ਸ਼੍ਰੀ ਮੁਕਤਸਰ ਸਾਹਿਬ ‘ਚ ਵਕੀਲਾਂ ਨੇ ਕੀਤੀ ਅਣਮਿੱਥੇ ਸਮੇਂ ਲਈ ਹੜਤਾਲ, ਸਰਕਾਰ ਤੇ ਚੁੱਕੇ ਸਵਾਲ
ਪੰਜਾਬ ਵਿੱਚ ਲੀਗਲ ਐਂਡ ਡਿਫੈਂਸ ਕੌਂਸਲ ਸਿਸਟਮ (LADCS) ਦੇ ਵਿਰੋਧ ਵਿੱਚ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ 'ਤੇ ਵਕੀਲਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਦੇ ਤਹਿਤ ਸ਼੍ਰੀ ਮੁਕਤਸਰ ਸਾਹਿਬ ਵਿੱਚ ਵੀ ਅਦਾਲਤਾਂ ਦਾ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਰਿਹਾ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਵਿੱਚ ਲੀਗਲ ਐਂਡ ਡਿਫੈਂਸ ਕੌਂਸਲ ਸਿਸਟਮ (LADCS) ਦੇ ਵਿਰੋਧ ਵਿੱਚ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ 'ਤੇ ਵਕੀਲਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਦੇ ਤਹਿਤ ਸ਼੍ਰੀ ਮੁਕਤਸਰ ਸਾਹਿਬ ਵਿੱਚ ਵੀ ਅਦਾਲਤਾਂ ਦਾ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਰਿਹਾ। ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਧਲਵੰਤ ਸਿੰਘ ਉੱਪਲ, ਉਪ-ਪ੍ਰਧਾਨ ਕੁਲਦੀਪ ਕੌਰ ਅਤੇ ਸਕੱਤਰ ਸ਼ੁਭਮ ਸ਼ਰਮਾ ਨੇ ਕਿਹਾ ਕਿ ਮੌਜੂਦਾ ਸਿਸਟਮ ਅਧੀਨ ਅਪਰਾਧ ਦੇ ਦੋਸ਼ੀਆਂ ਨੂੰ ਸਰਕਾਰ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ, ਜਿਸ ਕਾਰਨ ਪੇਸ਼ੇਵਰ ਅਪਰਾਧੀਆਂ ਨੂੰ ਵੀ ਵੱਡਾ ਲਾਭ ਮਿਲ ਰਿਹਾ ਹੈ।
ਉਨ੍ਹਾਂ ਦਾ ਦਾਅਵਾ ਹੈ ਕਿ ਇਸ ਨਾਲ ਲੁੱਟ-ਖੋਹ, ਚੋਰੀ ਅਤੇ ਨਸ਼ਾ ਤਸਕਰੀ ਵਰਗੇ ਅਪਰਾਧਾਂ ਵਿੱਚ ਵਾਧਾ ਹੋ ਰਿਹਾ ਹੈ, ਕਿਉਂਕਿ ਦੋਸ਼ੀ ਆਸਾਨੀ ਨਾਲ ਕਾਨੂੰਨੀ ਮੱਦਦ ਹਾਸਿਲ ਕਰਕੇ ਮੁੜ ਅਪਰਾਧਾਂ ਵਿੱਚ ਸ਼ਾਮਿਲ ਹੋ ਜਾਂਦੇ ਹਨ। ਵਕੀਲਾਂ ਨੇ ਕਿਹਾ ਕਿ ਮੁਫ਼ਤ ਕਾਨੂੰਨੀ ਸਹਾਇਤਾ ਸਿਰਫ਼ ਗਰੀਬ ਅਤੇ ਲੋੜਵੰਦ ਲੋਕਾਂ ਤੱਕ ਸੀਮਿਤ ਰਹਿਣੀ ਚਾਹੀਦੀ ਹੈ, ਨਾ ਕਿ ਪੇਸ਼ੇਵਰ ਅਪਰਾਧੀਆਂ ਨੂੰ ਮਿਲਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਪਹਿਲਾਂ ਭਾਰਤ ਦੇ ਮੁੱਖ ਜੱਜ ਨਾਲ ਵੀ ਗੱਲਬਾਤ ਹੋਈ ਸੀ ਅਤੇ ਇੱਕ ਕਮੇਟੀ ਵੀ ਬਣਾਈ ਗਈ ਸੀ, ਪਰ ਅਜੇ ਤੱਕ ਕੋਈ ਠੋਸ ਫ਼ੈਸਲਾ ਨਹੀਂ ਹੋਇਆ। ਵਕੀਲਾਂ ਨੇ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਸਰਕਾਰ ਇਸ ਨੀਤੀ ਵਿੱਚ ਸੋਧ ਜਾਂ ਇਸ ਨੂੰ ਰੱਦ ਨਹੀਂ ਕਰਦੀ, ਉਦੋਂ ਤੱਕ ਪੰਜਾਬ ਭਰ ਵਿੱਚ ਹੜਤਾਲ ਜਾਰੀ ਰਹੇਗੀ।
Author : Malout Live



