ਗਿੱਦੜਬਾਹਾ ਦੇ ਪਿੰਡ ਮਧੀਰ ‘ਚ ਲੁੱਕ ਪਲਾਂਟ ਨੂੰ ਲੈਕੇ ਲਗਾਇਆ ਧਰਨਾ ਹੋਇਆ ਸਮਾਪਤ

ਗਿੱਦੜਬਾਹਾ ਦੇ ਪਿੰਡ ਮਧੀਰ ਵਿਖੇ ਲੁੱਕ ਮਿਕਸ ਪਲਾਂਟ ਨੂੰ ਬੰਦ ਕਰਵਾਉਣ ਦੀ ਮੰਗ ਨੂੰ ਲੈ ਕੇ ਪਿੰਡ ਵਾਸੀਆਂ, ਕਿਸਾਨ ਯੂਨੀਅਨਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਪੱਕਾ ਧਰਨਾ ਲਗਾ ਕੇ ਸੰਘਰਸ਼ ਕੀਤਾ ਜਾ ਰਿਹਾ ਸੀ। ਇਸ ਮਸਲੇ ਨੂੰ ਹੱਲ ਕਰਨ ਲਈ ਹਲਕਾ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਯਤਨਾਂ ਨਾਲ ਪਲਾਂਟ ਮਾਲਕਾਂ ਅਤੇ ਪਿੰਡ ਵਾਸੀਆਂ ਵਿਚਾਲੇ ਸਹਿਮਤੀ ਬਣ ਗਈ ਅਤੇ ਧਰਨਾ ਸਮਾਪਤ ਕਰ ਦਿੱਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਗਿੱਦੜਬਾਹਾ ਦੇ ਪਿੰਡ ਮਧੀਰ ਵਿਖੇ ਲੁੱਕ ਮਿਕਸ ਪਲਾਂਟ ਨੂੰ ਬੰਦ ਕਰਵਾਉਣ ਦੀ ਮੰਗ ਨੂੰ ਲੈ ਕੇ ਪਿੰਡ ਵਾਸੀਆਂ, ਕਿਸਾਨ ਯੂਨੀਅਨਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਪੱਕਾ ਧਰਨਾ ਲਗਾ ਕੇ ਸੰਘਰਸ਼ ਕੀਤਾ ਜਾ ਰਿਹਾ ਸੀ। ਇਸ ਮਸਲੇ ਨੂੰ ਹੱਲ ਕਰਨ ਲਈ ਹਲਕਾ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਯਤਨਾਂ ਨਾਲ ਪਲਾਂਟ ਮਾਲਕਾਂ ਅਤੇ ਪਿੰਡ ਵਾਸੀਆਂ ਵਿਚਾਲੇ ਸਹਿਮਤੀ ਬਣ ਗਈ ਅਤੇ ਧਰਨਾ ਸਮਾਪਤ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਪਿੰਡ ਵਾਸੀਆਂ ਦਾ ਕਹਿਣਾ ਸੀ ਕਿ ਪਲਾਂਟ ਕਾਰਨ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਕਰਕੇ ਉਹ ਲਗਾਤਾਰ ਸੰਘਰਸ਼ ਕਰ ਰਹੇ ਸਨ।

ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਵਿਧਾਇਕ ਡਿੰਪੀ ਢਿੱਲੋਂ ਨੇ ਦੋਵਾਂ ਧਿਰਾਂ ਨਾਲ ਗੱਲਬਾਤ ਕੀਤੀ ਅਤੇ ਆਪਸੀ ਸਹਿਮਤੀ ਨਾਲ ਮਸਲੇ ਦਾ ਹੱਲ ਕੱਢਣ ਲਈ ਯਤਨ ਕੀਤੇ। ਇਸ ਮੌਕੇ ਪਲਾਂਟ ਮਾਲਕਾਂ ਨੇ ਭਰੋਸਾ ਦਿੱਤਾ ਕਿ ਉਹ ਲੁੱਕ ਮਿਕਸ ਪਲਾਂਟ ਨੂੰ ਮੌਜੂਦਾ ਥਾਂ ਤੋਂ ਹਟਾ ਕੇ ਕਿਸੇ ਹੋਰ ਉਚਿਤ ਸਥਾਨ ਤੇ ਤਬਦੀਲ ਕਰਨਗੇ। ਇਸ ਭਰੋਸੇ ਤੋਂ ਬਾਅਦ 9 ਮੈਂਬਰੀ ਕਮੇਟੀ, ਪਿੰਡ ਵਾਸੀਆਂ ਅਤੇ ਕਿਸਾਨ ਯੂਨੀਅਨ ਦੇ ਆਗੂਆਂ ਨੇ ਆਪਣੀ ਸਹਿਮਤੀ ਦਿੰਦੇ ਹੋਏ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ। ਧਰਨਾ ਸਮਾਪਤੀ ਮੌਕੇ ਪਿੰਡ ਵਾਸੀਆਂ, ਕਿਸਾਨ ਯੂਨੀਅਨ ਦੇ ਆਗੂਆਂ ਅਤੇ ਪਲਾਂਟ ਪ੍ਰਬੰਧਕਾਂ ਨੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਦੋਵਾਂ ਧਿਰਾਂ ਵਿਚਾਲੇ ਪੁਲ ਦਾ ਕੰਮ ਕਰਕੇ ਮਸਲੇ ਨੂੰ ਸ਼ਾਂਤੀਪੂਰਵਕ ਢੰਗ ਨਾਲ ਹੱਲ ਕਰਵਾਇਆ ਹੈ।

Author : Malout Live