ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਵਿੱਚ ਵਾਧਾ ਕਰੇ ਸਰਕਾਰ- ਡਾ. ਬਲਜੀਤ ਸਿੰਘ ਗਿੱਲ
ਡਾ. ਬਲਜੀਤ ਸਿੰਘ ਗਿੱਲ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮੌਜੂਦਾ ਭਿਆਨਕ ਗਰਮੀ ਨੂੰ ਧਿਆਨ ਵਿੱਚ ਰੱਖਦਿਆਂ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਵਿੱਚ ਘੱਟੋ-ਘੱਟ ਇੱਕ ਹਫ਼ਤੇ ਦਾ ਹੋਰ ਵਾਧਾ ਕੀਤਾ ਜਾਵੇ।
ਮਲੋਟ : ਸਮਾਜਿਕ ਅਤੇ ਸਿੱਖਿਆਕ ਵੱਖ-ਵੱਖ ਮਸਲਿਆਂ ਦੇ ਆਲੋਚਕ ਤੇ ਕਲਮ ਨਵੀਸ ਕਾਲਜ ਪ੍ਰਿੰਸੀਪਲ ਡਾ. ਬਲਜੀਤ ਸਿੰਘ ਗਿੱਲ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮੌਜੂਦਾ ਭਿਆਨਕ ਗਰਮੀ ਨੂੰ ਧਿਆਨ ਵਿੱਚ ਰੱਖਦਿਆਂ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਵਿੱਚ ਘੱਟੋ-ਘੱਟ ਇੱਕ ਹਫ਼ਤੇ ਦਾ ਹੋਰ ਵਾਧਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਲਗਾਤਾਰ ਵੱਧ ਰਹੇ ਤਾਪਮਾਨ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ ਅਤੇ ਬਿਜਲੀ ਤੇ ਪਾਣੀ ਦੀ ਸਪਲਾਈ ਵਿੱਚ ਵੀ ਰੁਕਾਵਟਾਂ ਆ ਰਹੀਆਂ ਹਨ। ਅਜਿਹੇ ਹਾਲਾਤਾਂ ਵਿੱਚ ਸਕੂਲਾਂ ਵਿੱਚ ਬਿਜਲੀ ਨਾ ਹੋਣ ਕਾਰਨ ਵਿਦਿਆਰਥੀਆਂ ਲਈ ਪੜ੍ਹਾਈ ਦਾ ਉਚਿਤ ਮਾਹੌਲ ਨਹੀਂ ਬਣ ਸਕਦਾ।
ਡਾ. ਗਿੱਲ ਨੇ ਕਿਹਾ ਕਿ ਖਾਸ ਕਰਕੇ ਛੋਟੇ ਬੱਚਿਆਂ ਨੂੰ ਇਸ ਤਿੱਖੀ ਗਰਮੀ ਕਾਰਨ ਹੀਟ ਸਟ੍ਰੋਕ, ਡੀਹਾਈਡ੍ਰੇਸ਼ਨ ਅਤੇ ਹੋਰ ਮੌਸਮੀ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਪਹਿਲ ਦਿੰਦਿਆਂ ਮੌਸਮ ਦੀ ਸਥਿਤੀ ਦਾ ਜਾਇਜ਼ਾ ਲੈ ਕੇ ਗਰਮੀ ਦੀਆਂ ਛੁੱਟੀਆਂ ਵਿੱਚ ਇੱਕ ਹਫ਼ਤੇ ਦਾ ਵਾਧਾ ਕੀਤਾ ਜਾਵੇ, ਤਾਂ ਜੋ ਮੌਸਮ ਅਨੁਕੂਲ ਹੋਣ 'ਤੇ ਬੱਚਿਆਂ ਨੂੰ ਸੁਰੱਖਿਅਤ ਅਤੇ ਸੁਖਾਵੇਂ ਮਾਹੌਲ ਵਿੱਚ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ।
Author : Malout Live



