ਆਈ.ਟੀ.ਆਈ ਬਾਦਲ ਮੁੜ ਚਾਲੂ ਕਰਨ ਦਾ ਵਾਅਦਾ ਕਰਕੇ ਮੁੱਕਰੇ ਮੰਤਰੀ, ਪੀ.ਐੱਸ.ਯੂ ਜਲਦ ਕਰੇਗੀ ਅਗਲੇ ਸੰਘਰਸ਼ ਦਾ ਐਲਾਨ
ਸਰਕਾਰੀ ਆਈ.ਟੀ.ਆਈ ਬਾਦਲ ਨੂੰ ਮੁੜ ਚਾਲੂ ਕਰਨ ਦਾ ਭਰੋਸਾ ਦੇ ਕੇ ਵੀ ਦੋ ਮਹੀਨੇ ਬੀਤਣ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਾ ਕਰਨ ਖ਼ਿਲਾਫ਼ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਰਕਾਰ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਈ.ਟੀ.ਆਈ ਬਾਦਲ ਨੂੰ ਮੁੜ ਚਾਲੂ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਸਰਕਾਰ ਨੂੰ ਆਪਣੇ ਕੀਤੇ ਵਾਅਦੇ ਨੂੰ ਅਮਲੀ ਰੂਪ ਦੇਣਾ ਪਵੇਗਾ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਰਕਾਰੀ ਆਈ.ਟੀ.ਆਈ ਬਾਦਲ ਨੂੰ ਮੁੜ ਚਾਲੂ ਕਰਨ ਦਾ ਭਰੋਸਾ ਦੇ ਕੇ ਵੀ ਦੋ ਮਹੀਨੇ ਬੀਤਣ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਾ ਕਰਨ ਖ਼ਿਲਾਫ਼ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਰਕਾਰ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਪੀ.ਐਸ.ਯੂ ਦੇ ਜ਼ਿਲ੍ਹਾ ਪ੍ਰਧਾਨ ਸੁਖਪ੍ਰੀਤ ਕੌਰ ਅਤੇ ਮੀਤ ਪ੍ਰਧਾਨ ਰਜਿੰਦਰ ਢਿੱਲਵਾਂ ਨੇ ਕਿਹਾ ਕਿ ਆਈ.ਟੀ.ਆਈ ਬਾਦਲ ਨੂੰ ਖਿਓਵਾਲੀ ਆਈ.ਟੀ.ਆਈ ਵਿੱਚ ਸ਼ਿਫਟ ਕਰਨ ਦੇ ਫ਼ੈਸਲੇ ਖ਼ਿਲਾਫ਼ ਯੂਨੀਅਨ ਵੱਲੋਂ ਬਾਦਲ ਪਿੰਡ ਦੇ ਲੋਕਾਂ ਅਤੇ ਸਿੱਖਿਆਰਥੀਆਂ ਦੇ ਸਹਿਯੋਗ ਨਾਲ ਲੰਮਾ ਸੰਘਰਸ਼ ਲੜਿਆ ਗਿਆ ਸੀ। ਆਗੂਆਂ ਨੇ ਦੱਸਿਆ ਕਿ ਸੰਘਰਸ਼ ਦੇ ਦਬਾਅ ਸਦਕਾ 29 ਜੁਲਾਈ ਨੂੰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਬਾਅਦ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਪੀ.ਐਸ.ਯੂ ਦੇ ਆਗੂਆਂ ਦੀ ਮੀਟਿੰਗ ਹੋਈ ਸੀ। ਮੀਟਿੰਗ ਦੌਰਾਨ ਆਈ.ਟੀ.ਆਈ ਨੂੰ ਜਲਦ ਮੁੜ ਚਾਲੂ ਕਰਨ ਦਾ ਭਰੋਸਾ ਦਿੱਤਾ ਗਿਆ ਸੀ।
ਇਸ ਤੋਂ ਬਾਅਦ ਵੀ ਪੀ.ਐਸ.ਯੂ ਆਗੂਆਂ ਵੱਲੋਂ ਗੁਰਮੀਤ ਸਿੰਘ ਖੁੱਡੀਆਂ ਨਾਲ ਦੋ ਵਾਰ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਮਸਲਾ ਹੱਲ ਕਰਵਾਉਣ ਦੀ ਜ਼ਿੰਮੇਵਾਰੀ ਲੈਣ ਦੀ ਗੱਲ ਕੀਤੀ ਗਈ ਸੀ। 29 ਜੁਲਾਈ ਦੀ ਮੀਟਿੰਗ ਤੋਂ ਲੈ ਕੇ ਹੁਣ ਸਤੰਬਰ ਮਹੀਨੇ ਦੇ ਅੰਤ ਤੱਕ ਦੋ ਮਹੀਨੇ ਦਾ ਸਮਾਂ ਬੀਤ ਚੁੱਕਾ ਹੈ, ਪਰ ਆਈ.ਟੀ.ਆਈ ਨੂੰ ਮੁੜ ਚਾਲੂ ਕਰਨ ਸੰਬੰਧੀ ਸਰਕਾਰ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਪੀ.ਐਸ.ਯੂ ਆਗੂਆਂ ਨੇ ਐਲਾਨ ਕੀਤਾ ਕਿ ਯੂਨੀਅਨ ਵੱਲੋਂ ਜਲਦ ਹੀ ਜੋਨ ਕਮੇਟੀ ਦੀ ਮੀਟਿੰਗ ਕਰਕੇ ਸਰਕਾਰੀ ਆਈ.ਟੀ.ਆਈ ਬਾਦਲ ਨੂੰ ਮੁੜ ਚਾਲੂ ਕਰਵਾਉਣ ਲਈ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਈ.ਟੀ.ਆਈ ਬਾਦਲ ਨੂੰ ਮੁੜ ਚਾਲੂ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਸਰਕਾਰ ਨੂੰ ਆਪਣੇ ਕੀਤੇ ਵਾਅਦੇ ਨੂੰ ਅਮਲੀ ਰੂਪ ਦੇਣਾ ਪਵੇਗਾ।
Author : Malout Live



