ਸ਼੍ਰੀ ਮੁਕਤਸਰ ਸਾਹਿਬ ਵਿਖੇ ਮੁੱਖ ਮੰਤਰੀ ਪੰਜਾਬ ਨੇ 138.82 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ

ਸ਼੍ਰੀ ਮੁਕਤਸਰ ਸਾਹਿਬ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹਿਰ ਵਿੱਚ 138 ਕਰੋੜ 82 ਲੱਖ ਰੁਪਏ ਦੀ ਲਾਗਤ ਵਾਲੇ ਸੀਵਰੇਜ਼ ਅਤੇ ਜਲ-ਸਪਲਾਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਇਕ ਲੱਖ 58 ਹਜ਼ਾਰ ਲੋਕਾਂ ਨੂੰ ਫਾਇਦਾ ਹੋਵੇਗਾ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਮੁਕਤਸਰ ਸਾਹਿਬ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹਿਰ ਵਿੱਚ 138 ਕਰੋੜ 82 ਲੱਖ ਰੁਪਏ ਦੀ ਲਾਗਤ ਵਾਲੇ ਸੀਵਰੇਜ਼ ਅਤੇ ਜਲ-ਸਪਲਾਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇੱਥੋਂ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 138.82 ਕਰੋੜ ਰੁਪਏ ਦੇ ਪ੍ਰੋਜੈਕਟਾਂ ਵਿੱਚ ਨਵੇਂ ਸੀਵਰੇਜ਼ ਸਿਸਟਮ ਲਈ 90 ਕਰੋੜ 68 ਲੱਖ ਰੁਪਏ ਜਦਕਿ ਜਲ-ਸਪਲਾਈ ਦੇ ਪ੍ਰਾਜੈਕਟਾਂ ਲਈ 48 ਕਰੋੜ 14 ਲੱਖ ਰੁਪਏ ਖਰਚੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸ਼ਹਿਰ ਵਿੱਚ 31 ਹਜ਼ਾਰ ਘਰ ਹਨ ਅਤੇ ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਇਕ ਲੱਖ 58 ਹਜ਼ਾਰ ਲੋਕਾਂ ਨੂੰ ਫਾਇਦਾ ਹੋਵੇਗਾ।

ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਸ਼੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ਼੍ਰੀ ਜਗਦੀਪ ਸਿੰਘ ਕਾਕਾ ਬਰਾੜ, ਪ੍ਰਿੰਸੀਪਲ ਸਕੱਤਰ ਜਲ-ਸਪਲਾਈ ਅਤੇ ਸੈਨੀਟੇਸ਼ਨ ਸ਼੍ਰੀ ਨੀਲ ਕੰਠ ਐੱਸ ਅਵਧ, ਡੀ.ਆਈ.ਜੀ ਫਰੀਦਕੋਟ ਰੇਂਜ ਨਿਲੰਬਰੀ ਜਗਦਲੇ, ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼, ਐੱਸ.ਐੱਸ.ਪੀ ਡਾ. ਅਖਿਲ ਚੌਧਰੀ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਗੁਰਪ੍ਰੀਤ ਸਿੰਘ ਥਿੰਦ, ਚੇਅਰਮੈਨ ਯੋਜਨਾ ਬੋਰਡ ਸ਼੍ਰੀ ਸੁਖਜਿੰਦਰ ਸਿੰਘ ਕਾਉਣੀ, ਚੇਅਰਮੈਨ ਸਹਿਕਾਰੀ ਬੈਂਕ ਸ਼੍ਰੀ ਜਗਦੇਵ ਸਿੰਘ ਬਾਂਮ, ਜਿਲ੍ਹਾ ਪ੍ਰਧਾਨ ਸ਼੍ਰੀ ਜਸ਼ਨ ਬਰਾੜ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸ਼ਹਿਰਵਾਸੀ ਅਤੇ ਵੱਖ-ਵੱਖ ਪਿੰਡਾਂ ਦੇ ਪੰਚ ਅਤੇ ਸਰਪੰਚ ਹਾਜ਼ਿਰ ਸਨ।

Author : Malout Live