ਸ਼੍ਰੀ ਮੁਕਤਸਰ ਸਾਹਿਬ ਵਿੱਚ ਅਧਿਆਪਕ ਜੱਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ, ਪੰਜਾਬ ਸਰਕਾਰ ਦੀ ਅਰਥੀ ਫੂਕੀ

ਪੰਜਾਬ ਸਰਕਾਰ ਵੱਲੋਂ 253 ਮਾਸਟਰ ਕਾਡਰ ਅਧਿਆਪਕਾਂ ਨੂੰ ਨੌਕਰੀ ਤੋਂ ਟਰਮੀਨੇਟ ਕਰਨ ਦੇ ਫ਼ੈਸਲੇ ਖ਼ਿਲਾਫ਼ ਵੱਖ-ਵੱਖ ਅਧਿਆਪਕ ਜੱਥੇਬੰਦੀਆਂ ਵੱਲੋਂ ਸਥਾਨਕ ਸ਼੍ਰੀ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਇਕੱਠੇ ਹੋ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਉਪਰੰਤ ਅਧਿਆਪਕਾਂ ਨੇ ਰੋਸ ਮਾਰਚ ਕਰਦਿਆਂ ਕੋਟਕਪੂਰਾ ਚੌਂਕ ਵਿਖੇ ਪਹੁੰਚ ਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ 253 ਮਾਸਟਰ ਕਾਡਰ ਅਧਿਆਪਕਾਂ ਨੂੰ ਨੌਕਰੀ ਤੋਂ ਟਰਮੀਨੇਟ ਕਰਨ ਦੇ ਫ਼ੈਸਲੇ ਖ਼ਿਲਾਫ਼ ਵੱਖ-ਵੱਖ ਅਧਿਆਪਕ ਜੱਥੇਬੰਦੀਆਂ ਵੱਲੋਂ ਸਥਾਨਕ ਸ਼੍ਰੀ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਇਕੱਠੇ ਹੋ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਉਪਰੰਤ ਅਧਿਆਪਕਾਂ ਨੇ ਰੋਸ ਮਾਰਚ ਕਰਦਿਆਂ ਕੋਟਕਪੂਰਾ ਚੌਂਕ ਵਿਖੇ ਪਹੁੰਚ ਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵੱਖ-ਵੱਖ ਅਧਿਆਪਕ ਜੱਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਆਮ ਲੋਕਾਂ ਦੀ ਹਮਦਰਦ ਹੋਣ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ ਨੇ 253 ਅਧਿਆਪਕ ਪਰਿਵਾਰਾਂ ਦੀ ਰੋਜ਼ੀ-ਰੋਟੀ ਖੋਹਣ ਦਾ ਫ਼ੈਸਲਾ ਕਰਕੇ ਆਪਣਾ ਅਸਲ ਚਿਹਰਾ ਨੰਗਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਢੇ ਤਿੰਨ ਸਾਲ ਸਰਕਾਰੀ ਸਕੂਲਾਂ ਵਿੱਚ ਸੇਵਾਵਾਂ ਲੈਣ ਤੋਂ ਬਾਅਦ ਅਧਿਆਪਕਾਂ ਨੂੰ ਨੌਕਰੀ ਤੋਂ ਬਾਹਰ ਕਰਨਾ ਸਰਕਾਰ ਦੀ ਬੇਰਹਿਮੀ ਦੀ ਸਿਖਰ ਹੈ। ਇਸ ਫ਼ੈਸਲੇ ਨਾਲ ਸਿਰਫ਼ ਅਧਿਆਪਕ ਹੀ ਨਹੀਂ, ਸਗੋਂ ਉਨ੍ਹਾਂ ਦੇ ਪਰਿਵਾਰ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀ ਵੀ ਪ੍ਰਭਾਵਿਤ ਹੋਣਗੇ।

ਆਗੂਆਂ ਨੇ ਦੱਸਿਆ ਕਿ ਅਗਸਤ 2022 ਵਿੱਚ ਮਾਸਟਰ ਕਾਡਰ ਦੀ ਭਰਤੀ ਪ੍ਰੀਖਿਆ ਹੋਈ ਸੀ ਅਤੇ ਦਸੰਬਰ 2022 ਵਿੱਚ ਨਤੀਜਾ ਐਲਾਨਿਆ ਗਿਆ। ਜਨਵਰੀ 2023 ਵਿੱਚ ਮੁੱਖ ਮੰਤਰੀ ਵੱਲੋਂ ਨਿਯੁਕਤੀ ਪੱਤਰ ਵੰਡੇ ਗਏ ਅਤੇ ਮਈ 2023 ਵਿੱਚ ਅਧਿਆਪਕਾਂ ਨੂੰ ਸਕੂਲਾਂ ਵਿੱਚ ਤਾਇਨਾਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਭਰਤੀ ਪ੍ਰਕਿਰਿਆ ਵਿੱਚ ਕੋਈ ਖਾਮੀ ਸੀ ਤਾਂ ਇਸ ਲਈ ਜ਼ਿੰਮੇਵਾਰ ਕੰਪਨੀ ਅਤੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਣੀ ਚਾਹੀਦੀ ਹੈ, ਨਾ ਕਿ ਅਧਿਆਪਕਾਂ ਨੂੰ ਇਸ ਦੀ ਸਜ਼ਾ ਦਿੱਤੀ ਜਾਵੇ। ਅਧਿਆਪਕ ਆਗੂਆਂ ਨੇ ਸਰਕਾਰ ਤੋਂ 253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਹੁਕਮ ਤੁਰੰਤ ਵਾਪਿਸ ਲੈਣ ਦੀ ਮੰਗ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣਾ ਫ਼ੈਸਲਾ ਵਾਪਸ ਨਾ ਲਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

Author : Malout Live