ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਪੀ.ਏ.ਯੂ - ਕੇ.ਵੀ.ਕੇ ਵੱਲੋਂ ਕਿਸਾਨ ਮੇਲੇ ਦਾ ਕੀਤਾ ਗਿਆ ਆਯੋਜਨ
ਕ੍ਰਿਸ਼ੀ ਵਿਗਿਆਨ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕੇ.ਵੀ.ਕੇ ਵਿਖੇ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਪਿੰਡਾਂ ਦੇ ਲਗਭਗ 500 ਸੂਝਵਾਨ ਕਿਸਾਨਾਂ ਨੇ ਭਾਗ ਲਿਆ। ਮੇਲੇ ਦੌਰਾਨ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਕ੍ਰਿਸ਼ੀ ਵਿਗਿਆਨ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕੇ.ਵੀ.ਕੇ ਵਿਖੇ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਪਿੰਡਾਂ ਦੇ ਲਗਭਗ 500 ਸੂਝਵਾਨ ਕਿਸਾਨਾਂ ਨੇ ਭਾਗ ਲਿਆ। ਇਸ ਮੇਲੇ ਵਿੱਚ ਸ਼੍ਰੀ ਅਭਿਤੇਸ਼ ਸਿੰਘ ਸੰਧੂ ਡੀ. ਆਰ ਸਹਿਕਾਰੀ ਸਭਾਵਾਂ ਸ਼੍ਰੀ ਮੁਕਤਸਰ ਸਾਹਿਬ ਮੁੱਖ ਮਹਿਮਾਨ ਵਜੋਂ ਅਤੇ ਡਾ. ਅਮਰਜੀਤ ਸਿੰਘ ਸੰਧੂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੇਲੇ ਦੀ ਪ੍ਰਧਾਨਗੀ ਕਰਦਿਆਂ ਡਾ. ਕਰਮਜੀਤ ਸ਼ਰਮਾ ਐਸੋਸੀਏਟ ਡਾਇਰੈਕਟਰ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ। ਇਸ ਦੌਰਾਨ ਉਨ੍ਹਾਂ ਨੇ ਪਰਾਲੀ ਦੀ ਸਾਂਭ-ਸੰਭਾਲ ਲਈ ਕੇ.ਵੀ.ਕੇ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕੀਤੀਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਦਾ ਜ਼ਿਕਰ ਕੀਤਾ।
ਇਸ ਦੌਰਾਨ ਹਾੜ੍ਹੀ ਦੀਆਂ ਫਸਲਾਂ ਤੇ ਆਉਣ ਵਾਲੇ ਕੀੜੇ-ਮਕੌੜਿਆਂ ਦੀ ਰੋਕਥਾਮ ਸੰਬੰਧੀ ਜਰੂਰੀ ਨੁਕਤੇ ਸਾਂਝੇ ਕੀਤੇ ਗਏ। ਇਸ ਦੌਰਾਨ ਪਰਾਲੀ ਪ੍ਰਬੰਧਨ ਲਈ ਯੂਨੀਵਰਸਿਟੀ ਵੱਲੋਂ ਸਿਫਾਰਸ਼ ਵੱਖ-ਵੱਖ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ ਗਈ। ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਲਿਆਉਣ ਲਈ ਰਵਾਇਤੀ ਫ਼ਸਲੀ ਚੱਕਰ ਤੋਂ ਇਲਾਵਾ ਹੋਰ ਫ਼ਸਲਾਂ ਜਿਵੇਂ ਕਿ ਹਲਦੀ, ਗੰਨਾ, ਦਾਲਾਂ ਆਦਿ ਹੇਠ ਰਕਬਾ ਲਿਆਉਣ ਲਈ ਪ੍ਰੇਰਿਤ ਕੀਤਾ। ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਪਰਖ ਦੀ ਮਹੱਤਤਾ ਬਾਰੇ ਅਤੇ ਮਿੱਟੀ ਦੀ ਪਰਖ ਦੇ ਅਧਾਰ ਤੇ ਖਾਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ-ਨਾਲ ਗਰਮੀਆਂ ਵਿੱਚ ਪਸ਼ੂਆਂ ਦੀ ਸਾਂਭ-ਸੰਭਾਲ ਅਤੇ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਨਾਲ ਸੰਬੰਧਿਤ ਜ਼ਰੂਰੀ ਨੁਕਤੇ ਸਾਂਝੇ ਕੀਤੇ। ਮੇਲੇ ਦੌਰਾਨ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ।
Author : Malout Live