ਰੁਪਾਣਾ-ਮਹਾਂਬੱਧਰ ਸੜਕ ਦਾ ਕੰਮ 8 ਮਹੀਨੇ ਬਾਅਦ ਵੀ ਪੂਰਾ ਨਾ ਹੋਣ ਤੇ ਲੋਕਾਂ ਵਿੱਚ ਭਾਰੀ ਰੋਸ
ਰੁਪਾਣਾ ਤੋਂ ਮਹਾਂਬੱਧਰ ਸੜਕ ਦਾ ਨੀਂਹ ਪੱਥਰ 24 ਸਤੰਬਰ 2025 ਨੂੰ ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਰੱਖਿਆ ਗਿਆ ਸੀ, ਪਰ ਲਗਭਗ 8 ਮਹੀਨੇ ਬੀਤ ਜਾਣ ਦੇ ਬਾਵਜੂਦ ਸੜਕ ਦਾ ਨਿਰਮਾਣ ਕਾਰਜ ਪੂਰਾ ਨਹੀਂ ਹੋ ਸਕਿਆ। ਇਸ ਕਾਰਨ ਇਲਾਕੇ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਰੁਪਾਣਾ ਤੋਂ ਮਹਾਂਬੱਧਰ ਸੜਕ ਦਾ ਨੀਂਹ ਪੱਥਰ 24 ਸਤੰਬਰ 2025 ਨੂੰ ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਰੱਖਿਆ ਗਿਆ ਸੀ, ਪਰ ਲਗਭਗ 8 ਮਹੀਨੇ ਬੀਤ ਜਾਣ ਦੇ ਬਾਵਜੂਦ ਸੜਕ ਦਾ ਨਿਰਮਾਣ ਕਾਰਜ ਪੂਰਾ ਨਹੀਂ ਹੋ ਸਕਿਆ। ਇਸ ਕਾਰਨ ਇਲਾਕੇ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਗੁਰਬਿੰਦਰ ਸਿੰਘ ਫੂਲੇਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਦੇ ਕੀਤੇ ਜਾ ਰਹੇ ਦਾਅਵੇ ਹਕੀਕਤ ਤੋਂ ਕੋਹਾਂ ਦੂਰ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਸਿਰਫ਼ ਨੀਂਹ ਪੱਥਰ ਰੱਖਣ ਤੱਕ ਹੀ ਸੀਮਤ ਹੈ, ਜਦਕਿ ਜ਼ਮੀਨੀ ਪੱਧਰ 'ਤੇ ਵਿਕਾਸ ਦੇ ਕੰਮ ਨਜ਼ਰ ਨਹੀਂ ਆ ਰਹੇ।
ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਤੇ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਗ੍ਰਾਊਂਡ ਲੈਵਲ ਤੇ ਸੜਕਾਂ ਦੀ ਹਾਲਤ ਬਹੁਤ ਮਾੜੀ ਹੈ। ਖ਼ਰਾਬ ਸੜਕਾਂ ਕਾਰਨ ਲੋਕਾਂ ਨੂੰ ਰੋਜ਼ਾਨਾ ਆਵਾਜਾਈ ਦੌਰਾਨ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਹ ਕਾਫ਼ੀ ਪ੍ਰੇਸ਼ਾਨ ਹਨ। ਗੁਰਬਿੰਦਰ ਸਿੰਘ ਫੂਲੇਵਾਲਾ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਲੋਕਾਂ ਦੀ ਇਸ ਸਮੱਸਿਆ ਦਾ ਜਲਦ ਤੋਂ ਜਲਦ ਹੱਲ ਕਰੇ। ਇਸ ਮੌਕੇ ਹਰਨੇਕ ਸਿੰਘ ਹੁੰਦਲ, ਰਣਜੀਤ ਸਿੰਘ, ਕੀਰਤਨ ਸਿੰਘ, ਤਰਲੋਕ ਸਿੰਘ, ਮਹਿੰਦਰ ਸਿੰਘ, ਅਨਮੋਲ ਵਿਰਕ ਅਤੇ ਰੁਪਾਣਾ ਦੇ ਹੋਰ ਪਿੰਡ ਵਾਸੀ ਵੀ ਹਾਜ਼ਿਰ ਸਨ।
Author : Malout Live



