ਸ਼ਹੀਦ ਭਗਤ ਸਿੰਘ ਪ੍ਰੈਸ ਕਲੱਬ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ

ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦਾ ਜਨਮ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਂਦੇ ਹੋਏ ਸ਼ਹੀਦ ਭਗਤ ਸਿੰਘ ਪ੍ਰੈਸ ਕਲੱਬ ਮਲੋਟ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸ਼ਹੀਦ ਭਗਤ ਸਿੰਘ ਚੌਂਕ ਵਿਖੇ ਸਥਿਤ ਸ਼ਹੀਦ ਭਗਤ ਸਿੰਘ ਜੀ ਦੀ ਪ੍ਰਤਿਮਾ ’ਤੇ ਹਾਰ ਪਾ ਕੇ ਅਤੇ ਸ਼ਰਧਾ ਦੇ ਫੁੱਲ ਭੇਂਟ ਕਰਕੇ ਉਨ੍ਹਾਂ ਨੂੰ ਨਮਨ ਕੀਤਾ।

ਮਲੋਟ : ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦਾ ਜਨਮ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਂਦੇ ਹੋਏ ਸ਼ਹੀਦ ਭਗਤ ਸਿੰਘ ਪ੍ਰੈਸ ਕਲੱਬ ਮਲੋਟ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸ਼ਹੀਦ ਭਗਤ ਸਿੰਘ ਚੌਂਕ ਵਿਖੇ ਸਥਿਤ ਸ਼ਹੀਦ ਭਗਤ ਸਿੰਘ ਜੀ ਦੀ ਪ੍ਰਤਿਮਾ ’ਤੇ ਹਾਰ ਪਾ ਕੇ ਅਤੇ ਸ਼ਰਧਾ ਦੇ ਫੁੱਲ ਭੇਂਟ ਕਰਕੇ ਉਨ੍ਹਾਂ ਨੂੰ ਨਮਨ ਕੀਤਾ। ਇਸ ਮੌਕੇ ਕਲੱਬ ਦੇ ਸਰਪ੍ਰਸਤ ਹਰੀਸ਼ ਗਰੋਵਰ, ਪ੍ਰਧਾਨ ਵਿਕਾਸ ਗੁਪਤਾ, ਨਿਗਰਾਨ ਕਮੇਟੀ ਦੇ ਮੁੱਖੀ ਹਰਦੀਪ ਸਿੰਘ ਖਾਲਸਾ ਅਤੇ ਰਾਜਵਿੰਦਰ ਸਿੰਘ ਗਿੱਲ, ਸਕੱਤਰ ਲਖਵਿੰਦਰ ਬਰਾੜ, ਗੁਰਪਿਆਰ ਸਿੰਘ ਚੌਹਾਨ, ਨਿਸ਼ਾਨ ਸਿੰਘ ਸੰਧੂ, ਅਮਰ ਸੋਨੀ, ਪਵਨ ਨੰਬਰਦਾਰ, ਰਾਮ ਕੁਮਾਰ, ਬਖਸ਼ੀਸ਼ ਸਿੰਘ ਸ਼ੀਸ਼ਾ ਸਮੇਤ ਕਲੱਬ ਦੇ ਹੋਰ ਅਹੁਦੇਦਾਰ ਅਤੇ ਮੈਂਬਰ ਹਾਜ਼ਿਰ ਸਨ। ਕਲੱਬ ਦੇ ਮੈਂਬਰਾਂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਭਗਤ ਸਿੰਘ ਜੀ ਦੀ ਸੋਚ ਨੂੰ ਸਮਝਣਾ ਅਤੇ ਸਮਾਜ ਵਿੱਚ ਉਨ੍ਹਾਂ ਦੇ ਵਿਚਾਰਾਂ ਨੂੰ ਅੱਗੇ ਵਧਾਉਣਾ ਬੇਹੱਦ ਜ਼ਰੂਰੀ ਹੈ।

ਸਾਰਿਆਂ ਨੇ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਦੇਸ਼ ਅਤੇ ਸਮਾਜ ਦੀ ਬਿਹਤਰੀ ਲਈ ਕੰਮ ਕਰਨ ਦਾ ਸੰਕਲਪ ਲਿਆ। ਇਸ ਮੌਕੇ ਕਲੱਬ ਦੇ ਅਹੁਦੇਦਾਰਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜ ਵਿੱਚ ਫੈਲੀਆਂ ਭ੍ਰਿਸ਼ਟਾਚਾਰ, ਰਿਸ਼ਵਤਖੋਰੀ ਅਤੇ ਨਸ਼ੇ ਵਰਗੀਆਂ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕਤਾ ਪੈਦਾ ਕੀਤੀ ਜਾਵੇ ਅਤੇ ਦੱਬੇ-ਕੁਚਲੇ ਤੇ ਲੋੜਵੰਦ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਮਿਲ ਕੇ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇੱਕ ਬਿਹਤਰ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਹਰੇਕ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਇਸ ਦੌਰਾਨ ਕਲੱਬ ਦੇ ਮੈਂਬਰਾਂ ਵੱਲੋਂ “ਇਨਕਲਾਬ ਜ਼ਿੰਦਾਬਾਦ”, “ਭਾਰਤ ਮਾਤਾ ਦੀ ਜੈ” ਅਤੇ “ਭਗਤ ਸਿੰਘ ਤੇਰੀ ਸੋਚ ’ਤੇ, ਪਹਿਰਾ ਦਿਆਂਗੇ ਠੋਕ ਕੇ” ਦੇ ਨਾਅਰੇ ਲਗਾਏ ਗਏ। ਪ੍ਰੋਗਰਾਮ ਦੇ ਅੰਤ ਵਿੱਚ ਹਾਜ਼ਿਰ ਲੋਕਾਂ ਨੂੰ ਲੱਡੂ ਵੰਡੇ ਗਏ।

Author : Malout Live