ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ 5 ਚੋਰੀਸ਼ੁਦਾ ਮੋਟਰਸਾਈਕਲਾਂ ਸਮੇਤ 2 ਦੋਸ਼ੀ ਕੀਤੇ ਕਾਬੂ

ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ ਜ਼ਿਲ੍ਹੇ ਵਿੱਚ ਅਪਰਾਧਿਕ ਗਤੀਵਿਧੀਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇੱਕ ਹੋਰ ਅਹਿਮ ਸਫਲਤਾ ਹਾਸਿਲ ਕਰਦਿਆਂ ਸੀ.ਆਈ.ਏ ਸਟਾਫ ਦੀ ਕਾਰਵਾਈ ਦੌਰਾਨ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਕੁੱਲ ਪੰਜ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਹਨ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ ਜ਼ਿਲ੍ਹੇ ਵਿੱਚ ਅਪਰਾਧਿਕ ਗਤੀਵਿਧੀਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇੱਕ ਹੋਰ ਅਹਿਮ ਸਫਲਤਾ ਹਾਸਿਲ ਕਰਦਿਆਂ ਸੀ.ਆਈ.ਏ ਸਟਾਫ ਦੀ ਕਾਰਵਾਈ ਦੌਰਾਨ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਕੁੱਲ ਪੰਜ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਹਨ। ਇਹ ਕਾਰਵਾਈ ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਕੀਤੀ ਗਈ। ਐੱਸ.ਪੀ (ਡੀ.) ਮਨਮੀਤ ਸਿੰਘ ਢਿੱਲੋਂ ਅਤੇ ਡੀ.ਐਸ.ਪੀ (ਡੀ.) ਰਸ਼ਪਾਲ ਸਿੰਘ ਨੇ ਦੱਸਿਆ ਕਿ ਇੰਸਪੈਕਟਰ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ ਸਟਾਫ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਥਾਣਾ ਸਦਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਦਰਜ ਮੁਕੱਦਮਾ ਨੰਬਰ 198 ਮਿਤੀ 24 ਜੁਲਾਈ 2026 ਅਧੀਨ ਧਾਰਾ 303(2) ਬੀ.ਐਨ.ਐੱਸ ਤਹਿਤ ਕਾਰਵਾਈ ਕਰਦਿਆਂ ਅਮਰਦੀਪ ਸਿੰਘ ਵਾਸੀ ਭੀਸੀਆਣਾ (ਬਠਿੰਡਾ) ਅਤੇ ਜਗਤਾਰ ਸਿੰਘ ਵਾਸੀ ਪਿੰਡ ਮੱਲਣ (ਸ਼੍ਰੀ ਮੁਕਤਸਰ ਸਾਹਿਬ) ਨੂੰ ਕਾਬੂ ਕੀਤਾ।

ਗ੍ਰਿਫ਼ਤਾਰੀ ਸਮੇਂ ਇੱਕ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਹੋਇਆ, ਜਦਕਿ ਪੁੱਛਗਿੱਛ ਦੌਰਾਨ ਦੋਸ਼ੀਆਂ ਦੀ ਨਿਸ਼ਾਨਦੇਹੀ 'ਤੇ ਹੋਰ ਚਾਰ ਮੋਟਰਸਾਈਕਲ ਵੀ ਬਰਾਮਦ ਕਰ ਲਏ ਗਏ। ਮੁੱਢਲੀ ਜਾਂਚ ਵਿੱਚ ਦੋਸ਼ੀਆਂ ਨੇ ਖੁਲਾਸਾ ਕੀਤਾ ਕਿ ਉਹ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਵਿੱਚੋਂ ਮੋਟਰਸਾਈਕਲ ਚੋਰੀ ਕਰਕੇ ਇਕੱਠੇ ਕਰਦੇ ਅਤੇ ਬਾਅਦ ਵਿੱਚ ਵੇਚ ਦਿੰਦੇ ਸਨ। ਪੁਲਿਸ ਨੇ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ।

Author : Malout Live