ਜਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਹੁਣ ਤੱਕ 1,74,021 ਮੀਟ੍ਰਿਕ ਟਨ ਹੋਈ ਆਮਦ- ਡਿਪਟੀ ਕਮਿਸ਼ਨਰ
ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦੀ ਨਾਲੋ-ਨਾਲ ਖਰੀਦ ਕਰਨ ਅਤੇ ਫਸਲ ਦੀ ਲਿਫਟਿੰਗ ਤੇ ਫਸਲ ਦੀ ਅਦਾਇਗੀ ਨੂੰ ਸਮੇਂ ਸਿਰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਜਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਕੁੱਲ 1,74,021 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ 1,29,053 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦੀ ਨਾਲੋ-ਨਾਲ ਖਰੀਦ ਕਰਨ ਅਤੇ ਫਸਲ ਦੀ ਲਿਫਟਿੰਗ ਤੇ ਫਸਲ ਦੀ ਅਦਾਇਗੀ ਨੂੰ ਸਮੇਂ ਸਿਰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਕੁੱਲ 1,74,021 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ 1,29,053 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ ਕੁੱਲ 40,915 ਮੀਟ੍ਰਿਕ ਟਨ, ਮਾਰਕਫ਼ੈਡ ਵੱਲੋਂ ਕੁੱਲ 43,932 ਮੀਟ੍ਰਿਕ ਟਨ, ਪਨਸਪ ਵੱਲੋਂ ਕੁੱਲ 25,022 ਮੀਟ੍ਰਿਕ ਟਨ, ਵੇਅਰ ਹਾਊਸ ਵੱਲੋਂ ਕੁੱਲ 18,846 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਫ਼ਰਮ ਵੱਲੋਂ ਕੁੱਲ 338 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਹਨਾਂ ਦੀ ਫ਼ਸਲ ਸਮੇਂ-ਸਿਰ ਖਰੀਦੀ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਜਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਅਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।
Author : Malout Live