ਹਰਪ੍ਰੀਤ ਸਿੰਘ ਕੋਟਭਾਈ ਵੱਲੋਂ ਲੱਖੇਵਾਲੀ ਵਿਖੇ ‘ਡੋਰ ਟੂ ਡੋਰ’ ਮੁਹਿੰਮ ਦੀ ਜ਼ੋਰਦਾਰ ਸ਼ੁਰੂਆਤ
ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਪਿੰਡ ਲੱਖੇਵਾਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਹਲਕਾ ਇੰਚਾਰਜ ਸ. ਹਰਪ੍ਰੀਤ ਸਿੰਘ ਕੋਟਭਾਈ ਦੀ ਅਗਵਾਈ ਹੇਠ ‘ਡੋਰ ਟੂ ਡੋਰ’ ਮੁਹਿੰਮ ਦੀ ਜ਼ੋਰਦਾਰ ਸ਼ੁਰੂਆਤ ਕੀਤੀ ਗਈ। ਇਸ ਮੌਕੇ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਘਰ-ਘਰ ਪਹੁੰਚ ਕਰਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਪਿੰਡ ਲੱਖੇਵਾਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਹਲਕਾ ਇੰਚਾਰਜ ਸ. ਹਰਪ੍ਰੀਤ ਸਿੰਘ ਕੋਟਭਾਈ ਦੀ ਅਗਵਾਈ ਹੇਠ ‘ਡੋਰ ਟੂ ਡੋਰ’ ਮੁਹਿੰਮ ਦੀ ਜ਼ੋਰਦਾਰ ਸ਼ੁਰੂਆਤ ਕੀਤੀ ਗਈ। ਇਸ ਮੌਕੇ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਘਰ-ਘਰ ਪਹੁੰਚ ਕਰਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਸੁਝਾਵਾਂ ਸੰਬੰਧੀ ਵਿਸ਼ੇਸ਼ ਫ਼ਾਰਮ ਭਰਵਾ ਕੇ ਜਾਣਕਾਰੀ ਇਕੱਤਰ ਕੀਤੀ। ਸ. ਕੋਟਭਾਈ ਨੇ ਕਿਹਾ ਕਿ ਲੋਕਾਂ ਵੱਲੋਂ ਦਿੱਤੀ ਜਾਣਕਾਰੀ ਅਤੇ ਸੁਝਾਵਾਂ ਦੇ ਆਧਾਰ ’ਤੇ ਸ਼੍ਰੋਮਣੀ ਅਕਾਲੀ ਦਲ ਦਾ ਆਗਾਮੀ ਚੋਣ ਮਨੋਰਥ ਪੱਤਰ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣ ਮਨੋਰਥ ਪੱਤਰ ਨੂੰ ਕਾਨੂੰਨੀ ਦਸਤਾਵੇਜ਼ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਵਾਅਦੇ ਪੂਰੇ ਨਾ ਕਰਨ ਵਾਲੀਆਂ ਸਿਆਸੀ ਪਾਰਟੀਆਂ ਦੀ ਜਵਾਬਦੇਹੀ ਤੈਅ ਹੋ ਸਕੇ।
ਉਨ੍ਹਾਂ ਦੱਸਿਆ ਕਿ ਅਕਾਲੀ ਸਰਕਾਰ ਬਣਨ ’ਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ, ਆਟਾ-ਦਾਲ ਸਕੀਮ ਮੁੜ ਸ਼ੁਰੂ ਕਰਨ, ਪਹਿਲੇ ਸਾਲ ਵਿੱਚ ਤਿੰਨ ਲੱਖ ਸਰਕਾਰੀ ਨੌਕਰੀਆਂ ਭਰਨ, ਬੁਢਾਪਾ ਪੈਨਸ਼ਨ 3,100 ਰੁਪਏ ਕਰਨ, ਸ਼ਗਨ ਸਕੀਮ ਦੀ ਰਾਸ਼ੀ ਇੱਕ ਲੱਖ ਰੁਪਏ ਕਰਨ, ਨੌਜਵਾਨਾਂ ਨੂੰ 10 ਲੱਖ ਰੁਪਏ ਤੱਕ ਵਿਆਜ਼ ਮੁਕਤ ਕਰਜ਼ਾ ਦੇਣ ਅਤੇ ਲਾਲ ਡੋਰੇ ਅੰਦਰ ਰਹਿੰਦੇ ਲੋਕਾਂ ਨੂੰ ਮਾਲਕੀ ਹੱਕ ਦੇਣ ਵਰਗੇ ਮੁੱਖ ਏਜੰਡੇ ਲਾਗੂ ਕੀਤੇ ਜਾਣਗੇ। ‘ਆਪ’ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਸ. ਕੋਟਭਾਈ ਨੇ ਦੋਸ਼ ਲਾਇਆ ਕਿ ਸਰਕਾਰ ਹਰ ਫ਼ਰੰਟ ’ਤੇ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਿਰ ਕਰੀਬ 4.5 ਲੱਖ ਕਰੋੜ ਰੁਪਏ ਦਾ ਕਰਜ਼ਾ ਚੜ੍ਹ ਗਿਆ ਹੈ ਅਤੇ ਪਿਛਲੀ ਸਰਕਾਰ ਦੀਆਂ ਕਈ ਲੋਕ-ਭਲਾਈ ਸਕੀਮਾਂ ਬੰਦ ਜਾਂ ਬਦਲ ਦਿੱਤੀਆਂ ਗਈਆਂ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਅਕਾਲੀ ਆਗੂ, ਪੰਚ-ਸਰਪੰਚ, ਯੂਥ ਆਗੂ ਅਤੇ ਵਰਕਰ ਹਾਜ਼ਿਰ ਸਨ।
Author : Malout Live



