ਮਲੋਟ ਵਿੱਚ ਸ਼ੁੱਕਰਵਾਰ ਨੂੰ ਡਰਾਈ ਡੇਅ ਵਜੋਂ ਮਨਾਇਆ ਗਿਆ, ਲੋਕਾਂ ਨੂੰ ਵੀ ਕੀਤਾ ਜਾਗਰੂਕ

ਸਿਵਲ ਹਸਪਤਾਲ ਮਲੋਟ ਦੀਆਂ ਟੀਮਾਂ ਵੱਲੋਂ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਸੰਬੰਧੀ ਗਤੀਵਿਧੀਆਂ ਕੀਤੀਆਂ ਗਈਆਂ। ਇਨ੍ਹਾਂ ਟੀਮਾਂ ਵੱਲੋਂ ਰਵਿਦਾਸ ਨਗਰ ਵਿਖੇ ਵਿਸ਼ੇਸ਼ ਤੌਰ ਤੇ ਡੇਂਗੂ ਸੰਬੰਧੀ ਘਰ-ਘਰ ਜਾ ਕੇ ਮੱਛਰਾਂ ਦੇ ਲਾਰਵੇ ਦੀ ਜਾਂਚ ਕੀਤੀ ਅਤੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ।

ਮਲੋਟ : ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਡਾ. ਜਗਦੀਪ ਚਾਵਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜਿੰਦਰ ਕੁਮਾਰ ਅਤੇ ਜਿਲ੍ਹਾ ਐਪੀਡੀਮੋਲਜਿਸਟ ਡਾ. ਹਰਕੀਰਤਨ ਸਿੰਘ ਦੀ ਯੋਗ ਅਗਵਾਈ ਹੇਠ ਸਿਵਲ ਹਸਪਤਾਲ ਮਲੋਟ ਦੀਆਂ ਟੀਮਾਂ ਵੱਲੋਂ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਸੰਬੰਧੀ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਐੱਸ.ਐਮ.ਓ ਡਾ. ਰਾਜਿੰਦਰ ਕੁਮਾਰ ਨੇ ਦੱਸਿਆ ਕਿ ਡੇਂਗੂ ਹੋਣ ਉੱਤੇ ਤੇਜ਼ ਬੁਖਾਰ ਹੁੰਦਾ ਹੈ। ਇਸ ਦੇ ਨਾਲ ਹੀ ਸਿਰ ਦਰਦ, ਹੱਡੀਆਂ ਦੇ ਜੋੜਾਂ ਵਿੱਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਨੱਕ ਤੇ ਮਸੂੜਿਆਂ ਵਿੱਚੋਂ ਖੂਨ ਆਉਣ ਵਰਗੇ ਲੱਛਣ ਹੋ ਸਕਦੇ ਹਨ। ਅਜਿਹਾ ਹੋਣ ਤੇ ਡੇਂਗੂ ਸੰਬੰਧੀ ਟੈਸਟ ਸਰਕਾਰੀ ਸੰਸਥਾ ਤੋਂ ਕਰਵਾਉਣਾ ਚਾਹੀਦਾ ਹੈ ਅਤੇ ਤੁਰੰਤ ਆਪਣਾ ਇਲਾਜ ਵੀ ਸ਼ੁਰੂ ਕਰਵਾਉਣਾ ਚਾਹੀਦਾ ਹੈ।

ਇਸ ਦੌਰਾਨ ਸੁਖਨਪਾਲ ਸਿੰਘ ਨੇ ਦੱਸਿਆ ਕਿ ਡੇਂਗੂ ਏਡੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਜੋ ਕਿ ਸਾਫ਼ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ ਜਿਵੇਂ ਕਿ ਗਮਲੇ, ਕੂਲਰ, ਟਾਇਰ, ਕਬਾੜ ਵਾਲੀਆਂ ਚੀਜ਼ਾਂ ਵਿੱਚ ਪਾਣੀ ਖੜ੍ਹ ਸਕਦਾ ਹੈ, ਉਨ੍ਹਾਂ ਨੂੰ ਸਾਫ ਰੱਖਣਾ ਚਾਹੀਦਾ ਹੈ ਤੇ ਇਨ੍ਹਾਂ ਵਿੱਚੋਂ ਪਾਣੀ ਡੋਲ੍ਹ ਦਿੱਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਕੂਲਰ ਦਾ ਪਾਣੀ ਵੀ ਅਕਸਰ ਬਦਲਦੇ ਰਹਿਣਾ ਚਾਹੀਦਾ ਹੈ। ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਵਜੋਂ ਮਨਾਉਣਾ ਚਾਹੀਦਾ ਹੈ ਤਾਂ ਜੋ ਡੇਂਗੂ ਵਰਗੀ ਬਿਮਾਰੀ ਤੋਂ ਬਚਿਆ ਜਾ ਸਕੇ। ਇਨ੍ਹਾਂ ਟੀਮਾਂ ਵੱਲੋਂ ਰਵਿਦਾਸ ਨਗਰ ਵਿਖੇ ਵਿਸ਼ੇਸ਼ ਤੌਰ ਤੇ ਡੇਂਗੂ ਸੰਬੰਧੀ ਘਰ-ਘਰ ਜਾ ਕੇ ਮੱਛਰਾਂ ਦੇ ਲਾਰਵੇ ਦੀ ਜਾਂਚ ਕੀਤੀ ਅਤੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ। ਇਸ ਮੌਕੇ ਹਰਜੀਤ ਸਿੰਘ ਹੈੱਲਥ ਸੁਪਰਵਾਈਜ਼ਰ, ਗੁਰਪ੍ਰੀਤ ਸਿੰਘ ਅਤੇ ਹਰਜਿੰਦਰ ਸਿੰਘ ਮਲਟੀਪਰਪਜ਼ ਹੈੱਲਥ ਵਰਕਰ (ਮੇਲ), ਗੁਰੂ ਰਾਮਦਾਸ ਨਰਸਿੰਗ ਕਾਲਜ ਦੇ ਵਿਦਿਆਰਥੀ, ਬ੍ਰੀਡਿੰਗ ਚੈੱਕਰ ਅਤੇ ਪਤਵੰਤੇ ਹਾਜ਼ਿਰ ਸਨ।

Author : Malout Live