3704 ਅਧਿਆਪਕ ਯੂਨੀਅਨ ਪੰਜਾਬ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਉਪਰ ਕੀਤਾ ਗਿਆ ਪ੍ਰਦਰਸ਼ਨ

3704 ਅਧਿਆਪਕ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਦਿਆਂ ਮੁੱਖ ਮੰਤਰੀ ਪੰਜਾਬ ਦੀ ਜੱਦੀ ਰਿਹਾਇਸ਼ ਸਤੌਜ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੌਰਾਨ ਅਧਿਆਪਕਾਂ ਨੇ ਪੰਜਾਬ ਪੇਅ ਸਕੇਲ ਲਾਗੂ ਕਰਨ ਅਤੇ 117 ਰੀਕਾਸਟ ਅਧਿਆਪਕਾਂ ਦਾ ਰੁਜ਼ਗਾਰ ਸੁਰੱਖਿਅਤ ਕਰਨ ਦੀ ਮੰਗ ਉਠਾਈ।

ਮਲੋਟ (ਪੰਜਾਬ) : 3704 ਅਧਿਆਪਕ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਦਿਆਂ ਮੁੱਖ ਮੰਤਰੀ ਪੰਜਾਬ ਦੀ ਜੱਦੀ ਰਿਹਾਇਸ਼ ਸਤੌਜ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੌਰਾਨ ਅਧਿਆਪਕਾਂ ਨੇ ਪੰਜਾਬ ਪੇਅ ਸਕੇਲ ਲਾਗੂ ਕਰਨ ਅਤੇ 117 ਰੀਕਾਸਟ ਅਧਿਆਪਕਾਂ ਦਾ ਰੁਜ਼ਗਾਰ ਸੁਰੱਖਿਅਤ ਕਰਨ ਦੀ ਮੰਗ ਉਠਾਈ। ਯੂਨੀਅਨ ਆਗੂ ਹਰਜਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਪੰਜ ਸਾਲਾਂ ਤੋਂ 3704 ਅਧਿਆਪਕਾਂ ਉੱਪਰ ਪੰਜਾਬ ਦੇ ਪੇਅ ਸਕੇਲ ਲਾਗੂ ਕਰਵਾਉਣ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੁੱਖ ਮੰਤਰੀ ਅਤੇ ਅਫ਼ਸਰਸ਼ਾਹੀ ਨਾਲ ਕਈ ਵਾਰ ਮੀਟਿੰਗਾਂ ਵੀ ਹੋ ਚੁੱਕੀਆਂ ਹਨ, ਪਰ ਹਰ ਵਾਰ ਭਰੋਸੇ ਦੇ ਬਾਵਜੂਦ ਮਸਲਾ ਹੱਲ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਭਰਤੀ ਪੰਜਾਬ ਦੇ ਤਨਖਾਹ ਸਕੇਲਾਂ ਅਨੁਸਾਰ ਹੋਈ ਸੀ, ਪਰ ਉਨ੍ਹਾਂ ਉੱਪਰ ਜਬਰੀ ਕੇਂਦਰੀ ਤਨਖਾਹ ਸਕੇਲ ਲਾਗੂ ਕਰ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਸਾਲ 2024 ਵਿੱਚ ਸੁਪਰੀਮ ਕੋਰਟ ਵੱਲੋਂ ਵੀ ਇਨ੍ਹਾਂ ਅਧਿਆਪਕਾਂ ਨੂੰ ਪੰਜਾਬ ਦੇ ਸਕੇਲ ਦੇਣ ਅਤੇ ਪਹਿਲਾਂ ਭਰਤੀ ਹੋਏ ਅਧਿਆਪਕਾਂ ਦੇ ਬਰਾਬਰ ਤਨਖਾਹ ਦੇਣ ਸੰਬੰਧੀ ਫੈਸਲਾ ਕੀਤਾ ਗਿਆ ਸੀ।

ਇਸ ਦੇ ਬਾਵਜੂਦ ਸਰਕਾਰ ਅਤੇ ਅਫ਼ਸਰਸ਼ਾਹੀ ਵੱਲੋਂ ਮੰਗਾਂ ਲਾਗੂ ਕਰਨ ਵਿੱਚ ਦੇਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ 117 ਅਧਿਆਪਕਾਂ ਦੀਆਂ ਸੂਚੀਆਂ ਰੀਵਾਈਜ਼ ਹੋਣ ਕਾਰਨ ਉਨ੍ਹਾਂ ਦੇ ਰੁਜ਼ਗਾਰ ਉੱਪਰ ਵੀ ਖ਼ਤਰਾ ਬਣਿਆ ਹੋਇਆ ਹੈ। ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਤੋਂ ਬਾਅਦ ਉਨ੍ਹਾਂ ਵੱਲੋਂ ਭਰੋਸਾ ਦਿੱਤਾ ਗਿਆ ਕਿ ਅਗਲੇ ਦਿਨ ਮੀਟਿੰਗ ਕਰਕੇ ਅਧਿਆਪਕਾਂ ਦੇ ਮਸਲੇ ਦਾ ਹੱਲ ਕੀਤਾ ਜਾਵੇਗਾ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਪੇਅ ਸਕੇਲ ਅਤੇ 117 ਪ੍ਰਭਾਵਿਤ ਅਧਿਆਪਕਾਂ ਦੇ ਰੁਜ਼ਗਾਰ ਨੂੰ ਸੁਰੱਖਿਅਤ ਕਰਨ ਸੰਬੰਧੀ ਪੱਤਰ ਜਾਰੀ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਆਗੂ ਗੁਰਮੇਲ ਸਿੰਘ ਸ਼ਾਹਪੁਰ ਆਪਣੇ ਸਾਥੀਆਂ ਸਮੇਤ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਏ। ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਆਗੂਆਂ ਵਿੱਚ ਹਰਜਿੰਦਰ ਸਿੰਘ, ਜੀਵਨਜੋਤ ਸਿੰਘ, ਰਾਜੇਸ਼ਵਰ ਰਾਏ, ਲਵਪ੍ਰੀਤ ਸਿੰਘ, ਸੁਮਿਤਪਾਲ ਸਿੰਘ, ਰਾਜਨ ਸਹਿਣੀ, ਮੰਗਤ ਕੁਮਾਰ ਅਤੇ ਰਾਜਿੰਦਰ ਸਿੰਘ ਸਮੇਤ ਹੋਰ ਅਧਿਆਪਕ ਆਗੂ ਹਾਜ਼ਿਰ ਸਨ।

Author : Malout Live