ਮਲੋਟ-ਅਬੋਹਰ ਨੈਸ਼ਨਲ ਹਾਈਵੇ 'ਤੇ ਦੇਰ ਰਾਤ ਹੋਈ ਵੱਡੀ ਵਾਰਦਾਤ

ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਥਾਣਾ ਕਬਰਵਾਲਾ ਅਧੀਨ ਪੈਂਦੇ ਮਲੋਟ-ਅਬੋਹਰ ਨੈਸ਼ਨਲ ਹਾਈਵੇ 'ਤੇ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਇੱਕ ਕਾਰ ਵਿੱਚ ਸਵਾਰ ਅਣਪਛਾਤੇ ਵਿਅਕਤੀਆਂ ਨੇ ਮੋਟਰਸਾਈਕਲ ਸਵਾਰ ਨੌਜਵਾਨ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਤ ਵਿੱਚ ਲੱਗਣ ਕਾਰਨ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਪਹਿਲਾਂ ਮਲੋਟ ਅਤੇ ਬਾਅਦ ਵਿੱਚ ਬਠਿੰਡਾ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਥਾਣਾ ਕਬਰਵਾਲਾ ਅਧੀਨ ਪੈਂਦੇ ਮਲੋਟ-ਅਬੋਹਰ ਨੈਸ਼ਨਲ ਹਾਈਵੇ 'ਤੇ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਇੱਕ ਕਾਰ ਵਿੱਚ ਸਵਾਰ ਅਣਪਛਾਤੇ ਵਿਅਕਤੀਆਂ ਨੇ ਮੋਟਰਸਾਈਕਲ ਸਵਾਰ ਨੌਜਵਾਨ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਤ ਵਿੱਚ ਲੱਗਣ ਕਾਰਨ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਪਹਿਲਾਂ ਮਲੋਟ ਅਤੇ ਬਾਅਦ ਵਿੱਚ ਬਠਿੰਡਾ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ। ਪੁਲਿਸ ਨੇ ਜ਼ਖ਼ਮੀ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਕਾਰ ਸਵਾਰਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਗੋਬਿੰਦ ਨਗਰੀ, ਅਬੋਹਰ ਵਾਸੀ ਅਮਨ ਖੁਰਾਣਾ ਪੁੱਤਰ ਗੁਰਬਖਸ਼ ਖੁਰਾਣਾ ਨੇ ਦੱਸਿਆ ਕਿ ਉਹ ਇੱਕ ਦਵਾਈ ਕੰਪਨੀ ਵਿੱਚ ਨੌਕਰੀ ਕਰਦਾ ਹੈ। ਸੋਮਵਾਰ ਰਾਤ ਕਰੀਬ 9:15 ਵਜੇ ਉਹ ਮਲੋਟ ਤੋਂ ਆਪਣੇ ਮੋਟਰਸਾਈਕਲ 'ਤੇ ਅਬੋਹਰ ਵੱਲ ਜਾ ਰਿਹਾ ਸੀ।

ਜਦੋਂ ਉਹ ਮਲੋਟ-ਅਬੋਹਰ ਨੈਸ਼ਨਲ ਹਾਈਵੇ ਨੰਬਰ-7 'ਤੇ ਸਥਿਤ ਇੰਡੀਅਨ ਆਇਲ ਪੈਟਰੋਲ ਪੰਪ ਨੇੜੇ ਪਹੁੰਚਿਆ ਤਾਂ ਪਿੱਛੋਂ ਆ ਰਹੀ ਇੱਕ ਬਰੇਜ਼ਾ ਕਾਰ ਵਿੱਚ ਸਵਾਰ ਵਿਅਕਤੀਆਂ ਨੇ ਉਸ 'ਤੇ ਅਚਾਨਕ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੀੜਤ ਨੇ ਦੱਸਿਆ ਕਿ ਇੱਕ ਗੋਲੀ ਉਸ ਦੀ ਲੱਤ ਵਿੱਚ ਲੱਗੀ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਕਾਰ ਸਵਾਰ ਮੌਕੇ ਤੋਂ ਫ਼ਰਾਰ ਹੋ ਗਏ। ਜ਼ਖ਼ਮੀ ਹਾਲਤ ਵਿੱਚ ਅਮਨ ਕਿਸੇ ਤਰ੍ਹਾਂ ਪੈਟਰੋਲ ਪੰਪ ਤੱਕ ਪਹੁੰਚਿਆ ਅਤੇ ਉੱਥੋਂ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਥਾਣਾ ਕਬਰਵਾਲਾ ਦੀ ਪੁਲਿਸ ਮੌਕੇ 'ਤੇ ਪੁੱਜੀ ਅਤੇ ਜ਼ਖ਼ਮੀ ਨੂੰ ਹਸਪਤਾਲ ਪਹੁੰਚਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਥਾਣਾ ਕਬਰਵਾਲਾ ਦੇ ਇੰਚਾਰਜ ਐਸ.ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਕਾਰ ਸਵਾਰਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

Author : Malout Live