣਾਈ ਰੱਖਣ ਲਈ ਖਾਦਾਂ ਦੀ ਸੁਚੱਜੀ ਵਰਤੋਂ ਕਰਨੀ ਚਾਹੀਦੀ ਹੈ। ਇਸ ਦੌਰਾਨ ਡਾ. ਵਿਵੇਕ ਸ਼ਰਮਾ ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਗਰਮੀਆਂ ਵਿੱਚ ਪਸ਼ੂਆਂ ਦੇ ਰੱਖ-ਰਖਾਵ ਸਬੰਧੀ ਜ਼ਰੂਰੀ ਨੁਕਤੇ ਸਾਂਝੇ ਕੀਤੇ। ਇਸ ਤੋਂ ਇਲਾਵਾ, ਉਹਨਾਂ ਨੇ ਪਸ਼ੂਆਂ ਦੀ ਚੰਗੀ ਖੁਰਾਕ ਅਤੇ ਪਾਣੀ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ । ਸ਼੍ਰੀਮਤੀ ਚਰਨਜੀਤ ਕੌਰ (ਡਮੋਨਸਟਰੇਟਰ) ਗ੍ਰਹਿ ਵਿਗਿਆਨ ਨੇ ਮਨੁੱਖੀ ਖੁਰਾਕ ਵਿੱਚ ਤੇਲ ਦੀ ਮਹੱਤਤਾ ਅਤੇ ਇਸ ਦੀ ਵਰਤੋਂ ਸੰਬੰਧੀ ਜਾਣਕਾਰੀ ਦਿੱਤੀ। ਇਸ ਤੋਂ ਮਗਰੋਂ ਮਾਹਿਰਾਂ ਵੱਲੋਂ ਕਿਸਾਨ ਵੀਰਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ।
Author : Malout Live



