ਮਾਘੀ ਮੇਲੇ ਸੰਬੰਧੀ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਰਿਵਿਊ ਮੀਟਿੰਗ
ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸੰਬੰਧੀ ਰਿਵਿਊ ਮੀਟਿੰਗ ਸ਼੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸੰਬੰਧੀ ਰਿਵਿਊ ਮੀਟਿੰਗ ਸ਼੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਮਾਘੀ ਦਾ ਮੇਲਾ ਇੱਕ ਪਵਿੱਤਰ ਤੇ ਇਤਿਹਾਸਕ ਮੇਲਾ ਹੈ ਅਤੇ ਇਸ ਮੇਲੇ ਨੂੰ ਸਫਲ ਬਨਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਮਾਘੀ ਦੇ ਮੇਲੇ ਦੌਰਾਨ ਸ਼ਹਿਰ ਨੂੰ ਸੱਤ ਸੈਕਟਰਾਂ ਵਿੱਚ ਵੰਡਿਆ ਗਿਆ ਅਤੇ ਹਰ ਸੈਕਟਰ ਵਿੱਚ ਨੋਡਲ ਅਫ਼ਸਰ ਦੀ ਡਿਊਟੀ ਲਗਾ ਦਿੱਤੀ ਗਈ ਹੈ,
ਜੋ ਮਾਘੀ ਮੇਲੇ ਤੇ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਸੰਬੰਧੀ ਆਪਣੀਆਂ ਗਤੀਵਿਧੀਆਂ ਬਾਰੇ ਰਿਪੋਰਟ ਦਫ਼ਤਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਜਮ੍ਹਾਂ ਕਰਵਾਉਣਗੇ ਤਾਂ ਜੋ ਮੇਲੇ ਦੌਰਾਨ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਹਨਾਂ ਸੈਕਟਰ ਅਫ਼ਸਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਆਪਣੇ-ਆਪਣੇ ਖੇਤਰ ਵਿੱਚ ਪਲਾਸਟਿਕ ਦੀ ਨਿਰੰਤਰ ਚੈਕਿੰਗ ਕਰਦੇ ਰਹੇ ਤਾਂ ਜੋ ਮੇਲੇ ਨੂੰ ਪਲਾਸਟਿਕ ਮੁਕਤ ਸੰਬੰਧੀ ਢੁੱਕਵੇਂ ਪ੍ਰਬੰਧ ਮੁਕੰਮਲ ਹੋ ਸਕੇ। ਉਨ੍ਹਾਂ ਨਗਰ ਕੌਂਸਲ ਨੂੰ ਹਦਾਇਤ ਕੀਤੀ ਕਿ ਮਾਘੀ ਮੇਲੇ ਦੌਰਾਨ ਸ਼੍ਰੀ ਦਰਬਾਰ ਸਾਹਿਬ ਨੂੰ ਲੱਗਦੇ ਸਾਰੇ ਗੇਟਾਂ ਦੀ ਅਤੇ ਸ਼ਹਿਰ ਦੀ ਸਮੁੱਚੀ ਸਫਾਈ ਤੇ ਨਜਾਇਜ਼ ਕਬਜ਼ੇ ਹਟਵਾਏ ਜਾਣ। ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਮੇਲਾ ਮਾਘੀ ਦੌਰਾਨ ਸ਼ਹਿਰ ਵਿੱਚ ਪਾਰਕਿੰਗ ਲਈ ਢੁੱਕਵੀਆਂ ਥਾਂਵਾਂ ਦੀ ਚੋਣ ਕਰ ਲਈ ਜਾਵੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੇਲੇ ਦੌਰਾਨ ਸੰਗਤਾਂ ਦੀ ਸਹੂਲਤ ਲਈ ਸਿਵਲ ਕੰਟਰੋਲ ਰੂਮ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ, ਜਦ ਕਿ ਪੁਲਿਸ ਕੰਟਰੋਲ ਰੂਮ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਰੋਡ ਸ਼੍ਰੀ ਮੁਕਤਸਰ ਸਾਹਿਬ ਵਿਖੇ ਬਣਾਇਆ ਜਾਵੇਗਾ।
Author : Malout Live