ਸ਼੍ਰੀ ਮੁਕਤਸਰ ਸਾਹਿਬ ਪੁਲਿਸ ਦੀ ਵੱਡੀ ਕਾਰਵਾਈ, 256 ਗ੍ਰਾਮ ਹੈਰੋਇਨ ਸਮੇਤ ਤਸਕਰ ਕਾਬੂ

ਸ਼੍ਰੀ ਮੁਕਤਸਰ ਸਾਹਿਬ ਸੀ.ਆਈ.ਏ ਸਟਾਫ ਦੀ ਟੀਮ ਨੇ ਮਾਲਵਾ ਕਾਲਜ ਨੇੜੇ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ। ਤਲਾਸ਼ੀ ਦੌਰਾਨ ਉਸ ਕੋਲੋਂ 256 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ 256 ਗ੍ਰਾਮ ਹੈਰੋਇਨ ਸਮੇਤ ਇੱਕ ਕਥਿਤ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਮੰਨਿਊ ਰਾਣਾ, ਆਈ.ਪੀ.ਐੱਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਇਸ ਮੁਹਿੰਮ ਦੌਰਾਨ ਸੀ.ਆਈ.ਏ ਸਟਾਫ ਦੀ ਟੀਮ ਨੇ ਮਾਲਵਾ ਕਾਲਜ ਨੇੜੇ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ। ਪੁੱਛਗਿੱਛ ਦੌਰਾਨ ਉਸ ਦੀ ਪਛਾਣ ਮੁੱਖਾ ਪੁੱਤਰ ਬੋਹੜ ਸਿੰਘ ਪੁੱਤਰ ਕੀਮਾ ਵਾਸੀ ਪਿੰਡ ਫੱਤੂਵਾਲਾ, ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ। ਤਲਾਸ਼ੀ ਦੌਰਾਨ ਉਸ ਕੋਲੋਂ 256 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸੰਬੰਧੀ ਥਾਣਾ ਸਦਰ ਸ਼੍ਰੀ ਮੁਕਤਸਰ ਸਾਹਿਬ ਵਿੱਚ ਐਨ.ਡੀ.ਪੀ.ਐੱਸ ਐਕਟ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕਰ ਲਿਆ ਹੈ ਅਤੇ ਉਸ ਤੋਂ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਸਰੋਤਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਐੱਸ.ਐੱਸ.ਪੀ ਅਭਿਮੰਨਿਊ ਰਾਣਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਹੋਰ ਤੇਜ਼ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਵੀ ਨਸ਼ਾ ਤਸਕਰੀ ਸੰਬੰਧੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਦੀ ਅਪੀਲ ਕੀਤੀ।

Author : Malout Live