ਮਾਈਕਰੋ ਪਲਾਨਿੰਗ ਤਰੀਕੇ ਨਾਲ ਕੀਤਾ ਜਾਵੇ ਪਰਾਲੀ ਪ੍ਰਬੰਧਨ- ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਲਈ ਤਾਇਨਾਤ ਕੀਤੇ ਗਏ ਨੋਡਲ ਅਫਸਰਾਂ ਅਤੇ ਕਲਸਟਰ ਅਫਸਰਾਂ ਨੂੰ ਹਦਾਇਤ ਕੀਤੀ ਕਿ ਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਪਿੰਡਾਂ ਵਿੱਚ ਮਾਈਕਰੋ ਪਲਾਨਿੰਗ ਤਰੀਕੇ ਨਾਲ ਪਰਾਲੀ ਪ੍ਰਬੰਧਨ ਕੀਤਾ ਜਾਵੇ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਦਾ ਪ੍ਰਬੰਧਨ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸ਼੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ ਹੋਈ। ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਲਈ ਤਾਇਨਾਤ ਕੀਤੇ ਗਏ ਨੋਡਲ ਅਫਸਰਾਂ ਅਤੇ ਕਲਸਟਰ ਅਫਸਰਾਂ ਨੂੰ ਹਦਾਇਤ ਕੀਤੀ ਕਿ ਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਪਿੰਡਾਂ ਵਿੱਚ ਮਾਈਕਰੋ ਪਲਾਨਿੰਗ ਤਰੀਕੇ ਨਾਲ ਪਰਾਲੀ ਪ੍ਰਬੰਧਨ ਕੀਤਾ ਜਾਵੇ।
ਉਹਨਾਂ ਇਹ ਵੀ ਹਦਾਇਤ ਕੀਤੀ ਕਿ ਝੋਨੇ ਦੀ ਕਟਾਈ ਦਾ ਸੀਜ਼ਨ 15 ਅਕਤੂਬਰ ਤੋਂ ਸ਼ੁਰੂ ਹੋਣ ਦੀ ਉਮੀਦ ਹੈ, ਇਸ ਲਈ ਉਹ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ-ਪਹਿਲਾਂ ਸੰਬੰਧਿਤ ਥਾਣਾ ਇੰਚਾਰਜ ਨਾਲ ਤਾਲਮੇਲ ਕਰਦੇ ਹੋਏ ਆਪਣੇ ਅਧੀਨ ਆਉਂਦੇ ਪਿੰਡਾਂ ਵਿੱਚ ਦੌਰਾ ਕਰਨਾ ਸ਼ੁਰੂ ਕਰ ਦੇਣ ਅਤੇ ਪਰਾਲੀ ਪ੍ਰਬੰਧਨ ਸੰਬੰਧੀ ਸਾਰਥਿਕ ਯਤਨ ਸ਼ੁਰੂ ਕਰ ਦਿੱਤੇ ਜਾਣ ਅਤੇ ਜਿਲ੍ਹੇ ਦੇ ਜਿੰਨ੍ਹਾਂ 40 ਪਿੰਡਾਂ ਵਿੱਚ ਪਿਛਲੇ ਸਾਲਾਂ ਦੌਰਾਨ ਵੱਧ ਅੱਗ ਲੱਗਣ ਦੀਆਂ ਘਟਨਾਵਾਂ ਦਰਜ ਹੋਈਆਂ ਹਨ, ਉਨ੍ਹਾਂ ਪਿੰਡਾਂ ਵਿੱਚ ਕਲਸਟਰ ਇੰਚਾਰਜ ਅਫ਼ਸਰਾਂ ਦੇ ਨਾਲ ਤਹਿਸੀਲਦਾਰ, ਐੱਸ.ਐਚ.ਓ, ਪਟਵਾਰੀ, ਨੋਡਲ ਅਫ਼ਸਰ ਅਤੇ ਪਿੰਡਾਂ ਦੇ ਨੰਬਰਦਾਰ ਲਗਾਤਾਰ ਝੋਨੇ ਵਾਲੇ ਖੇਤਾਂ ਦਾ ਦੌਰਾ ਕਰਦੇ ਰਹਿਣ, ਇਸ ਤੋਂ ਇਲਾਵਾ ਸੰਬੰਧਿਤ ਪਿੰਡਾਂ ਦੇ ਉਪ ਮੰਡਲ ਮੈਜਿਸਟ੍ਰੇਟ ਵੀ ਆਪਣੇ ਪੱਧਰ ਤੇ ਦੌਰਾ ਕਰਨਾ ਯਕੀਨੀ ਬਨਾਉਣ। ਇਸ ਮੌਕੇ ਉਨ੍ਹਾਂ ਜਿਲ੍ਹਾ ਸਿੱਖਿਆ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਨੂੰ ਹਦਾਇਤ ਕੀਤੀ ਕਿ ਉਹ ਹਾਟ ਸਪਾਟ ਵਾਲੇ ਪਿੰਡਾਂ ਵਿੱਚ ਸਕੂਲੀ ਬੱਚਿਆਂ ਰਾਹੀਂ ਐਕਟੀਵਿਟੀ ਕਰਵਾਉਂਦੇ ਹੋਏ, ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਸੰਬੰਧੀ ਜਾਗਰੂਕ ਕਰਨ।
Author : Malout Live