ਗਿੱਦੜਬਾਹਾ ਦੇ ਪਿੰਡ ਭਲਾਈਆਣਾ ਵਿਖੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ, ਇੱਕ ਘੰਟਾ ਰੋਡ ਜਾਮ ਕਰਕੇ ਕੀਤਾ ਰੋਸ ਪ੍ਰਦਰਸ਼ਨ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਗਿੱਦੜਬਾਹਾ ਵੱਲੋਂ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਦੀ ਅਗਵਾਈ ਹੇਠ ਦਾਣਾ ਮੰਡੀ ਭਲਾਈਆਣਾ ਅਤੇ ਆਸ-ਪਾਸ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦੇ ਮਾੜੇ ਪ੍ਰਬੰਧਾਂ ਅਤੇ ਲਿਫ਼ਟਿੰਗ ਦੀ ਸਮੱਸਿਆ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਗਿੱਦੜਬਾਹਾ ਵੱਲੋਂ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਦੀ ਅਗਵਾਈ ਹੇਠ ਦਾਣਾ ਮੰਡੀ ਭਲਾਈਆਣਾ ਅਤੇ ਆਸ-ਪਾਸ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦੇ ਮਾੜੇ ਪ੍ਰਬੰਧਾਂ ਅਤੇ ਲਿਫ਼ਟਿੰਗ ਦੀ ਸਮੱਸਿਆ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਵੱਲੋਂ ਭਲਾਈਆਣਾ ਨੇੜੇ ਬਠਿੰਡਾ-ਮੁਕਤਸਰ ਮੁੱਖ ਮਾਰਗ ’ਤੇ ਦੁਪਹਿਰ 2 ਤੋਂ 3 ਵਜੇ ਤੱਕ ਚੱਕਾ ਜਾਮ ਕਰਕੇ ਆਵਾਜਾਈ ਠੱਪ ਕੀਤੀ ਗਈ, ਜਿਸ ਕਾਰਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਲਾਈਨਾਂ ਲੱਗ ਗਈਆਂ। ਇਸ ਮੌਕੇ ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਖ਼ਰੀਦ ਏਜੰਸੀਆਂ ਵੱਲੋਂ ਜ਼ਿਆਦਾਤਰ ਮੰਡੀਆਂ ਵਿੱਚ ਇੱਕ-ਇੱਕ ਸ਼ੈਲਰ ਅਲਾਟ ਕੀਤੇ ਜਾਣ ਕਾਰਨ ਸ਼ੈਲਰ ਮਾਲਕ ਮਨਮਾਨੀਆਂ ਕਰ ਰਹੇ ਹਨ। ਨਮੀ ਮਾਪਣ ਵਾਲੀਆਂ ਮਸ਼ੀਨਾਂ ਵਿੱਚ ਗੜਬੜੀ ਕਰਕੇ ਨਮੀ ਵੱਧ ਦਿਖਾਈ ਜਾਂਦੀ ਹੈ ਅਤੇ ਕਿਸਾਨਾਂ ਦੀ ਢਾਈ ਤੋਂ ਤਿੰਨ ਕਿੱਲੋ ਪ੍ਰਤੀ ਕੁਇੰਟਲ ਤੱਕ ਕਾਟ ਲਗਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਪਿਛਲੇ 15 ਤੋਂ 18 ਦਿਨਾਂ ਤੋਂ ਮੰਡੀਆਂ ਵਿੱਚ ਰੁਲ ਰਹੇ ਹਨ ਅਤੇ ਦਿਵਾਲੀ ਦਾ ਤਿਉਹਾਰ ਵੀ ਮੰਡੀਆਂ ਵਿੱਚ ਮਨਾਉਣ ਲਈ ਮਜ਼ਬੂਰ ਹੋਏ ਹਨ। ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਅਤੇ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਮੰਗ ਕੀਤੀ ਕਿ ਝੋਨੇ ਵਿੱਚ ਨਮੀ ਦੀ ਛੋਟ 17 ਤੋਂ ਵਧਾ ਕੇ 22 ਫ਼ੀਸਦੀ ਕੀਤੀ ਜਾਵੇ, ਚੌਲਾਂ ਦੀ ਮੀਲਿੰਗ 67 ਦੀ ਥਾਂ 64 ਕਿੱਲੋ ਨਿਰਧਾਰਿਤ ਕੀਤੀ ਜਾਵੇ ਅਤੇ ਮੰਡੀਆਂ ਵਿੱਚੋਂ ਝੋਨੇ ਦੀ ਲਿਫ਼ਟਿੰਗ ਤੁਰੰਤ ਤੇਜ਼ ਕੀਤੀ ਜਾਵੇ। ਧਰਨੇ ਦੀ ਸੂਚਨਾ ਮਿਲਣ ’ਤੇ ਜ਼ਿਲ੍ਹਾ ਪੱਧਰੀ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਖ਼ਰੀਦ ਦੇ ਆਰ.ਓ ਕਟਵਾ ਕੇ ਖ਼ਰੀਦ ਸ਼ੁਰੂ ਕਰਵਾਈ। ਅਧਿਕਾਰੀਆਂ ਵੱਲੋਂ ਸਮੱਸਿਆਵਾਂ ਦੇ ਹੱਲ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਕਿਸਾਨਾਂ ਨੇ ਧਰਨਾ ਸਮਾਪਤ ਕਰ ਦਿੱਤਾ ਅਤੇ ਆਵਾਜਾਈ ਬਹਾਲ ਹੋ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਹਾਜ਼ਿਰ ਸਨ।
Author : Malout Live



