ਗਿੱਦੜਬਾਹਾ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦਾ ਵੱਡਾ ਸਰਚ ਅਭਿਆਨ, ਸ਼ੱਕੀ ਟਿਕਾਣਿਆਂ ਦੀ ਕੀਤੀ ਚੈਕਿੰਗ

ਗਿੱਦੜਬਾਹਾ ਇਲਾਕੇ ਵਿੱਚ ਡੀ.ਐੱਸ.ਪੀ ਗਿੱਦੜਬਾਹਾ ਸ਼੍ਰੀ ਜਤਿੰਦਰ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਪੁਲਿਸ ਟੀਮਾਂ ਵੱਲੋਂ ਵਿਸ਼ੇਸ਼ CASO ਸਰਚ ਅਭਿਆਨ ਚਲਾਇਆ ਗਿਆ। ਇਸ ਸਰਚ ਅਭਿਆਨ ਦੌਰਾਨ ਥਾਣਾ ਗਿੱਦੜਬਾਹਾ ਦੇ ਮੁੱਖ ਅਫ਼ਸਰ ਸਮੇਤ ਪੁਲਿਸ ਦੀਆਂ ਵੱਖ-ਵੱਖ ਟੁਕੜੀਆਂ ਦਾ ਗਠਨ ਕਰਕੇ ਸਵੇਰ ਸਮੇਂ ਤੋਂ ਇਲਾਕੇ ਵਿੱਚ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਟਿਕਾਣਿਆਂ ਦੀ ਚੈਕਿੰਗ ਕੀਤੀ ਗਈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਮਨਿਊ ਰਾਣਾ, ਆਈ.ਪੀ.ਐੱਸ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜ੍ਹੀ ਤਹਿਤ ਗਿੱਦੜਬਾਹਾ ਇਲਾਕੇ ਵਿੱਚ ਡੀ.ਐੱਸ.ਪੀ ਗਿੱਦੜਬਾਹਾ ਸ਼੍ਰੀ ਜਤਿੰਦਰ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਪੁਲਿਸ ਟੀਮਾਂ ਵੱਲੋਂ ਵਿਸ਼ੇਸ਼ CASO ਸਰਚ ਅਭਿਆਨ ਚਲਾਇਆ ਗਿਆ। ਇਸ ਸਰਚ ਅਭਿਆਨ ਦੌਰਾਨ ਥਾਣਾ ਗਿੱਦੜਬਾਹਾ ਦੇ ਮੁੱਖ ਅਫ਼ਸਰ ਸਮੇਤ ਪੁਲਿਸ ਦੀਆਂ ਵੱਖ-ਵੱਖ ਟੁਕੜੀਆਂ ਦਾ ਗਠਨ ਕਰਕੇ ਸਵੇਰ ਸਮੇਂ ਤੋਂ ਇਲਾਕੇ ਵਿੱਚ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਟਿਕਾਣਿਆਂ ਦੀ ਚੈਕਿੰਗ ਕੀਤੀ ਗਈ। ਵੀ.ਡੀ.ਸੀ ਮੈਂਬਰਾਂ ਅਤੇ ਆਮ ਲੋਕਾਂ ਵੱਲੋਂ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਸ਼ੱਕੀ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਇਸ ਤੋਂ ਇਲਾਵਾ ਪਹਿਲਾਂ ਨਸ਼ਿਆਂ ਨਾਲ ਸੰਬੰਧਿਤ ਮੁਕੱਦਮਿਆਂ ਵਿੱਚ ਸ਼ਾਮਿਲ ਵਿਅਕਤੀਆਂ ਦੇ ਘਰਾਂ ਅਤੇ ਹੋਰ ਸ਼ੱਕੀ ਥਾਵਾਂ ਦੀ ਵੀ ਜਾਂਚ ਕੀਤੀ ਗਈ।

ਪੁਲਿਸ ਟੀਮਾਂ ਵੱਲੋਂ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕਰਦਿਆਂ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਗਏ। ਪੁਲਿਸ ਅਨੁਸਾਰ ਇਸ ਮੁਹਿੰਮ ਦਾ ਮੁੱਖ ਉਦੇਸ਼ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ’ਤੇ ਨਕੇਲ ਕੱਸਣਾ, ਸ਼ਰਾਰਤੀ ਅਨਸਰਾਂ ’ਤੇ ਪ੍ਰਭਾਵਸ਼ਾਲੀ ਕੰਟਰੋਲ ਕਰਨਾ ਅਤੇ ਲੋਕਾਂ ਨੂੰ ਸੁਰੱਖਿਅਤ ਤੇ ਨਸ਼ਾ-ਮੁਕਤ ਮਾਹੌਲ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਪੁਲਿਸ ਵੱਲੋਂ ਨਸ਼ਾ ਛੱਡਣ ਦੇ ਇੱਛੁਕ ਵਿਅਕਤੀਆਂ ਨੂੰ ਸਰਕਾਰੀ ਹਸਪਤਾਲਾਂ ਅਤੇ ਡੀ-ਐਡੀਕਸ਼ਨ ਸੈਂਟਰਾਂ ਰਾਹੀਂ ਮੁਫ਼ਤ ਇਲਾਜ ਸਹੂਲਤਾਂ ਦਾ ਲਾਭ ਲੈਣ ਦੀ ਅਪੀਲ ਵੀ ਕੀਤੀ ਗਈ। ਪੁਲਿਸ ਨੇ ਲੋਕਾਂ ਨੂੰ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਅਪਰਾਧੀ ਸਮਝਣ ਦੀ ਬਜਾਏ ਇਲਾਜ ਅਤੇ ਪੁਨਰਵਾਸ ਲਈ ਪ੍ਰੇਰਿਤ ਕਰਨ ਅਤੇ ਮੁਹਿੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ। ਪੁਲਿਸ ਨੇ ਸਪੱਸ਼ਟ ਕੀਤਾ ਕਿ ਨਸ਼ਿਆਂ ਖ਼ਿਲਾਫ਼ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਨਸ਼ਾ ਤਸਕਰੀ ਜਾਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਲਈ 112 ਜਾਂ ਪੁਲਿਸ ਹੈੱਲਪਲਾਈਨ 8054942100 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।

Author : Malout Live