ਕਿਸਾਨਾਂ ਵੱਲੋਂ 20 ਅਗਸਤ ਤੋਂ ਖੇਤੀਬਾੜੀ ਮੰਤਰੀ ਖੁੱਡੀਆਂ ਦੇ ਘਰ ਅੱਗੇ ਦਿਨ-ਰਾਤ ਦਾ ਪੱਕਾ ਧਰਨਾ ਲਗਾਉਣ ਦਾ ਐਲਾਨ

ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਸਾਂਝੀ ਜ਼ਿਲ੍ਹਾ ਪੱਧਰੀ ਮੀਟਿੰਗ ਮਲੋਟ ਵਿਖੇ ਹੋਈ, ਜਿਸ ਦੌਰਾਨ ਫੈਸਲਾ ਕੀਤਾ ਗਿਆ ਕਿ 20 ਅਗਸਤ ਤੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਦਿਨ-ਰਾਤ ਦਾ ਪੱਕਾ ਧਰਨਾ ਸ਼ੁਰੂ ਕੀਤਾ ਜਾਵੇਗਾ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਸਾਂਝੀ ਜ਼ਿਲ੍ਹਾ ਪੱਧਰੀ ਮੀਟਿੰਗ ਮਲੋਟ ਵਿਖੇ ਹੋਈ, ਜਿਸ ਦੌਰਾਨ ਫੈਸਲਾ ਕੀਤਾ ਗਿਆ ਕਿ 20 ਅਗਸਤ ਤੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਦਿਨ-ਰਾਤ ਦਾ ਪੱਕਾ ਧਰਨਾ ਸ਼ੁਰੂ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਨਾਲ ਹੋਈਆਂ ਸੂਬਾ ਪੱਧਰੀ ਮੀਟਿੰਗਾਂ ਵਿੱਚ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਨਾ ਕਰਨ ਅਤੇ ਵਾਅਦਾ ਖਿਲਾਫ਼ੀ ਦੇ ਰੋਸ ਵਜੋਂ ਇਹ ਸੰਘਰਸ਼ ਕੀਤਾ ਜਾ ਰਿਹਾ ਹੈ।

ਆਗੂਆਂ ਨੇ ਦੱਸਿਆ ਕਿ ਸਾਲ 2022 ਵਿੱਚ ਗੁਲਾਬੀ ਸੁੰਡੀ ਕਾਰਨ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਲੰਬੀ ਵਿਖੇ ਕੀਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਤੇ ਲਾਠੀਚਾਰਜ ਕੀਤਾ ਗਿਆ ਅਤੇ ਕੇਸ ਦਰਜ ਕੀਤੇ ਗਏ ਸਨ। ਉਨ੍ਹਾਂ ਮੁਤਾਬਿਕ ਮੁੱਖ ਮੰਤਰੀ ਅਤੇ ਖੇਤੀਬਾੜੀ ਮੰਤਰੀ ਵੱਲੋਂ ਇਹ ਕੇਸ ਵਾਪਸ ਲੈਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਮਾਮਲੇ ਵਾਪਿਸ ਲੈਣ ਦੀ ਬਜਾਏ ਅਦਾਲਤਾਂ ਵਿੱਚ ਚਲਾਨ ਪੇਸ਼ ਕਰ ਦਿੱਤੇ ਗਏ ਹਨ। ਯੂਨੀਅਨਾਂ ਨੇ ਫ਼ਸਲਾਂ ਦੇ ਨੁਕਸਾਨ ਦਾ ਬਕਾਇਆ ਮੁਆਵਜ਼ਾ, 600 ਤੋਂ ਵੱਧ ਨੁਕਸਾਨੇ ਮਕਾਨਾਂ ਦਾ ਮੁਆਵਜ਼ਾ, ਲਾਲ ਲਕੀਰ ਅਤੇ ਸ਼ਾਮਲਾਟ ਜ਼ਮੀਨਾਂ ਤੇ ਰਹਿੰਦੇ ਲੋਕਾਂ ਨੂੰ ਮਾਲਕੀ ਹੱਕ ਅਤੇ ਖੇਤੀ ਨੀਤੀ ਦਾ ਮਸੌਦਾ ਤੁਰੰਤ ਲਾਗੂ ਕਰਨ ਸਮੇਤ ਹੋਰ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਹੈ।

Author : Malout Live