ਪਰਾਲੀ ਪ੍ਰਬੰਧਨ ਸਬੰਧੀ ਸਿਖਲਾਈ ਪਲੇਟਫ਼ਾਰਮ ਵਿੱਚ ਵੱਖ-ਵੱਖ ਤਕਨੀਕਾਂ ਰਾਹੀਂ ਬੀਜੀ ਕਣਕ ਸਬੰਧੀ ਵਾਢੀ ਦਿਵਸ ਦਾ ਕੀਤਾ ਗਿਆ ਆਯੋਜਨ
ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਪਰਾਲੀ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੇ.ਵੀ.ਕੇ ਵਿਖੇ ਬਣਾਏ ਗਏ ਪਰਾਲੀ ਪ੍ਰਬੰਧਨ ਸਬੰਧੀ ਸਿਖਲਾਈ ਪਲੇਟਫ਼ਾਰਮ ਵਿੱਚ ਵੱਖ-ਵੱਖ ਤਕਨੀਕਾਂ ਰਾਹੀਂ ਬੀਜੀ ਕਣਕ ਸਬੰਧੀ ਵਾਢੀ ਦਿਵਸ ਦਾ ਆਯੋਜਨ ਕੀਤਾ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਪਰਾਲੀ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੇ.ਵੀ.ਕੇ ਵਿਖੇ ਬਣਾਏ ਗਏ ਪਰਾਲੀ ਪ੍ਰਬੰਧਨ ਸਬੰਧੀ ਸਿਖਲਾਈ ਪਲੇਟਫ਼ਾਰਮ ਵਿੱਚ ਵੱਖ-ਵੱਖ ਤਕਨੀਕਾਂ ਰਾਹੀਂ ਬੀਜੀ ਕਣਕ ਸਬੰਧੀ ਵਾਢੀ ਦਿਵਸ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਇਲਾਕੇ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਇਸ ਪ੍ਰੋਗਰਾਮ ਵਿੱਚ ਡਾ. ਸਤਬੀਰ ਸਿੰਘ ਗੋਸਲ, ਉੱਪ ਕੁਲਪਤੀ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸਮਾਗਮ ਵਿੱਚ ਡਾ. ਕਿਰਨ ਬੈਂਸ, ਡੀਨ, ਕਾਲਜ ਆਫ਼ ਕਮਿਊਨਿਟੀ ਸਾਇੰਸ, ਪੀ.ਏ.ਯੂ ਅਤੇ ਸ. ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਮੁਕਤਸਰ ਸਾਹਿਬ ਨੇ ਵਿਸ਼ੇਸ਼ ਮਹਿਮਾਨ ਵਜੋਂ ਹਿੱਸਾ ਲਿਆ। ਸਮਾਗਮ ਨੂੰ ਸੰਬੋਧਿਤ ਕਰਦੇ ਹੋਏ ਡਾ. ਗੋਸਲ ਨੇ ਕਿਸਾਨਾਂ ਨੂੰ ਮੌਸਮੀ ਤਬਦੀਲੀ ਨਾਲ ਪੈਦਾ ਹੋ ਰਹੀਆਂ ਖੇਤੀ ਮੁਸ਼ਕਿਲਾਂ ਸਬੰਧੀ ਜਾਗਰੂਕ ਕੀਤਾ ਅਤੇ ਕੁਦਰਤੀ ਸਰੋਤਾਂ ਦੇ ਸੁਚੱਜੇ ਇਸਤੇਮਾਲ ਤੇ ਜ਼ੋਰ ਦਿੱਤਾ। ਉਹਨਾਂ ਨੇ ਪੀ.ਏ.ਯੂ ਵੱਲੋਂ ਵਿਕਸਤ ਕੀਤੀਆਂ ਗਈਆਂ ਪਰਾਲੀ ਪ੍ਰਬੰਧਨ ਤਕਨੀਕਾਂ ਅਪਣਾਉਣ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਇਹਨਾਂ ਨੂੰ ਕਿਸਾਨ ਪੱਖੀ ਅਤੇ ਟਿਕਾਊ ਖੇਤੀ ਲਈ ਲਾਭਕਾਰੀ ਦੱਸਿਆ।
ਉਹਨਾਂ ਨੇ ਕਣਕ ਦੀਆਂ ਸੁਧਰੀਆਂ ਕਿਸਮਾਂ, ਖਾਸ ਤੌਰ ਤੇ ਪੀ.ਬੀ.ਡਬਲਯੂ. 826 ਅਤੇ ਪੀ.ਬੀ. ਡਬਲਯੂ. 872 ਦਾ ਜ਼ਿਕਰ ਕਰਦਿਆਂ ਦੱਸਿਆ ਕਿ ਇਹ ਕਿਸਮਾਂ ਮੌਸਮੀ ਤਬਦੀਲੀ ਕਾਰਨ ਕਣਕ ਦੇ ਪਕਾਅ ਸਮੇਂ ਆਮ ਨਾਲੋਂ ਤਾਪਮਾਨ ਵੱਧਣ ਨਾਲ ਹੋਣ ਵਾਲੇ ਨੁਕਸਾਨ ਨੂੰ ਘਟਾਉਂਦੀਆਂ ਹਨ। ਡਾ. ਗੋਸਲ ਨੇ ਕਿਸਾਨਾਂ ਨੂੰ ਕੇ.ਵੀ.ਕੇ ਵੱਲੋਂ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਵੀ ਪ੍ਰੇਰਿਤ ਕੀਤਾ ਅਤੇ ਪੀ.ਏ.ਯੂ ਤੇ ਉਹਨਾਂ ਦੇ ਲਗਾਤਾਰ ਭਰੋਸੇ ਲਈ ਧੰਨਵਾਦ ਕੀਤਾ। ਇਸ ਮੌਕੇ ਡਾ. ਕਰਮਜੀਤ ਸ਼ਰਮਾਂ ਸਹਿਯੋਗੀ ਨਿਰਦੇਸ਼ਕ ਕੇ.ਵੀ.ਕੇ ਸ੍ਰੀ ਮੁਕਤਸਰ ਸਾਹਿਬ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਪਰਾਲੀ ਸਾੜਨ ਨਾਲ ਵਾਤਾਵਰਣ ਅਤੇ ਮਿੱਟੀ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਡਾ. ਵਿਵੇਕ ਕੁਮਾਰ ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਨੇ ਕੇ.ਵੀ.ਕੇ ਫ਼ਾਰਮ ਵਿਖੇ ਬਣਾਏ ਗਏ ਪਰਾਲੀ ਪ੍ਰਬੰਧਨ ਸਬੰਧੀ ਸਿਖਲਾਈ ਪਲੇਟਫ਼ਾਰਮ ਵਿੱਚ ਵੱਖ-ਵੱਖ ਤਕਨੀਕਾਂ ਰਾਹੀਂ ਬੀਜੀ ਹੋਈ ਕਣਕ ਅਤੇ ਹੋਰ ਖੋਜ ਪ੍ਰਦਰਸ਼ਨੀਆਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਹਨਾਂ ਨੇ ਸਾਉਣੀ ਦੀਆਂ ਫ਼ਸਲਾਂ ਵਿੱਚ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਬਾਰੇ ਵੀ ਕਿਸਾਨਾਂ ਨਾਲ ਗੱਲਬਾਤ ਕੀਤੀ। ਪ੍ਰੋਗਰਾਮ ਦੌਰਾਨ ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਵੱਲੋਂ ਕਿਸਾਨਾਂ ਨੂੰ ਵੱਧ ਤੋਂ ਵੱਧ ਖੇਤੀ ਸਾਹਿਤ ਪੜ੍ਹਣ ਲਈ ਪ੍ਰੇਰਿਤ ਕੀਤਾ। ਸਮਾਗਮ ਵਿੱਚ ਪਹੁੰਚੇ ਹੋਏ ਮਹਿਮਾਨਾਂ ਅਤੇ ਕਿਸਾਨਾਂ ਨੇ ਕੇ.ਵੀ.ਕੇ ਦੇ ਤਕਨੀਕੀ ਪਾਰਕ, ਖੋਜ ਤਜ਼ਰਬਿਆਂ ਅਤੇ ਵੱਖ-ਵੱਖ ਪ੍ਰਦਰਸ਼ਨੀ ਯੂਨਿਟਾਂ ਦਾ ਦੌਰਾ ਕੀਤਾ ਅਤੇ ਡਾ. ਗੋਸਲ ਨੇ ਕੇ.ਵੀ.ਕੇ ਦੀ ਟੀਮ ਵੱਲੋਂ ਕਿਸਾਨਾਂ ਦੀ ਸੇਵਾ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸਰਾਹਨਾ ਕੀਤੀ। ਪ੍ਰੋਗਰਾਮ ਦੇ ਅਖੀਰ ਵਿੱਚ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਅਪਣਾ ਕੇ ਵਾਤਾਵਰਣ ਦੀ ਸੁਰੱਖਿਆ ਅਤੇ ਟਿਕਾਊ ਖੇਤੀ ਵੱਲ ਕਦਮ ਵਧਾਉਣ।
Author : Malout Live



