ਲੰਬੀ ਵਿੱਚ ਖੁੱਡੀਆਂ ਧਰਨੇ ਲਈ ਲਾਮਬੰਦੀ ਮੁਹਿੰਮ ਜਾਰੀ

ਮਜ਼ਦੂਰ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਲਾਏ ਜਾ ਰਹੇ ਪੱਕੇ ਮੋਰਚੇ ਦੌਰਾਨ ਕੇਸਾਂ ਦੀ ਵਾਪਸੀ, ਕੁਦਰਤੀ ਆਫ਼ਤਾਂ ਕਾਰਨ ਹੋਏ ਫ਼ਸਲੀ ਨੁਕਸਾਨ ਦਾ ਮੁਆਵਜ਼ਾ ਦੇਣ, ਮਜ਼ਦੂਰ ਕਿਸਾਨ ਤੇ ਵਾਤਵਰਣ ਪੱਖੀ ਖੇਤੀ ਨੀਤੀ ਲਾਗੂ ਕਰਨ, ਮਨਰੇਗਾ ਮਜ਼ਦੂਰਾਂ ਨੂੰ ਰੁਜ਼ਗਾਰ ਮੁੱਹਈਆ ਕਰਵਾਉਣ, ਨਸ਼ਿਆਂ ਦੀ ਮਹਾਂਮਾਰੀ ਨੂੰ ਠੱਲ੍ਹ ਪਾਉਣ ਅਤੇ ਘਰੇਲੂ ਬਿਜਲੀ ਬਿੱਲਾਂ ਦੇ ਬਕਾਏ ਖ਼ਤਮ ਕਰਨ ਮੰਗਾਂ ਰੱਖੀਆਂ ਜਾਣਗੀਆਂ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਲੋਕ ਪੱਖੀ ਖੇਤੀ ਨੀਤੀ ਲਾਗੂ ਕਰਨਾ ਨਾਂ ਸਿਰਫ ਮਜ਼ਦੂਰਾਂ ਕਿਸਾਨਾਂ ਦੀ ਤਰੱਕੀ ਲਈ ਜ਼ਰੂਰੀ ਹੈ ਸਗੋਂ ਮਹਿੰਗਾਈ ਤੇ ਬੇਰੁਜ਼ਗਾਰੀ ਵਰਗੀਆਂ ਸਮੱਸਿਆਵਾਂ ਦਾ ਹੱਲ ਦਾ ਰਾਹ ਖੋਲ੍ਹਣ ਲਈ ਵੀ ਅਜਿਹੀ ਖੇਤੀ ਨੀਤੀ ਜ਼ਰੂਰੀ ਹੈ। ਪਰ ਪੰਜਾਬ ਸਰਕਾਰ ਵਾਰ-ਵਾਰ ਵਾਅਦੇ ਕਰਕੇ ਇਸ ਨੂੰ ਲਾਗੂ ਕਰਨ ਤੋਂ ਭੱਜ ਗਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਕਾਲਾ ਸਿੰਘ ਖੂਨਣ ਖੁਰਦ ਵੱਲੋਂ 29 ਨਵੰਬਰ ਤੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਲਾਏ ਜਾ ਰਹੇ ਧਰਨੇ ਦੀ ਤਿਆਰੀ ਸੰਬੰਧੀ ਪਿੰਡ ਕਿੱਲਿਆਂਵਾਲੀ ਤੇ ਗੱਗੜ ਵਿਖੇ ਜੁੜੇ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਪ ਸਰਕਾਰ ਬਣਨ ਤੋਂ ਪਹਿਲਾਂ ਖੇਤੀ ਸੰਕਟ ਦੇ ਹੱਲ ਲਈ ਭਗਵੰਤ ਮਾਨ ਤੇ ਕੇਜਰੀਵਾਲ ਵੱਲੋਂ ਮਜ਼ਦੂਰ ਕਿਸਾਨ ਤੇ ਵਾਤਵਰਣ ਪੱਖੀ ਖੇਤੀ ਨੀਤੀ ਲਾਗੂ ਕਰਨ ਦਾ ਵੱਡਾ ਵਾਅਦਾ ਕੀਤਾ ਗਿਆ ਸੀ, ਪਰ ਖੇਤੀ ਮਾਹਿਰਾਂ ਦੁਆਰਾ ਤਿਆਰ  ਖੇਤੀ ਨੀਤੀ ਸੰਬੰਧੀ ਮਜ਼ਦੂਰ ਕਿਸਾਨ ਜੱਥੇਬੰਦੀਆਂ ਵੱਲੋਂ ਖੇਤੀਬਾੜੀ ਮੰਤਰੀ ਨੂੰ ਦਿੱਤੇ ਸੁਝਾਵਾਂ ਦੇ ਬਾਵਜੂਦ ਆਪ ਸਰਕਾਰ ਇਸ ਨੂੰ ਲਾਗੂ ਕਰਨ ਲਈ ਤਿਆਰ ਨਹੀਂ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਕਿਸਾਨਾਂ ਦੀਆਂ ਸਮੱਸਿਆਂਵਾਂ ਦੇ ਹੱਲ ਅਤੇ ਉਨ੍ਹਾਂ ਨੂੰ ਆਪਣੇ ਪੈਰਾਂ 'ਤੇ ਖੜਾ ਕਰਨ ਲਈ ਜ਼ਮੀਨੀ ਤੋਟ ਦੂਰ ਕਰਨ ,ਖੇਤੀ ਲਾਗਤ ਵਸਤਾਂ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਅਤੇ ਸਭਨਾਂ ਫਸਲਾਂ ਦੀ ਲਾਹੇਵੰਦ ਭਾਵਾਂ 'ਤੇ ਸਰਕਾਰੀ ਖਰੀਦ ਦੀ ਗਰੰਟੀ ਕਰਨ ਅਤੇ ਕਰਜ਼ਾ ਮੋੜਨ ਤੋਂ ਅਸਮਰਥ ਮਜ਼ਦੂਰਾਂ ਕਿਸਾਨਾਂ ਦੇ ਕਰਜ਼ੇ ਖ਼ਤਮ ਕਰਨ ਵਰਗੇ ਕਦਮ ਚੁੱਕਣਾ ਬੇਹੱਦ ਜ਼ਰੂਰੀ ਹੈ।

ਉਨ੍ਹਾਂ ਦੋਸ਼ ਲਾਇਆ ਕਿ ਆਪ ਸਰਕਾਰ ਅਜਿਹੇ ਪੁਖਤਾ ਕਦਮ ਚੁੱਕਣ ਦੀ ਥਾਂ ਵੋਟਾਂ ਵਟੋਰਨ ਦੇ ਮਨਸੂਬਿਆਂ ਤਹਿਤ ਲੋਕਾਂ ਨੂੰ ਨਿਗੂਣੀਆਂ ਰਾਹਤਾਂ ਵੰਡ ਕੇ ਡੰਗ ਟਪਾਈ ਕਰ ਰਹੀ ਹੈ। ਇਸ ਮੌਕੇ ਬੀ.ਕੇ.ਯੂ ਏਕਤਾ ਉਗਰਾਹਾਂ ਦੇ ਬਲਾਕ ਸਕੱਤਰ ਮਲਕੀਤ ਸਿੰਘ ਗੱਗੜ ਨੇ ਆਖਿਆ ਖੇਤੀਬਾੜੀ ਮੰਤਰੀ ਵੱਲੋਂ ਮਜ਼ਦੂਰਾਂ ਕਿਸਾਨਾਂ 'ਤੇ ਦਰਜ਼ ਕੇਸ ਵਾਪਿਸ ਲੈਣ ਅਤੇ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਣ ਬਾਰੇ ਅਨੇਕਾਂ ਵਾਰ ਜਨਤਕ ਵਾਅਦੇ ਕੀਤੇ ਗਏ, ਪਰ ਕੇਸ ਵਾਪਿਸ ਲੈਣ ਦੀ ਥਾਂ ਮਜ਼ਦੂਰ ਕਿਸਾਨ ਆਗੂਆਂ ਦੇ ਗਿਰਫਤਾਰੀ ਵਾਰੰਟ ਜਾਰੀ ਕਰਵਾ ਦਿੱਤੇ ਗਏ। ਮਜ਼ਦੂਰ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਲਾਏ ਜਾ ਰਹੇ ਪੱਕੇ ਮੋਰਚੇ ਦੌਰਾਨ ਕੇਸਾਂ ਦੀ ਵਾਪਸੀ, ਕੁਦਰਤੀ ਆਫ਼ਤਾਂ ਕਾਰਨ ਹੋਏ ਫ਼ਸਲੀ ਨੁਕਸਾਨ ਦਾ ਮੁਆਵਜ਼ਾ ਦੇਣ, ਮਜ਼ਦੂਰ ਕਿਸਾਨ ਤੇ ਵਾਤਵਰਣ ਪੱਖੀ ਖੇਤੀ ਨੀਤੀ ਲਾਗੂ ਕਰਨ, ਮਨਰੇਗਾ ਮਜ਼ਦੂਰਾਂ ਨੂੰ ਰੁਜ਼ਗਾਰ ਮੁੱਹਈਆ ਕਰਵਾਉਣ, ਨਸ਼ਿਆਂ ਦੀ ਮਹਾਂਮਾਰੀ ਨੂੰ ਠੱਲ੍ਹ ਪਾਉਣ ਅਤੇ ਘਰੇਲੂ ਬਿਜਲੀ ਬਿੱਲਾਂ ਦੇ ਬਕਾਏ ਖ਼ਤਮ ਕਰਨ ਮੰਗਾਂ ਰੱਖੀਆਂ ਜਾਣਗੀਆਂ। ਇਸ ਮੌਕੇ ਮਜ਼ਦੂਰ ਆਗੂ ਰਾਮਪਾਲ ਗੱਗੜ ਤੇ ਤਾਰਾਵੰਤੀ ਕਿੱਲਿਆਂਵਾਲੀ ਨੇ ਮਜ਼ਦੂਰਾਂ ਕਿਸਾਨਾਂ ਨੂੰ ਇਸ ਧਰਨੇ ‘ਚ ਪਰਿਵਾਰਾਂ ਸਮੇਤ ਸ਼ਾਮਿਲ ਹੋਣ ਦਾ ਸੱਦਾ ਦਿੱਤਾ।

Author : Malout Live