ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਹੜ੍ਹ ਪ੍ਰਬੰਧਾਂ ਸੰਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਪੰਚਾਲ ਨੇ ਸੰਭਾਵੀ ਹੜ੍ਹਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਪੰਚਾਲ ਨੇ ਸੰਭਾਵੀ ਹੜ੍ਹਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਡਰੇਨ ਵਿਭਾਗ ਨੂੰ ਸਾਰੀਆਂ ਡਰੇਨਾਂ ਦੀ ਸਫਾਈ ਜਲਦ ਮੁਕੰਮਲ ਕਰਨ, ਸਿਹਤ ਵਿਭਾਗ ਨੂੰ ਐਮਰਜੈਂਸੀ ਟੀਮਾਂ ਗਠਿਤ ਕਰਕੇ ਲੋੜੀਂਦੀਆਂ ਦਵਾਈਆਂ ਦਾ ਸਟਾਕ ਯਕੀਨੀ ਬਣਾਉਣ ਅਤੇ ਜਲ ਸਪਲਾਈ ਵਿਭਾਗ ਨੂੰ ਪਾਣੀ ਦੀ ਕਲੋਰੀਨੇਸ਼ਨ ਅਤੇ ਨਿਯਮਿਤ ਸੈਂਪਲਿੰਗ ਕਰਨ ਦੇ ਨਿਰਦੇਸ਼ ਦਿੱਤੇ। ਬੀ.ਡੀ.ਪੀ.ਓਜ਼ ਨੂੰ ਪਿੰਡਾਂ ਦੇ ਛੱਪੜਾਂ ਦੀ ਸਫਾਈ ਅਤੇ ਪਾਣੀ ਦੀ ਨਿਕਾਸੀ ਲਈ ਲੱਗੀਆਂ ਮੋਟਰਾਂ ਚਾਲੂ ਹਾਲਤ ਵਿੱਚ ਰੱਖਣ ਲਈ ਕਿਹਾ ਗਿਆ, ਜਦਕਿ ਬਿਜਲੀ ਬੋਰਡ ਨੂੰ ਇਨ੍ਹਾਂ ਮੋਟਰਾਂ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ।
ਇਸ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਨੂੰ ਵੈਕਸੀਨਾਂ ਅਤੇ ਦਵਾਈਆਂ ਦਾ ਸਟਾਕ, ਲੋਕ ਨਿਰਮਾਣ ਵਿਭਾਗ ਨੂੰ ਸੜਕਾਂ ਦੀ ਮੁਰੰਮਤ ਅਤੇ ਸ਼ਹਿਰੀ ਖੇਤਰਾਂ ਵਿੱਚ ਪਾਣੀ ਦੀ ਨਿਕਾਸੀ ਅਤੇ ਫੌਗਿੰਗ ਦੇ ਪ੍ਰਬੰਧ ਮੁਕੰਮਲ ਰੱਖਣ ਲਈ ਕਿਹਾ ਗਿਆ। ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐੱਮਜ਼ ਨੂੰ ਤਹਿਸੀਲ ਪੱਧਰ 'ਤੇ ਫਲੱਡ ਪਲਾਨ ਲਾਗੂ ਕਰਨ, ਨਿਯਮਿਤ ਸਮੀਖਿਆ ਮੀਟਿੰਗਾਂ ਕਰਨ ਅਤੇ ਹੜ੍ਹਾਂ ਨਾਲ ਨਜਿੱਠਣ ਲਈ ਲੋੜੀਂਦੇ ਫੰਡ ਸਮੇਂ ਸਿਰ ਉਪਲੱਬਧ ਕਰਵਾਉਣ ਦੇ ਨਿਰਦੇਸ਼ ਵੀ ਜਾਰੀ ਕੀਤੇ।
Author : Malout Live



